ਮੁੱਖ ਮੰਤਰੀ ਮੁਲਾਜ਼ਮਾਂ ਪ੍ਰਤੀ ਸੰਜੀਦਾ ਹਨ ਤਾਂ 28 ਅਗਸਤ ਦੀ ਮੀਟਿੰਗ ਵਿਚ ਹੱਲ ਕੀਤਾ ਜਾਵੇ: ਰਾਮ ਪ੍ਰਸਾਦਿ, ਰਜਿੰਦਰ ਸੰਧਾ
ਫਿਰੋਜ਼ਪੁਰ 16 ਅਗਸਤ 2019: ਅੱਜ ਮਿਤੀ 16 ਅਗਸਤ ਨੂੰ ਦਿ ਕਲਾਸ ਫੋਰ ਗੌਰਮਿੰਟ ਇੰਮਪਲਾਈਜ਼ ਯੂਨੀਅਨ ਅਤੇ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਵਫਦ ਵੱਲੋਂ ਪ੍ਰਧਾਨ ਰਾਮ ਪ੍ਰਸਾਦਿ ਅਤੇ ਜਰਨਲ ਸਕੱਤਰ ਪ੍ਰਵੀਨ ਕਮੁਾਰ ਦੀ ਅਗਵਾਈ ਵਿਚ ਵਧੀਕ ਡਿਪਟੀ ਕਮਿਸ਼ਨਰ ਰਵਿੰਦਰਪਾਲ ਸਿੰਘ ਨੂੰ ਮਿਲ ਕੇ ਮੁਲਾਮ ਮੰਗਾਂ ਦੇ ਸਬੰਧ ਵਿਚ ਮੰਗ ਪੱਤਰ ਦਿੱਤਾ।ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਆਗੂ ਰਜਿੰਦਰ ਸਿੰਘ ਸੰਧਾ,ਰਾਜ ਕੁਮਾਰ, ਸੁਰਿੰਦਰ ਕੁਮਾਰ ਸ਼ਰਮਾਂ, ਅਜੀਤ ਗਿੱਲ, ਵਿਲਸਨ, ਗੁਰਦਾਸ ਮੱਲ, ਨੇ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਸਮੇਂ ਸਮੇਂ ਤੇ ਮੁਲਾਜ਼ਮਾਂ ਨਾਲ ਮੰਗਾਂ ਮੰਨਣ ਦੇ ਵਾਅਦੇ ਕੀਤੇ ਜਾ ਰਹੇ ਹਨ ਪਰ ਹਰ ਵਾਰ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਮੁਲਾਜ਼ਮ ਮੰਗਾਂ ਦਾ ਹੱਲ ਕਰਨ ਲਈ ਮੁੱਖ ਮੰਤਰੀ ਵੱਲੋਂ ਤਕਰੀਬਨ ਇਕ ਸਾਲ ਪਹਿਲਾਂ ਕੈਬਿਨਟ ਸਬ ਕਮੇਟੀ ਦਾ ਗਠਨ ਕੀਤਾ ਸੀ ਪਰ ਇਕ ਸਾਲ ਦੋਰਾਨ ਕੈਬਿਨਟ ਸਬ ਕਮੇਟੀ ਵੱਲੋਂ ਨਾ ਤਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਅਤੇ ਨਾ ਹੀ ਬਾਕੀ ਮੁਲਾਜ਼ਮ ਮੰਗਾਂ ਦਾ ਕੋਈ ਹੱਲ ਕੀਤਾ ਉਲਟਾ ਮੁਲਾਜ਼ਮਾਂ ਦੇ ਡਾਟੇ ਇਕੱਠੇ ਕਰਨ ਦੀ ਖੇਡ ਰਚ ਕੇ ਸਮਾਂ ਟਪਾਇਆ। ਮੁਲਾਜ਼ਮਾਂ ਵੱਲੋਂ ਮੰਗਾਂ ਦਾ ਹੱਲ ਨਾ ਹੁੰਦਾ ਦੇਖ ਮੁਲਾਜ਼ਮਾਂ ਦੇ ਪ੍ਰਮੁੱਖ ਆਗੂ ਸੱਜਨ ਸਿੰਘ ਵੱਲੋਂ ਚੰਡੀਗੜ ਵਿਚ ਮਰਨ ਵਰਤ ਸ਼ੁਰੂ ਕੀਤਾ ਸੀ ਜਿਸ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ 30 ਅਪ੍ਰੈਲ ਤੇ 5 ਮਈ ਨੂੰ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਇਹ ਕਿਹਾ ਸੀ ਕਿ ਹੁਣ ਤੁਹਾਡੇ ਨਾਲ ਮੇਰਾ ਨਿੱਜੀ ਵਾਅਦਾ ਹੈ ਅਤੇ 101% ਤੁਹਾਡੀਆ ਮੰਗਾਂ ਚੋਣ ਜ਼ਾਬਤੇ ਤੋਂ ਤੁਰੰਤ ਬਾਅਦ ਹੱਲ ਕਰ ਦਿੱਤੀਆ ਜਾਣਗੀਆ ਅਤੇ ਲਿਖਤੀ ਭਰੋਸਾ ਦਿੱਤਾ ਸੀ ਕਿ 27 ਮਈ ਨੂੰ ਕੈਬਿਨਟ ਸਬ ਕਮੇਟੀ ਮੁਲਾਜ਼ਮਾਂ ਨਾਲ ਮੀਟਿੰਗ ਕਰੇਗੀ।ਇਸ ਸਬੰਧੀ ਮੁੱਖ ਮੰਤਰੀ ਦੇ ਹੁਕਮਾਂ ਦਾ ਬਕਾਇਦਾ ਪੱਤਰ ਸੂਬੇ ਦੇ ਮੁੱਖ ਸਕੱਤਰ ਵੱਲੋਂ ਕੈਬਿਨਟ ਸਬ ਕਮੇਟੀ ਨੂੰ ਜ਼ਾਰੀ ਕੀਤਾ ਗਿਆ ਸੀ ਪਰ ਤਕਰੀਬਨ ਤਿੰਨ ਮਹੀਨੇ ਤੋਂ ਜ਼ਿਆਦਾ ਸਮਾਂ ਬੀਤਣ ਦੇ ਬਾਵਜੂਦ ਨਾ ਤਾਂ ਕੈਬਿਨਟ ਸਬ ਕਮੇਟੀ ਨੇ ਮੁਲਾਜ਼ਮਾਂ ਦੀ ਸਾਰ ਲਈ ਅਤੇ ਨਾ ਹੀ ਮੁੱਖ ਮੰਤਰੀ ਵੱਲੋਂ ਦੁਬਾਰਾ ਮੁਲਾਜ਼ਮਾਂ ਦਾ ਦੁੱਖ ਸੁਣਿਆ ਗਿਆ ਜਿਸ ਦੇ ਰੋਸ ਵਿਚ ਆਏ ਮੁਲਾਜ਼ਮਾਂ ਵੱਲੋਂ 14 ਅਗਸਤ ਨੂੰ ਅਜ਼ਾਦੀ ਦਿਹਾੜੇ ਤੋਂ ਪਹਿਲਾਂ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ ਦਾ ਐਲਾਨ ਕਰ ਦਿੱਤਾ ਸੀ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੜ 13 ਅਗਸਤ ਨੂੰ ਮੁਲਾਜ਼ਮਾਂ ਨੂੰ ਸਘੰਰਸ਼ ਤਿਆਗਣ ਦੀ ਅਪੀਲ ਕੀਤੀ ਅਤੇ ਬਿਆਨ ਜ਼ਾਰੀ ਕੀਤਾ ਕਿ ਕਾਂਗਰਸ ਸਰਕਾਰ ਮੁਲਾਜ਼ਮਾਂ ਪ੍ਰਤੀ ਸੰਜੀਦਾ ਹੈ ਅਤੇ ਜਲਦ ਹੀ ਮੰਗਾਂ ਮੰਨ ਲਈਆ ਜਾਣਗੀਆ ਅਤੇ ਮੁਲਾਜ਼ਮਾਂ ਵੱਲੋਂ 14 ਅਗਸਤ ਨੂੰ ਪਟਿਆਲਾ ਵਿਖੇ ਭਰਵੀਂ ਰੈਲੀ ਕੀਤੀ ਗਈ ਜਿਸ ਦੋਰਾਨ ਮੁੱਖ ਮੰਤਰੀ ਦੇ ਓ.ਐਸ.ਡੀ ਰਾਜੇਸ਼ ਸ਼ਰਮਾਂ ਵੱਲੋਂ ਰੈਲੀ ਵਿਚ ਆ ਕੇ ਮੰਗ ਪੱਤਰ ਲਿਆ ਅਤੇ ਕਿਹਾ ਕਿ ਕੈਬਿਨਟ ਸਬ ਕਮੇਟੀ 28 ਅਗਸਤ ਨੂੰ ਮੁਲਾਜ਼ਮਾਂ ਨਾਲ ਮੀਟਿੰਗ ਕਰੇਗੀ। ਆਗੂਆ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸੱਚ ਵਿਚ ਹੀ ਮੁਲਾਜ਼ਮਾਂ ਪ੍ਰਤੀ ਸੰਜੀਦਾ ਹਨ ਤਾਂ 28 ਅਗਸਤ ਨੂੰ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਤੇ ਮੰਗਾਂ ਦਾ ਨਿਪਟਾਰਾ ਕਰਨ।
ਮੁਲਾਜ਼ਮ ਆਗੂਆ ਨੇ ਕਿਹਾ ਕਿ ਲੰਬੇ ਸਮੇਂ ਤੋਂ ਲਟਕ ਰਹੀਆ ਮੁਲਾਜ਼ਮ ਮੰਗਾਂ ਜਿਵੇਂ ਕਿ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਬਣਾਇਆ ਐਕਟ ਲਾਗੂ ਕਰਕੇ ਇੰਨਾ ਕਰਮਚਾਰੀਆ ਨੂੰ ਰੈਗੂਲਰ ਕਰਨਾ ਤੇ ਆਉਟਸੋਰਸ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਲੈਣਾ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਜ਼ਾਰੀ ਕਰਕੇ ਮੁਲਾਜ਼ਮਾਂ ਦੇ ਸਕੇਲ ਸੋਧਣੇ, ਅਤੇ ਰਿਪੋਰਟ ਆਉਣ ਵਿਚ ਹੋ ਰਹੀ ਦੇਰੀ ਦੀ ਭਰਪਾਈ ਕਰਨ ਲਈ 125% ਮਹਿੰਗਾਈ ਭੱਤਾ ਬੇਸਿਕ ਤਨਖਾਹ ਵਿਚ ਮਰਜ਼ ਕਰਨਾ, ਅੰਤਰਿਮ ਸਹਾਇਤਾ ਦੇਣਾ, ਡੀ.ਏ ਦੀਆ ਕਿਸ਼ਤਾ ਜ਼ਾਰੀ ਕਰਨਾ, ਅਤੇ ਡੀ.ਏ ਦੇ ਰਹਿੰਦੇ ਬਕਾਏ ਅਦਾ ਕਰਨਾ, ਆਗਣਵਾੜੀ, ਆਸ਼ਾਂ ਵਰਕਰ ਅਤੇ ਮਿਡ ਡੇ ਮੀਲ ਵਰਕਰਾਂ ਨੂੰ ਘੱਟੋ ਘੱਟ ਉਜ਼ਰਤ ਕਾਨੂੰਨ ਦੇ ਦਾਇਰੇ ਵਿਚ ਲੈ ਕੇ ਆਉਣਾ, ਮਾਨਯੋਗ ਸੁਪਰੀਮ ਕੋਰਟ ਦਾ ਬਰਾਬਰ ਕੰਮ ਲਈ ਬਰਾਬਰ ਤਨਖਾਹ ਦਾ ਫੈਸਲਾ ਲਾਗੂ ਕਰਨਾ, ਸਾਲ 2004 ਤੋਂ ਲਾਗੂ ਕੀਤੀ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ 2004 ਤੋਂ ਪਹਿਲਾਂ ਭਰਤੀ ਮੁਲਾਜ਼ਮਾਂ ਨੂੰ ਮਿਲ ਰਹੀਆ ਪੈਨਸ਼ਨਾਂ ਤੇ ਪੰਜਾਬ ਸਰਕਾਰ ਵੱਲੋਂ ਰੋਕ ਲਾਉਣਾ, ਵੱਖ ਵੱਖ ਵਿਭਾਗਾਂ ਵਿਚ ਖਾਲੀ ਪਈਆ ਅਸਾਮੀਆ ਦੀ ਪੱਕੀ ਭਰਤੀ ਕਰਨਾ, ਟਰਾਸਪੋਰਟ ਮਾਫੀਆ ਵਿਰੁੱਧ ਅਦਾਲਤੀ ਫੈਸਲੇ ਅਨੁਸਾਰ ਅਮਲ ਕਰਨਾ, ਬਿਜਲੀ ਬੋਰਡ ਦੇ ਬੰਦ ਕੀਤੇ ਥਰਮਲ ਪਲਾਟਾਂ ਦੇ ਯੂਨਿਟ ਚਾਲੂ ਕਰਵਾਉਣ ਅਤੇ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਖਤਮ ਕਰਨਾ ਆਦਿ ਨੂੰ ਮੰਨਣ ਤੋਂ ਪੰਜਾਬ ਸਰਕਾਰ ਪਿਛਲੇ ਢਾਈ ਸਾਲਾਂ ਤੋਂ ਆਨਾ ਕਾਨੀ ਕਰਦੀ ਆ ਰਹੀ ਹੈ।
ਆਗੂਆ ਨੇ ਸਪੱਸ਼ਟ ਚੇਤਾਵਨੀ ਦਿੱਤੀ ਕਿ ਜੇਕਰ 28 ਅਗਸਤ ਦੀ ਮੀਟਿੰਗ ਤੋਂ ਵੀ ਸਰਕਾਰ ਨੇ ਟਾਲਾ ਵੱਟਣ ਦੀ ਕੋਸ਼ਿਸ਼ ਕੀਤੀ ਤਾਂ ਮੁਲਾਜ਼ਮ ਆਉਣ ਵਾਲੀਆ ਜ਼ਿਮਨੀ ਚੋਣਾ ਵਿਚ ਸਰਕਾਰ ਵਿਰੁੱਧ ਪਿੰਡ ਪਿੰਡ ਤੱਕ ਪ੍ਰਚਾਰ ਕਰਨਗੇ।ਇਸ ਮੋਕੇ ਰਾਮਦਾਸ, ਅਨੂਪ ਸਿੰਘ,ਭਗਵੰਤ ਸਿੰਘ, ਓਮ ਪ੍ਰਕਾਸ਼,ਪਿੱਪਲ ਸਿੰਘ, ਰਾਜਪਾਲ,ਰਾਮ ਦਿਆਲ,ਗੋਲਡੀ,ਮੋਹਨ ਲਾਲ, ਹਰੀ ਰਾਮ,ਬੂਟਾ ਸਿੰਘ,ਸੋਨੂੰ,ਰਾਕੇਸ਼ ਕੁਮਾਰ ਆਦਿ ਮੋਜੂਦ ਸਨ।