ਅੰਮ੍ਰਿਤਸਰ, 15 ਜੁਲਾਈ 2019 (ਮਨਪ੍ਰੀਤ ਸਿੰਘ ਜੱਸੀ)-ਸਿੱਖ ਜਥੇਬੰਦੀ ਦਲ ਖ਼ਾਲਸਾ ਦੀ ਸੁਪਰੀਮ ਕੋਰਟ ਵਲੋਂ ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਸਬੰਧੀ ਦਿੱਤੇ ਗਏ ਹੁਕਮ ਦਾ ਜਾਇਜ਼ਾ ਲੈਣ, ਅਗਸਤ 'ਚ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਉਸਾਰੂ ਬਦਲਾਅ ਲਿਆਉਣ ਤੇ ਨਵੰਬਰ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਵਿਚਾਰਾਂ ਕਰਨ ਲਈ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਜਥੇਬੰਦੀ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਦੀ ਅਗਵਾਈ 'ਚ ਹੋਈ। ਇਕੱਤਰਤਾ ਉਪਰੰਤ ਜਥੇਬੰਦੀ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਨੇ ਦੱਸਿਆ ਕਿ ਅੰਤਿੰ੍ਰਗ ਕਮੇਟੀ ਇਕੱਤਰਤਾ 'ਚ ਫ਼ੈਸਲਾ ਲਿਆ ਗਿਆ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਜਥੇਬੰਦੀ ਕਿਸੇ ਵੀ ਅਜਿਹੇ ਸਮਾਗਮ ਦਾ ਹਿੱਸਾ ਨਹੀਂ ਬਣੇਗੀ ਜੋ ਕੇਂਦਰ ਤੇ ਸੂਬਾ ਸਰਕਾਰ ਦੀ ਸਰਪ੍ਰਸਤੀ ਹੇਠ ਕਰਵਾਏ ਜਾਣਗੇ ਤੇ ਜਿਸ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਕਰਨਗੇ। ਉਨ•ਾਂ ਕਿਹਾ ਕਿ ਜਥੇਬੰਦੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਅਤੇ ਸਿੱਖਿਆ ਦੇ ਵੱਖ-ਵੱਖ ਪਹਿਲੂਆਂ ਨੂੰ ਉਜਾਗਰ ਕਰਨ ਲਈ ਜਲਦ ਕਾਨਫ਼ਰੰਸ ਕਰਵਾਈ ਜਾਵੇਗੀ। ਉਨ•ਾਂ ਦੱਸਿਆ ਕਿ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਨਿਕਲਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ। ਇਸ ਮੌਕੇ ਗ਼ੈਰ-ਰਾਏਪੇਰੀਅਨ ਸੂਬਿਆਂ ਵਲੋਂ ਪੰਜਾਬ ਦੇ ਦਰਿਆਈ ਪਾਣੀਆਂ ਦੀ ਕੀਤੀ ਜਾ ਰਹੀ ਲੁੱਟ ਬਾਰੇ ਚਿੰਤਾ ਜ਼ਾਹਰ ਕਰਦਿਆਂ ਅੰਤ੍ਰਿੰਗ ਕਮੇਟੀ ਮੈਂਬਰਾਂ ਨੇ ਕਿਹਾ ਕਿ ਪੰਜਾਬ ਕੋਲ ਪਾਣੀ ਦੀ ਇਕ ਵੀ ਬੂੰਦ ਫ਼ਾਲਤੂ ਨਹੀਂ ਹੈ। ਉਨ•ਾਂ ਕਿਹਾ ਕਿ ਸਤਲੁਜ-ਯਮੁਨਾ ਲਿੰਕ ਨਹਿਰ ਹੁਣ ਇਤਿਹਾਸ ਬਣ ਚੁੱਕੀ ਹੈ ਤੇ ਇਸ ਦੇ ਮੁੜ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਇਕੱਤਰਤਾ 'ਚ ਪ੍ਰਧਾਨ ਹਰਪਾਲ ਸਿੰਘ ਚੀਮਾ, ਸਾਬਕਾ ਪ੍ਰਧਾਨ ਸਤਨਾਮ ਸਿੰਘ ਪਾਉਂਟਾ ਸਾਹਿਬ, ਸਕੱਤਰ ਜਨਰਲ ਕੰਵਰਪਾਲ ਸਿੰਘ, ਕੋਆਰਡੀਨੇਟਰ ਜਸਬੀਰ ਸਿੰਘ ਖ਼ਡੂਰ, ਉਪ-ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ, ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ, ਅਮਰੀਕ ਸਿੰਘ ਈਸੜੂ, ਸਕੱਤਰ ਰਣਵੀਰ ਸਿੰਘ ਤੇ ਸਿੱਖ ਯੂਥ ਆਫ਼ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਸ਼ਾਮਿਲ ਸਨ।