ਸਿਹਤ ਬੀਮਾ ਯੋਜਨਾ ਲਾਗੂ ਕਰਨ ਮੌਕੇ ਵਿਧਾਇਕ ਘੁਬਾਇਆ , ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ , ਸੰਦੀਪ ਜਾਖੜ , ਰੰਜਮ ਕਾਮਰਾ ਅਤੇ ਸਿਵਲ ਸਰਜਨ
ਜਗਦੀਸ਼ ਥਿੰਦ
ਫ਼ਾਜ਼ਿਲਕਾ, 20 ਅਗਸਤ:
ਫ਼ਾਜ਼ਿਲਕਾ ਦੇ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਸੂਬਾ ਪੱਧਰ 'ਤੇ ਸਰਬੱਤ ਸਿਹਤ ਬੀਮਾ ਸਕੀਮ ਦੀ ਸ਼ੁਰੂਆਤ ਕਰਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦਾ ਆਪਣਾ ਵਾਅਦਾ ਨਿਭਾਅ ਦਿੱਤਾ ਹੈ।
ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਨ ਉਪਰੰਤ ਹਾਜ਼ਰ ਪਤਵੰਤਿਆਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਫਾਜ਼ਿਲਕਾ ਦਵਿੰਦਰ ਸਿੰਘ ਘੁਬਾਇਆ ।
ਤਸਵੀਰ : ਜਗਦੀਸ਼ ਥਿੰਦ
ਸਥਾਨਕ ਪੈਲੇਸ ਵਿਖੇ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਸਬੰਧੀ ਰਾਜ ਪੱਧਰੀ ਸਮਾਗਮ ਦਾ ਸਿੱਧਾ ਪ੍ਰਸਾਰਣ ਵੇਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿਉਂ ਜੋ ਸਰਕਾਰ ਨੇ ਲੋਕਾਂ ਦੀ ਸਿਹਤ ਨਾਲ ਜੁੜਿਆ ਆਪਣਾ ਅਹਿਮ ਫ਼ੈਸਲਾ ਪੂਰਾ ਕਰ ਦਿੱਤਾ ਹੈ।
ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਕੀਮ ਦੀ ਸਰਹੱਦੀ ਜ਼ਿਲ੍ਹੇ ਫ਼ਾਜ਼ਿਲਕਾ ਵਿੱਚ ਬਹੁਤ ਲੋੜ ਸੀ ਕਿਉਂ ਜੋ ਗ਼ਰੀਬੀ ਕਾਰਨ ਲੋਕ ਆਪਣਾ ਇਲਾਜ ਕਰਾਉਣ ਤੋਂ ਅਸਮਰੱਥ ਸਨ। ਉਨ੍ਹਾਂ ਉਮੀਦ ਜਤਾਈ ਕਿ ਇਹ ਸਕੀਮ ਜ਼ਿਲ੍ਹੇ ਵਾਸਤੇ ਬਹੁਤ ਲਾਹੇਵੰਦ ਸਾਬਤ ਹੋਵੇਗੀ।
ਸਕੀਮ ਦੀ ਸ਼ੁਰੂਆਤ ਲਈ ਕੈਪਟਨ ਅਮਰਿੰਦਰ ਸਿੰਘ ਦਾ ਨਿੱਜੀ ਤੌਰ 'ਤੇ ਧੰਨਵਾਦ ਕਰਦਿਆਂ ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦੁਆਇਆ ਕਿ ਅਗਲੇ ਦਿਨਾਂ ਦੌਰਾਨ ਉਨ੍ਹਾਂ ਨਾਲ ਜੁੜੀਆਂ ਹੋਰ ਸਮੱਸਿਆਵਾਂ ਨੂੰ ਵੀ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਕਲ ਸ਼ਾਮ ਤੱਕ ਕਰੀਬ 7 ਲੱਖ 48 ਹਜ਼ਾਰ 50 ਲੋਕਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ ਕੀਤਾ ਗਿਆ ਸੀ, ਜਿਸ ਵਿੱਚੋਂ 1.23 ਲੱਖ ਲਾਭਪਾਤਰੀ ਇਕੱਲੇ ਫ਼ਾਜ਼ਿਲਕਾ ਜ਼ਿਲ੍ਹੇ ਵਿੱਚੋਂ ਰਜਿਸਟਰਡ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਰੀਬ 75 ਫ਼ੀਸਦੀ ਪਰਿਵਾਰ ਇਸ ਸਕੀਮ ਅਧੀਨ ਲਿਆਂਦੇ ਜਾ ਚੁੱਕੇ ਹਨ। ਸਿਵਲ ਸਰਜਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਮਰਹਲੇ ਲਈ ਵਧਾਈ ਦਿੰਦਿਆਂ ਸ. ਛੱਤਵਾਲ ਨੇ ਕਿਹਾ, '' ਸਰਬੱਤ ਸਿਹਤ ਬੀਮਾ ਯੋਜਨਾ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਇਸ ਦੀ ਅਸਲ ਭਾਵਨਾ ਮੁਤਾਬਕ ਪੂਰੀ ਤਰ੍ਹਾਂ ਨਾਲ ਲਾਗੂ ਕੀਤਾ ਜਾਵੇਗਾ।'' ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਸੂਬਾ ਸਰਕਾਰ ਨੇ ਉਪਲਬਧ ਡਾਟੇ ਮੁਤਾਬਕ ਲਾਭਪਾਤਰੀ ਬਣਾਏ ਹਨ ਅਤੇ ਰਹਿੰਦੇ ਯੋਗ ਲੋਕਾਂ ਨੂੰ ਅਗਲੇ ਦਿਨਾਂ ਦੌਰਾਨ ਇਸ ਸਕੀਮ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਅਧੀਨ ਜ਼ਿਲ੍ਹੇ ਦੇ ਹਸਪਤਾਲਾਂ 'ਚ ਲੋਕਾਂ ਦਾ ਮਿਆਰੀ ਇਲਾਜ ਅਤੇ ਉਨ੍ਹਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕਾਂ ਦੀਆਂ ਸਿਹਤ ਸਬੰਧੀ ਸਮੱਸਿਆਵਾਂ ਨੂੰ ਦੂਰ ਕਰਕੇ ਸਕੀਮ ਨੂੰ ਸਹੀ ਅਰਥਾਂ 'ਚ ਲਾਗੂ ਕੀਤਾ ਜਾ ਸਕੇ।
ਕਾਂਗਰਸੀ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਰੰਜਮ ਕਾਮਰਾ ਅਤੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਸੰਦੀਪ ਜਾਖੜ ਨੇ ਜਿਥੇ ਇਸ ਸਕੀਮ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਉਥੇ ਇਸ ਸਕੀਮ ਬਾਰੇ ਜ਼ਿਲ੍ਹੇ ਦੇ ਹਰ ਬਾਸ਼ਿੰਦੇ ਨੂੰ ਜਾਣੂ ਕਰਾਉਣ ਲਈ ਜਨਤਕ ਥਾਵਾਂ 'ਤੇ ਬੈਨਰ ਅਤੇ ਹੋਰ ਪ੍ਰਚਾਰ ਸਮੱਗਰੀ ਲਾਉਣ ਦੀ ਵੀ ਅਪੀਲ ਕੀਤੀ।
ਇਸੇ ਦੌਰਾਨ ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਨੇ ਦੱਸਿਆ ਕਿ ਯੋਗ ਲਾਭਪਾਤਰੀ ਸਰਕਾਰੀ ਤੇ ਸੂਚੀ ਬੱਧ ਹਸਪਤਾਲਾਂ 'ਚ ਬਿਲਕੁਲ ਮਫ਼ਤ ਅਤੇ ਕਾਮਨ ਸਰਵਿਸ ਸੈਂਟਰਾਂ ਰਾਹੀਂ ਮਹਿਜ਼ 30 ਰੁਪਏ ਦਾ ਭੁਗਤਾਨ ਕਰਕੇ ਸਕੀਮ ਦੇ ਈ-ਕਾਰਡ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਕੀਮ ਅਧੀਨ 1396 ਬੀਮਾਰੀਆਂ ਦਾ ਇਲਾਜ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ 5 ਲੱਖ ਰੁਪਏ ਪ੍ਰਤੀ ਪਰਿਵਾਰ ਦਾ ਸਾਲਾਨਾ ਸਿਹਤ ਬੀਮਾ ਕੀਤਾ ਜਾਵੇਗਾ ਅਤੇ ਸੈਕੰਡਰੀ ਤੇ ਟਰਸ਼ਰੀ ਪੱਧਰ ਦੀਆਂ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ। ਸਹਾਇਕ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਭੁੱਕਲ ਨੇ ਦੱਸਿਆ ਕਿ ਯੋਜਨਾ ਤਹਿਤ ਜ਼ਿਲ੍ਹੇ ਦੇ 1 ਲੱਖ 91 ਹਜ਼ਾਰ ਲਾਭਪਾਤਰੀ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਕਰਕੇ ਲਾਭ ਦਿੱਤਾ ਜਾਵੇਗਾ।
ਸਮਾਗਮ ਦੌਰਾਨ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ, ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ, ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ, ਕਾਂਗਰਸ ਜ਼ਿਲ੍ਹਾ ਪ੍ਰਧਾਨ ਸ੍ਰੀ ਰੰਜਮ ਕਾਮਰਾ, ਸੀਨੀਅਰ ਕਾਂਗਰਸੀ ਆਗੂ ਸ੍ਰੀ ਸੰਦੀਪ ਜਾਖੜ ਨੇ ਜ਼ਿਲ੍ਹਾ ਵਾਸੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਬਣਾਏ ਗਏ ਈ-ਕਾਰਡ ਜਾਰੀ ਕਰਕੇ ਜ਼ਿਲ੍ਹਾ ਪੱਧਰ 'ਤੇ ਸਕੀਮ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ਼੍ਰੀ ਅਨਿਲ ਧਾਮੂ, ਸੀਨੀਅਰ ਕਾਂਗਰਸੀ ਆਗੂ ਸ਼੍ਰੀ ਬੀ.ਡੀ. ਕਾਲੜਾ, ਸ਼੍ਰੀ ਰਾਜ ਬਖ਼ਸ, ਬਲਾ ਸੰਮਤੀ ਮੈਂਬਰ ਸ਼੍ਰੀ ਪੱਪੂ ਕਾਲੜਾ ਸਣੇ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਸਿਆਸੀ ਆਗੂ ਹਾਜ਼ਰ ਸਨ।