ਜਨ ਜਾਤੀਆਂ ਦੇ ਮਾਮਲਿਆਂ ਬਾਰੇ ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਡਾ. ਨਵਲ ਜੀਤ ਕਪੂਰ ਪਿੰਡ ਭੁੱਚੀ ਵਿਖੇ ਜ਼ਮੀਨਦੋਜ ਪਾਈਪਾਂ ਦੇ ਪ੍ਰੋਜੈਕਟ ਦਾ ਜਾਇਜ਼ਾ ਲੈਂਦੇ ਹੋਏ।
ਫ਼ਤਹਿਗੜ੍ਹ ਸਾਹਿਬ, 22 ਅਗਸਤ(ਦੀਦਾਰ ਗੁਰਨਾ ) ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫ਼ਲ ਬਨਾਉਣ ਲਈ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ ਅਤੇ ਨਾਲ ਹੀ ਲੋਕਾਂ ਨੂੰ ਇਸ ਮੁਹਿੰਮ ਨਾਲ ਵੱਡੇ ਪੱਧਰ 'ਤੇ ਜੋੜਿਆ ਜਾਵੇ ਤਾਂ ਜੋ ਪਾਣੀ ਸਬੰਧੀ ਮੌਜੂਦਾ ਦਿੱਕਤਾਂ ਨੂੰ ਹੱਲ ਕੀਤਾ ਜਾ ਸਕੇ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਪਾਣੀ ਸਬੰਧੀ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਲ ਸ਼ਕਤੀ ਅਭਿਆਨ ਤਹਿਤ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਲਈ ਕੇਂਦਰ ਸਰਕਾਰ ਵੱਲੋਂ ਕੇਂਦਰੀ ਪ੍ਰਭਾਰੀ ਅਫ਼ਸਰ ਵਜੋਂ ਤਾਇਨਾਤ ਕੀਤੇ ਜਨ ਜਾਤੀਆਂ ਦੇ ਮਾਮਲਿਆਂ ਬਾਰੇ ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਡਾ. ਨਵਲ ਜੀਤ ਕਪੂਰ ਨੇ ਜ਼ਿਲ੍ਹੇ ਵਿੱਚ ਪਾਣੀ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ।
ਉਨ੍ਹਾਂ ਨੇ ਇਸ ਮੌਕੇ ਪਿੰਡ ਭੁੱਚੀ ਵਿਖੇ ਜ਼ਮੀਨਦੋਜ਼ ਪਾਈਪਾਂ ਰਾਹੀਂ ਸਿੰਚਾਈ ਲਈ ਪਾਣੀ ਸਪਲਾਈ ਕਰਨ ਦੇ ਪ੍ਰੋਜੈਕਟ ਦਾ ਜਾਇਜ਼ਾ ਲਿਆ। ਇਸ ਪ੍ਰੋਜੈਕਟ ਤਹਿਤ ਜ਼ਮੀਨਦੋਜ਼ ਆਰਸੀਸੀ ਪਾਈਪਾਂ ਰਾਹੀਂ ਪਾਣੀ ਖੇਤਾਂ ਤੱਕ ਪੁਜਦਾ ਕੀਤਾ ਗਿਆ ਹੈ ਤੇ ਵੱਖ ਵੱਖ ਥਾਈਂ ਹੌਦੀਆਂ ਬਣਾ ਕੇ ਇਸ ਨੂੰ ਕੰਟਰੋਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਫ਼ਸਲੀ ਵਿਭਿੰਨਤਾ ਤੇ ਤੁਪਕਾ ਸਿੰਚਾਈ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨੇ ਪਾਣੀ ਦੀ ਸੰਭਾਲ ਸਬੰਧੀ ਜ਼ਿਲ੍ਹੇ ਵਿਚਲੇ ਪ੍ਰੋਜੈਕਟਾਂ ਦਾ ਜਾਇਜ਼ਾ ਵੀ ਲਿਆ।
ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਾ. ਕਪੂਰ ਨੇ ਕਿਹਾ ਕਿ ਵੱਖ ਵੱਖ ਵਿਭਾਗਾਂ ਵੱਲੋਂ ਪਾਣੀ ਦੀ ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਇਨ੍ਹਾਂ ਕਾਰਜਾਂ ਦੀ ਜਾਣਕਾਰੀ ਜਲ ਸ਼ਕਤੀ ਅਭਿਆਨ ਦੇ ਪੋਰਟਲ 'ਤੇ ਅਪਲੋਡ ਕੀਤੀ ਜਾਣੀ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਮੀਂਹ ਦੇ ਪਾਣੀ ਦੀ ਸੰਭਾਲ ਕਰਨ ਸਮੇਤ ਪਾਣੀ ਦੇ ਸਰੋਤਾਂ ਦੀ ਸੰਭਾਲ, ਸਾਫ਼ ਸਫ਼ਾਈ ਤੇ ਵਿਕਾਸ ਦੇ ਨਾਲ ਨਾਲ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਉਣ, ਫਸਲੀ ਵਿਭਿੰਨਤਾ ਅਪਣਾਉਣ ਤੇ ਪਾਣੀ ਬਚਾਉਣ ਲਈ ਵੱਖ ਵੱਖ ਤਕਨੀਕਾਂ ਅਪਣਾਉਣ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਦੱਸਿਆ ਕਿ ਪਾਣੀ ਦੀ ਸੰਭਾਲ ਸਬੰਧੀ ਜ਼ਿਲ੍ਹੇ ਵਿੱਚ ਕਈ ਪ੍ਰੋਜੈਕਟ ਤਿਆਰ ਕੀਤੇ ਗਏ ਹਨ ਤੇ ਕਈਆਂ ਉਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰੋਜੈਕਟਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਪਾਣੀ ਦੀ ਸੰਭਾਲ ਬਾਰੇ ਵੱਡੇ ਪੱਧਰ ਉਤੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਮਕਾਨ ਉਸਾਰੀ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ, ਨਵੀਂ ਦਿੱਲੀ ਦੇ ਡਾਇਰੈਕਟਰ ਸ. ਗੁਰਜੀਤ ਸਿੰਘ ਢਿੱਲੋਂ, ਸੀ.ਐਸ.ਐਮ.ਆਰ.ਐਸ. ਨਵੀਂ ਦਿੱਲੀ ਦੇ ਵਿਗਿਆਨੀ ਸ਼੍ਰੀ ਰਾਜੀਵ ਕੁਮਾਰ ਭਾਰਤੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਜਗਵਿੰਦਰਜੀਤ ਸਿੰਘ ਸੰਧੂ, ਭੂਮੀ ਰੱਖਿਆ ਅਫਸਰ ਸ. ਦਲਬੀਰ ਸਿੰਘ, ਐਕਸੀਅਨ ਪੰਚਾਇਤੀ ਰਾਜ ਸ. ਜਸਬੀਰ ਸਿੰਘ, ਬੀ.ਡੀ.ਪੀ.ਓ. ਸ. ਹਰਕੀਰਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।