ਖੁਸ਼ਹਾਲੀ ਦੇ ਰਾਖਿਆਂ ਨੂੰ ਜ਼ਿਲਾ ਪ੍ਰਸ਼ਾਸਨ ਨਾਲ ਰਾਹਤ ਤੇ ਬਚਾਅ ਕਾਰਜਾਂ ਵਿੱਚ ਸਹਿਯੋਗ ਦੀ ਹਦਾਇਤ
ਸੁਲਤਾਨਪੁਰ ਲੋਧੀ (ਕਪੂਰਥਲਾ), 21 ਅਗਸਤ 2019: ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਅਤੇ ਖੁਸ਼ਹਾਲੀ ਦੇ ਰਾਖਿਆਂ (ਜੀ. ਓ. ਜੀਜ਼) ਦੇ ਸੀਨੀਅਰ ਵਾਇਸ ਚੇਅਰਮੈਨ ਲੈਫ. ਜਨਰਲ (ਸੇਵਾਮੁਕਤ) ਟੀ. ਐਸ. ਸ਼ੇਰਗਿੱਲ ਨੇ ਅੱਜ ਸੁਲਤਾਨਪੁਰ ਲੋਧੀ ਦੇ ਹੜ ਨਾਲ ਪ੍ਰਭਾਵਿਤ ਹੋਏ ਖੇਤਰਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨਾਂ ਸੰਕਟ ਦੀ ਇਸ ਘੜੀ ਵਿਚ ਖੁਸ਼ਹਾਲੀ ਦੇ ਰਾਖਿਆਂ ਨੂੰ ਬਚਾਅ ਅਤੇ ਰਾਹਤ ਕਾਰਜਾਂ ਵਿਚ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਹਰੇਕ ਤਰਾਂ ਦਾ ਸਹਿਯੋਗ ਕਰਨ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਇਕ ਫ਼ੌਜੀ ਦਾ ਧਰਮ ਕੇਵਲ ਦੇਸ਼ ਦੀਆਂ ਹੱਦਾਂ ਦੀ ਰਾਖੀ ਕਰਨਾ ਹੀ ਨਹੀਂ ਹੈ, ਸਗੋਂ ਸ਼ਾਂਤੀ ਦੇ ਸਮੇਂ ਦੌਰਾਨ ਕਿਸੇ ਵੀ ਤਰਾਂ ਦੀ ਕੁਦਰਤੀ ਕਰੋਪੀ ਮੌਕੇ ਨਾਗਰਿਕਾਂ ਦੀ ਮਦਦ ਕਰਨਾ ਵੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਵਿਚ ਹੜਾਂ ਦੀ ਸਥਿਤੀ 'ਤੇ ਪਲ-ਪਲ ਨਜ਼ਰ ਰੱਖ ਰਹੇ ਹਨ ਅਤੇ ਉਨਾਂ ਨੇ ਇਸ ਨੂੰ ਬੀਤੇ ਕੱਲ ਕੁਦਰਤੀ ਆਫ਼ਤ ਐਲਾਨ ਕਰਦਿਆਂ 100 ਕਰੋੜ ਰੁਪਏ ਦੀ ਮਦਦ ਵੀ ਐਲਾਨੀ ਹੈ। ਇਸ ਤੋਂ ਇਲਾਵਾ ਉਨਾਂ ਵੱਲੋਂ ਫ਼ਸਲਾਂ ਅਤੇ ਘਰਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਅਤੇ ਸਰਵੇਖਣ ਦੇ ਹੁਕਮ ਦਿੱਤੇ ਗਏ ਹਨ। ਉਨਾਂ ਕਿਹਾ ਕਿ ਉਨਾਂ ਦੇ ਇਸ ਦੌਰੇ ਦਾ ਮਕਸਦ ਇਸ ਖਰਾਬੇ ਨੂੰ ਬਿਲਕੁਲ ਨੇੜਿਓਂ ਦੇਖਣਾ ਹੈ ਅਤੇ ਇਸ ਸਬੰਧੀ ਮੁੱਖ ਮੰਤਰੀ ਨੂੰ ਵਿਸਥਾਰਤ ਰਿਪੋਰਟ ਦੇਣਾ ਹੈ। ਉਨਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਮੌਕੇ ਜਿਥੇ ਸਿਵਲ ਅਤੇ ਪੁਲਿਸ ਅਧਿਕਾਰੀ ਆਪਣੀ ਬਣਦੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ, ਉਥੇ ਸੈਨਾ ਦੇ ਜਵਾਨ ਵੀ ਰਾਹਤ ਤੇ ਬਚਾਅ ਕਾਰਜਾਂ ਵਿਚ ਜੁੱਟੇ ਹੋਏ ਹਨ। ਇਸ ਦੌਰਾਨ ਉਨਾਂ ਸੈਨਾ ਅਤੇ ਐਨ. ਡੀ. ਆਰ. ਐਫ ਦੇ ਜਵਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਤੋਂ ਇਲਾਕਾ ਉਹ ਹੜ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇ ਅਤੇ ਉਨਾਂ ਨੂੰ ਹਰੇਕ ਤਰਾਂ ਦੀ ਮਦਦ ਦਾ ਭਰੋਸਾ ਦਿਵਾਇਆ। ਇਸ ਮੌਕੇ ਤਹਿਸੀਲਦਾਰ ਸ੍ਰੀਮਤੀ ਸੀਮਾ ਸਿੰਘ, ਕੈਪਟਨ ਹਰਮਿੰਦਰ ਸਿੰਘ, ਡੀ. ਐਸ. ਪੀ. ਸਰਵਨ ਸਿੰਘ ਬੱਲ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
ਕੈਪਸ਼ਨ :