ਐਸ ਕੇ ਵਿਆਸ
ਲੋਹੀਆਂ (ਜਲੰਧਰ), 20 ਅਗਸਤ 2019 - ਜਲੰਧਰ ਜ਼ਿਲ੍ਹੇ ਦੇ 50 ਤੋਂ ਵੱਧ ਪਿੰਡਾਂ ਦੇ ਪਾਣੀ ਵਿਚ ਡੁੱਬਣ ਨਾਲ ਤਕਰੀਬਨ 30,000 ਏਕੜ ਫਸਲ ਡੁੱਬ ਕੇ ਖਰਾਬ ਹੋ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਸੀਨੀਅਰ ਪੁਲਿਸ ਕਪਤਾਨ ਨਵਜੋਤ ਸਿੰਘ ਮਾਹਲ ਨੇ ਅੱਜ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਅਜਿਹੇ ਹਾਲਾਤਾਂ ਨਾਲ ਨਿਪਟਣ ਲਈ ਫੌਜ ਦੀ ਮਦਦ ਮੰਗੀ ਹੈ।
ਇੱਕ ਸਾਂਝੇ ਬਿਆਨ ਵਿੱਚ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਨੇ ਕਿਹਾ ਕਿ ਸਾਰੇ ਪਾੜਾਂ ਪੂਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਫੌਜ ਨੂੰ ਬੁਲਾਇਆ ਗਿਆ ਹੈ ਅਤੇ ਕਿਹਾ ਕਿ ਫੌਜ ਦਾ ਇੱਕ ਦਸਤਾ ਪਹਿਲਾਂ ਹੀ ਫਿਲੌਰ ਪਹੁੰਚ ਚੁੱਕਾ ਹੈ ਅਤੇ ਦੋ ਲੋਹੀਆਂ ਪਹੁੰਚ ਗਏ ਹਨ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਰਮੀ ਨੂੰ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ ਅਤੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਹਰ ਯਤਨ ਕੀਤਾ ਜਾਵੇਗਾ ਕਿ ਲੋਕਾਂ ਦੀ ਜਾਨ ਮਾਲ ਦੀ ਰਾਖੀ ਹਰ ਕੀਮਤ 'ਤੇ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਰ-ਵਾਰ ਅਪੀਲ ਕਰਨ ਦੇ ਬਾਵਜੂਦ ਕੁੱਝ ਲੋਕਾਂ ਨੇ ਆਪਣਾ ਘਰ ਖਾਲੀ ਨਹੀਂ ਕੀਤਾ ਅਤੇ ਜਿਸ ਕਾਰਨ ਲੋਕ ਵੱਖ-ਵੱਖ ਪਿੰਡਾਂ ਵਿੱਚ ਲੋਕ ਆਪਣੇ ਘਰਾਂ 'ਚ ਫਸੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਬਾਹਰ ਕੱਢਣ ਲਈ ਫੌਜ, ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਦੀਆਂ ਦਸ ਟੀਮਾਂ ਬਣਾ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ, ਉਨ੍ਹਾਂ ਨੇ ਕਿਹਾ ਕਿ ਮਾਲ ਅਤੇ ਪੁਲਿਸ ਅਧਿਕਾਰੀਆਂ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਤਾਂ ਜੋ ਫਸੇ ਲੋਕਾਂ ਨੂੰ ਭੋਜਨ ਅਤੇ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।
ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਲਈ ਲੋੜਵੰਦ ਲੋਕਾਂ ਨੂੰ ਏਅਰਡ੍ਰਾਫ ਫੂਡ ਪੈਕੇਟ ਭੇਜਣ ਲਈ ਭਾਰਤੀ ਹਵਾਈ ਫੌਜ ਦੀ ਸਹਾਇਤਾ ਲਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਿੱਜੀ ਤੌਰ 'ਤੇ ਸਾਰੇ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਤਾਂ ਕਿ ਇਹ ਸੁਨਿਸਚਿਤ ਕੀਤਾ ਜਾ ਸਕੇ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਲਈ ਭਲਕੇ ਫੂਡ ਪੈਕਟਾਂ ਦਾ ਕੰਮ ਕੱਲ੍ਹ ਸਵੇਰੇ ਤੜਕੇ ਤੋਂ ਸ਼ੁਰੂ ਹੋ ਜਾਵੇਗਾ।