ਮਾਨਸਾ, 10 ਜੁਲਾਈ 2019: ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਅੱਜ ਸਮੂਹ ਵਿਭਾਗਾਂ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਤੋਂ ਲਗਾਏ ਗਏ ਕੈਂਪਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ। ਇਸ 'ਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਨਵੰਬਰ ਤੋਂ ਜੂਨ 2019 ਤੱਕ 12 ਕੈਂਪ ਲਗਾਏ ਜਾ ਚੁੱਕੇ ਹਨ ਅਤੇ 2843 ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰੋਜ਼ਗਾਰ ਦਫ਼ਤਰ ਵਿਖੇ ਰਜਿਸਟ੍ਰੇਸ਼ਨ ਕਰਵਾਉਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਰਿਆਤ ਨੇ ਸੇਵਾ ਕੇਂਦਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਆਫ਼ਲਾਈਨ ਅਤੇ ਆਨਲਾਈਨ ਸੇਵਾਵਾਂ ਨੂੰ ਸਮੇਂ ਸੀਮਾਂ ਦੇ ਅੰਦਰ ਲੋਕਾਂ ਨੂੰ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਬਿਲਕੁੱਲ ਵੀ ਦੇਰੀ ਨਾ ਕੀਤੀ ਜਾਵੇ। ਮੀਟਿੰਗ ਦੌਰਾਨ ਕਰਜਾ ਰਾਹਤ ਸਕੀਮ ਅਤੇ ਆਟਾ-ਦਾਲ ਦੀ ਸਕੀਮ ਦੇ ਲਾਭਪਾਤਰੀਆਂ ਦੀ ਪੜਤਾਲ ਦਾ ਵੀ ਸਬੰਧਤ ਅਧਿਕਾਰੀਆਂ ਤੋਂ ਜਾਇਜ਼ਾ ਲਿਆ।
ਸਿਹਤ ਵਿਭਾਗ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਸਮੇਂ-ਸਮੇਂ 'ਤੇ ਕੈਂਪ ਜਾਂ ਸੈਮੀਨਾਰ ਲਗਾਏ ਜਾਣ ਅਤੇ ਇਸ ਸਬੰਧੀ ਇੱਕ ਕੈਲੰਡਰ ਵੀ ਤਿਆਰ ਕੀਤਾ ਜਾਵੇ, ਜਿਸ ਤੋਂ ਪਤਾ ਲੱਗ ਸਕੇ ਕਿ ਕਿਸ ਦਿਨ ਸਿਹਤ ਵਿਭਾਗ ਦੀ ਟੀਮ ਨੇ ਕਿਸ ਮਿਤੀ ਨੂੰ ਕਿਸ ਪਿੰਡ ਵਿੱਚ ਕੈਂਪ ਲਗਾਉਣਾ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਓਟ ਕੇਂਦਰਾਂ, ਬੱਡੀ ਪ੍ਰੋਗਰਾਮ ਅਤੇ ਡੈਪੋ ਪ੍ਰੋਗਰਾਮਾਂ ਸਬੰਧੀ ਵੀ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਐਸ.ਡੀ.ਐਮ. ਮਾਨਸਾ ਸ਼੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ, ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਸ਼ਿਸ਼ਟ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸੁਭਾਸ਼ ਚੰਦਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਅਵਿਨਾਸ਼ ਕੌਰ, ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।