ਰਾਜ ਦੇ ਕਿਸਾਨਾਂ ਨੂੰ 28000 ਤੋਂ ਵੱਧ ਖੇਤੀ ਮਸ਼ੀਨਾਂ ਮੁਹੱਈਆ ਕਰਵਾਏਗੀ ਸਰਕਾਰ
ਪਹਿਲੇ ਪੜਾਅ ਵਿੱਚ 278 ਕਰੋੜ ਰੁਪਏ ਦੀ ਸਬਸਿਡੀ ਨਾਲ ਮਿਲਣਗੀਆਂ ਮਸ਼ੀਨਾਂ
15 ਸਤੰਬਰ ਤੱਕ ਮਸ਼ੀਨਰੀ ਕਿਸਾਨਾਂ ਤੱਕ ਪਹੰੁਚਾਉਣ ਦਾ ਟੀਚਾ ਮਿੱਖਿਆ
ਨਵਾਂਸ਼ਹਿਰ, 17 ਅਗਸਤ,2019 : ਸੂਬੇ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਦੇ ਮਕਸਦ ਨਾਲ ਪੰਜਾਬ ਖੇਤੀਬਾੜੀ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਵਿੱਚ ਪਹਿਲੇ ਪੜਾਅ ਅਧੀਨ ਕਿਸਾਨਾਂ ਨੂੰ 28000 ਤੋਂ ਵੱਧ ਖੇਤੀ ਮਸ਼ੀਨਾਂ/ਸੰਦ ਮੁਹੱਈਆ ਕਰਵਾਉਣ ਲਈ ਵਿਆਪਕ ਪੱਧਰ ’ਤੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ। 278 ਕਰੋੜ ਰੁਪਏ ਦੀ ਸਬਸਿਡੀ ਨਾਲ ਮੁਹੱਈਆ ਕਰਵਾਏ ਜਾ ਰਹੇ ਇਹ ਖੇਤੀ ਸੰਦ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਖਪਾਉਣ ਲਈ ਸਹਾਈ ਹੋਣਗੇ।
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਖਸ਼ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਸੰਦਾਂ ’ਤੇ 50 ਫੀਸਦੀ ਤੋਂ ਲੈ ਕੇ 80 ਫੀਸਦੀ ਤੱਕ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਤਹਿਤ ਸਹਿਕਾਰੀ ਸਭਾਵਾਂ ਤੇ ਕਿਸਾਨ ਗਰੁੱਪਾਂ ਨੂੰ 80 ਫੀਸਦੀ ਜਦਕਿ ਕਿਸਾਨਾਂ ਨੂੰ ਵਿਅਕਤੀਗਤ ਰੂਪ ਵਿੱਚ 50 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਆਲਾ ਦਰਜੇ ਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ ਜਿਸ ਵਿੱਚ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਮਸ਼ੀਨਾਂ ਸ਼ਾਮਲ ਹਨ।
ਜ਼ਿਲ੍ਹੇ ’ਚ ਅਰਜ਼ੀਆਂ ਦੀ ਸਥਿਤੀ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਬਸਿਡੀ ’ਤੇ ਮਸ਼ੀਨਰੀ ਲੈਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਿਸਾਨਾਂ ਅਤੇ ਕਿਸਾਨ ਗਰੁੱਪਾਂ ਤੇ ਖੇਤੀਬਾੜੀ ਸਹਿਕਾਰੀ ਸਭਾਵਾਂ ਪਾਸੋਂ ਹੁਣ ਤੱਕ ਲਗਪਗ 108 ਅਰਜ਼ੀਆਂ ਹਾਸਲ ਹੋਈਆਂ ਹਨ। ਇਨ੍ਹਾਂ ’ਚ ਹੈਪੀਸੀਡਰ ਲਈ 23, ਸੁਪਰ ਐਸ ਐਮ ਐਸ ਲਈ 24, ਪੈਡੀ ਸਟਰਾਅ ਚੌਪਰ/ਸ਼੍ਰੈਡਰ ਲਈ 11, ਮਲਚਰ ਲਈ 4, ਆਰ ਐਮ ਬੀ ਪਲੋਅ ਲਈ 6, ਜ਼ੀਰੋ ਟਿਲ ਡਿ੍ਰਲ ਲਈ 19 ਅਰਜ਼ੀਆਂ ਸ਼ਾਮਿਲ ਹਨ। ਇਨ੍ਹਾਂ ਤੋਂ ਇਲਾਵਾ 21 ਅਰਜ਼ੀਆਂ ਕਿਸਾਨ ਸਮੂਹਾਂ ਪਾਸੋਂ ਪ੍ਰਾਪਤ ਹੋਈਆਂ ਹਨ।
ਉਨਾਂ ਅੱਗੇ ਦੱਸਿਆ ਕਿ ਵਿਅਕਤੀਗਤ ਤੌਰ ’ਤੇ ਅਰਜ਼ੀਆਂ ਦੇਣ ਵਾਲੇ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ’ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਜਦਕਿ ਕਿਸਾਨਾਂ ਗਰੁੱਪਾਂ/ਸਹਿਕਾਰੀ ਸਭਾਵਾਂ ਨੂੰ ਫਾਰਮ ਮਸ਼ੀਨਰੀ ਬੈਂਕ ਬਣਾ ਕੇ ਕਸਟਮ ਹਾਇੰਰਿੰਗ ਸੈਂਟਰ ਵਜੋਂ ਵਰਤਣ ਲਈ 80 ਫੀਸਦੀ ਸਬਸਿਡੀ ’ਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ 15 ਸਤੰਬਰ, 2019 ਤੋਂ ਪਹਿਲਾਂ ਕਿਸਾਨਾਂ ਤੱਕ ਮਸ਼ੀਨਰੀ ਪਹੁੰਚਾਉਣ ਦਾ ਟੀਚਾ ਹਾਸਲ ਕਰਨ ਲਈ ਪੂਰੀ ਤਰਾਂ ਤਿਆਰ ਹੈ।
ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਣ ਦੇ ਮਾੜੇ ਪ੍ਰਭਾਵ ਬਾਰੇ ਜਾਣੰੂ ਕਰਨ ਲਈ ਸੂਚਨਾ, ਸਿੱਖਿਆ ਤੇ ਸੰਚਾਰ ਬਾਰੇ ਗਤੀਵਿਧੀਆਂ ਵੀ ਆਰੰਭੀਆਂ ਹੋਈਆਂ ਹਨ, ਜਿਸ ਵਿਚ ਕਿਸਾਨਾਂ ਦੀਆਂ ਟ੍ਰੇਨਿੰਗਾਂ/ਕਿਸਾਨ ਸਿਖਲਾਈ ਕੈਂਪ, ਕਿਸਾਨਾਂ ਦੇ ਖੇਤਾਂ ਵਿਚ ਪ੍ਰਦਰਸ਼ਨੀਆਂ ਅਤੇ ਕਿਸਾਨਾਂ ਨੂੰ ਲਿਟਰੇਚਰ ਮੁਹੱਈਆ ਕਰਵਾਇਆ ਜਾ ਰਿਹਾ ਹੈੈ। ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਖਪਾਉਣ ਲਈ ਸੰਦਾਂ ਦੀ ਪ੍ਰਦਰਸ਼ਨੀ ਕਰਨਾ ਹੈ।
ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ ’ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਪਰਾਲੀ ਸਾੜਣ ਦੇ ਰੁਝਾਨ ਨੂੰ ਠੱਲ ਪਾਈ ਜਾ ਸਕੇ ਜਿਸ ਨਾਲ ਲੋਕਾਂ ਨੂੰ ਸਿਹਤਮੰਦੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਵਾਤਾਵਰਣ ਨੂੰ ਵੀ ਬਚਾਇਆ ਜਾ ਸਕੇ।
ਜ਼ਿਕਰਯੋਗ ਹੈ ਕਿ ਸਾਲ 2018 ਦੌਰਾਨ ਵੀ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ 1.25 ਕਰੋੜ ਰੁਪਏ ਦੀ ਸਬਸਿਡੀ ’ਤੇ ਜ਼ਿਲ੍ਹੇ ’ਚ 196 ਖੇਤੀ ਮਸ਼ੀਨਾਂ ਦਿੱਤੀਆਂ ਗਈਆਂ ਸਨ ਜਿਨਾਂ ਵਿੱਚ 30 ਹੈਪੀਸੀਡਰ, 13 ਪੈਡੀ ਸਟਰਾਅ ਚੌਪਰ, 4 ਮਲਚਰ, 19 ਆਰ ਐਮ ਬੀ ਪਲੋਅ, 7 ਜ਼ੀਰੋ ਟਿਲ ਡਿ੍ਰਲ, 113 ਸੁਪਰ ਐਸ ਐਮ ਐਸ ਤੇ 10 ਰੋਟਾਵੇਟਰ ਸ਼ਾਮਿਲ ਹਨ। ਜ਼ਿਲ੍ਹੇ ਵਿੱਚ ਲਗਪਗ 59 ਹਜ਼ਾਰ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ ਜਿਸ ਦੀ ਪਰਾਲੀ ਨੂੰ ਸਾਂਭਣ ਲਈ ਹੁਣ ਤੋਂ ਹੀ ਯਤਨ ਆਰੰਭ ਦਿੱਤੇ ਗਏ ਹਨ।