ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 11 ਜੁਲਾਈ 2019 - ਸਰਬੱਤ ਖ਼ਾਲਸਾ ਵਲੋਂ ਨਿਯੁਕਤ ਕੀਤੇ ਸ੍ਰੀ ਅਕਾਲ ਤਖ਼ਤ ਦੇ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਅਗਵਾਈ ਹੇਠ ਕਾਰਜਸ਼ੀਲ 21 ਮੈਂਬਰੀ ਕਮੇਟੀ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਜੇਲ੍ਹਾਂ 'ਚੋਂ ਰਿਹਾਈ ਦੀ ਮੰਗ ਨੂੰ ਲੈ ਕੇ 24 ਅਗਸਤ ਨੂੰ ਫ਼ਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਗਵਰਨਰ ਹਾਊਸ ਚੰਡੀਗੜ੍ਹ ਤੱਕ 'ਖ਼ਾਲਸਾਈ ਮਾਰਚ' ਕੱਢਣ ਦਾ ਐਲਾਨ ਕੀਤਾ ਹੈ।
ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਗੱਲਬਾਤ ਕਰਦਿਆਂ ਕਮੇਟੀ ਦੇ ਮੁੱਖ ਬੁਲਾਰੇ ਪ੍ਰੋ: ਬਲਜਿੰਦਰ ਸਿੰਘ ਨੇ ਕਿਹਾ ਕਿ ਇਸ ਖ਼ਾਲਸਾਈ ਮਾਰਚ 'ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸੰਗਤ ਸਕੂਟਰਾਂ, ਮੋਟਰਸਾਈਕਲਾਂ, ਕਾਰਾਂ, ਟਰੈਕਟਰ ਟਰਾਲੀਆਂ, ਬੱਸਾਂ ਆਦਿ ਰਾਹੀਂ ਸ਼ਮੂਲੀਅਤ ਕਰੇਗੀ। ਉਨ•ਾਂ ਦੋਸ਼ ਲਾਇਆ ਕਿ ਕੇਂਦਰ ਤੇ ਰਾਜ ਸਰਕਾਰਾਂ ਵਲੋਂ ਘੱਟ ਗਿਣਤੀਆਂ ਵਿਸ਼ੇਸ਼ ਤੌਰ 'ਤੇ ਸਿੱਖਾਂ ਨਾਲ ਵਿਤਕਰੇ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਦੇਸ਼ 'ਚ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਭਾਰਤੀ ਰਾਜਨੀਤਕ ਤੰਤਰ ਹੇਠ ਕੰਮ ਕਰ ਰਹੇ ਪੁਲਿਸ ਪ੍ਰਸ਼ਾਸਨ ਤੇ ਨਿਆਂਪਾਲਿਕਾ ਦਾ ਰਵੱਈਆ ਪਿਛਲੇ ਲੰਮੇ ਸਮੇਂ ਤੋਂ ਸਿੱਖਾਂ ਪ੍ਰਤੀ ਬੇਗਾਨਿਆਾ ਵਾਲਾ ਹੋ ਚੁੱਕਾ ਹੈ। ਇਸ ਮੌਕੇ ਭਾਈ ਸਤਨਾਮ ਸਿੰਘ ਝੰਜੀਆ, ਮਾਸਟਰ ਬਲਦੇਵ ਸਿੰਘ ਤਰਨ ਤਾਰਨ, ਭਾਈ ਹਰਪਾਲ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ, ਸੁਰਿੰਦਰਪਾਲ ਸਿੰਘ ਤਾਲਬਪੁਰਾ ਸਮੇਤ ਹੋਰ ਆਗੂ ਹਾਜ਼ਰ ਸਨ।