ਚੰਡੀਗੜ੍ਹ, 13 ਅਗਸਤ 2019 - ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਗਾਇਕਾਂ ਅਤੇ ਫਿਲਮੀ ਕਲਾਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਫਿਲਮਾਂ ਅਤੇ ਗੀਤਾਂ ਰਾਹੀਂ ਨਸ਼ਿਆਂ ਨੂੰ ਸਮਾਜ 'ਚ ਪ੍ਰਮੋਟ ਨਾ ਕਰਨ। ਇਸ ਸਬੰਧੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਲਾਕਾਰਾਂ 'ਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਖਿਲਾਫ਼ ਜਲਦ ਹੀ ਇੱਕ ਸਖਤ ਕਾਨੂੰਨ ਲੈ ਕੇ ਆ ਰਹੀ ਹੈ। ਇਸ ਸਬੰਧੀ ਪੰਜਾਬੀ ਗਾਇਕ ਪੰਮੀ ਬਾਈ ਅੱਜ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਪਹੁੰਚੇ ਅਤੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ।
ਇਸ ਮੌਕੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਇਨ੍ਹਾਂ ਕਲਾਕਾਰਾਂ ਨੂੰ ਆਪਣਾ ਰੋਲ ਮਾਡਲ ਮੰਨਦੀ ਹੈ, ਜੋ ਕਿ ਕਲਾਕਾਰਾਂ ਨੂੰ ਨਸ਼ਾ ਕਰਦਾ ਦੇਖ ਜਲਦ ਹੀ ਉਤਸ਼ਾਹਿਤ ਹੋ ਜਾਂਦੇ ਹਨ, ਅਤੇ ਨਸ਼ੇ ਦੀ ਦਲਦਲ 'ਚ ਫਸ ਜਾਂਦੇ ਹਨ। ਇਸ 'ਤੇ ਚੰਨੀ ਨੇ ਕਿਹਾ ਕਿ ਪੰਜਾਬੀ ਕਲਾਕਾਰਾਂ ਦਾ ਫਰਜ਼ ਬਣਦਾ ਹੈ ਕਿ ਉਹ ਪੰਜਾਬੀ ਸੱਭਿਆਚਾਰ ਦੀ ਅਸਲ ਵਧੀਆ ਤਸਵੀਰ ਨਾਂ ਕਿ ਨਸ਼ਿਆ ਨੂੰ ਪ੍ਰਮੋਟ ਕਰਕੇ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਘਾਣ ਕਰਨ। ਜੇ ਕਲਾਕਾਰ ਫਿਲਮਾਂ ਅਤੇ ਗੀਤਾਂ ਰਾਹੀਂ ਪੰਜਾਬ ਦੀ ਚੰਗੀ ਤਸਵੀਰ ਪੇਸ਼ ਕਰਨਗੇ ਇਸ ਨਾਲ ਸੈਰ ਸਪਾਟਾ ਵੀ ਉਤਸ਼ਾਹਤ ਹੋਵੇਗਾ।
ਇਸ 'ਤੇ ਪੰਜਾਬੀ ਗਾਇਕ ਪੰਮੀ ਬਾਈ ਨੇ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਪੰਜਾਬੀ ਗੀਤਾਂ ਅਤੇ ਫਿਲਮਾਂ ਰਾਹੀਂ ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲਿਆਂ ਖਿਲਾਫ ਸਖਤ ਕਦਮ ਚੁੱਕਣ ਦੀ ਲੋੜ ਹੈ ਅਤੇ ਉਹ ਪੰਜਾਬ ਸਰਕਾਰ ਨੂੰ ਇਸ ਮਾਮਲੇ 'ਚ ਪੂਰਾ ਸਹਿਯੋਗ ਕਰਨਗੇ।