ਆਜ਼ਾਦੀ ਦਿਹਾੜੇ ਨੂੰ ਲੈ ਕੇ ਅਧਿਕਾਰੀਆਂ ਦੀ ਬੈਠਕ ਲੈਂਦੇ ਹੋਏ ਸਰਦਾਰ ਮਨਪ੍ਰੀਤ ਸਿੰਘ ਛੱਤਵਾਲ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ । ਤਸਵੀਰ : ਜਗਦੀਸ਼ ਥਿੰਦ
ਜਗਦੀਸ਼ ਥਿੰਦ
ਫ਼ਾਜ਼ਿਲਕਾ, 22 ਜੁਲਾਈ
ਜ਼ਿਲ੍ਹਾ ਪੱਧਰੀ ਸੁਤੰਤਰਤਾ ਸਮਾਰੋਹ ਦੇ ਅਗਾਊਂ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਦੌਰਾਨ ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲਾ ਜ਼ਿਲ੍ਹਾ ਪੱਧਰੀ ਸਮਾਰੋਹ ਪੂਰੇ ਉਤਸ਼ਾਹ, ਸ਼ਾਨੋ-ਸ਼ੋਕਤ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਆਜ਼ਾਦੀ ਦਿਹਾੜੇ ਦਾ ਇਹ ਜ਼ਿਲ੍ਹਾ ਪੱਧਰੀ ਸਮਾਰੋਹ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਵੱਲੋਂ ਅਗਾਉਂ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਮੀਟਿੰਗ ਦੌਰਾਨ ਉਨ੍ਹਾਂ ਆਜ਼ਾਦੀ ਦਿਹਾੜੇ ਤੇ ਆਸਫ ਵਾਲਾ ਵਿਖੇ ਸਥਿਤ ਸ਼ਹੀਦਾਂ ਦੀ ਸਮਾਧ ਦੀ ਸਾਫ-ਸਫਾਈ ਤੇ ਸਜਾਵਟ ਤੋਂ ਇਲਾਵਾ ਸਟੇਡੀਅਮ ਦੀ ਸਾਫ-ਸਫਾਈ, ਸ਼ਹਿਰਾਂ ਦੇ ਮੁੱਖ ਚੌਂਕਾਂ ਦੀ ਸਜਾਵਟ ਕਰਨ ਸਬੰਧੀ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਜ਼ਿਲ੍ਹਾ ਪੱਧਰੀ ਸਮਾਰੋਹ ਵਿਖੇ ਪੀਣ ਵਾਲੇ ਪਾਣੀ, ਬੈਰੀਗੇਡ, ਪਾਰਕਿੰਗ, ਝੰਡੇ, ਸਵਾਗਤੀ ਗੇਟਾਂ ਆਦਿ ਦੇ ਸੁਚੱਜੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਤ ਝਾਂਕੀਆਂ ਪੇਸ਼ ਕਰਨ ਲਈ ਵੀ ਕਿਹਾ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਤਿਆਰੀਆਂ ਵਿਚ ਕੋਈ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਆਪੋ-ਆਪਣੇ ਨਿਰਧਾਰਿਤ ਕੰਮ ਸਮੇਂ ਸਿਰ ਪੂਰੇ ਕਰ ਲੈਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਅਹਿਮ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਲਈ ਉਹ ਸਟਾਫ਼ ਸਮੇਤ ਹਾਜ਼ਰੀ ਨੂੰ ਯਕੀਨੀ ਬਣਾਉਣ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਨਾਏ ਜਾ ਰਹੇ ਸੁਤੰਤਰਤਾ ਦਿਵਸ ਲਈ ਸਮੂਹ ਅਧਿਕਾਰੀ ਅਤੇ ਕਰਮਚਾਰੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ। ਪ੍ਰਬੰਧਾਂ ਸਬੰਧੀ ਲਗਾਈ ਗਈ ਡਿਉਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸੁਤੰਤਰਤਾ ਦਿਵਸ ਸਮਾਰੋਹ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਹਦਾਇਤ ਕੀਤੀ ਕਿ ਸਮਾਰੋਹ ਦੌਰਾਨ ਸਕੂਲੀ ਵਿਦਿਆਰਥੀ ਵੱਲੋਂ ਸੱਭਿਆਚਾਰਕ ਵੰਨਗੀਆਂ ਨੂੰ ਦਰਸ਼ਾਉਂਦੇ ਹੋਏ ਗੀਤ ਅਤੇ ਦੇਸ਼-ਭਗਤੀ ਦੇ ਪ੍ਰੋਗਰਾਮ ਤਿਆਰ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਸ ਮੌਕੇ 'ਤੇ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।
ਇਸ ਮੌਕੇ ਐਸ.ਪੀ.ਐਚ. ਸ੍ਰੀ ਕੁਲਦੀਪ ਸ਼ਰਮਾ, ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਸੁਭਾਸ਼ ਖੱਟਕ, ਐਸ.ਡੀ.ਐਮ. ਜਲਾਲਾਬਾਦ ਸ੍ਰੀ ਕੇਸ਼ਵ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਕੁਲਵੰਤ ਸਿੰਘ, ਸਿਵਲ ਸਰਜਨ ਡਾ. ਰਾਜ ਕੁਮਾਰ, ਤਹਿਸੀਲ ਭਲਾਈ ਅਫਸਰ ਸ੍ਰੀ ਅਸ਼ੋਕ ਕੁਮਾਰ, ਜ਼ਿਲ੍ਹਾ ਸਿੱਖਿਆ ਕੋਆਰਡੀਨੇਟਰ ਸ. ਪੰਮੀ ਸਿੰਘ ਆਦਿ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।