ਸਰਦਾਰ ਮਨਪ੍ਰੀਤ ਸਿੰਘ ਛੱਤਵਾਲ ਡਿਪਟੀ ਕਮਿਸ਼ਨਰ ਫਾਜ਼ਿਲਕਾ
ਜਗਦੀਸ਼ ਥਿੰਦ
ਫ਼ਾਜ਼ਿਲਕਾ, 22 ਅਗਸਤ:
ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਹੈ ਕਿ ਸਰਕਾਰੀ ਨੌਕਰੀ ਤੋਂ ਸੇਵਾ-ਮੁਕਤ ਹੋ ਚੁੱਕੇ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਸਬੰਧੀ ਮੁਸ਼ਕਲਾਂ ਦੇ ਨਿਪਟਾਰੇ ਲਈ 23 ਅਗਸਤ ਨੂੰ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਸਰਕਾਰੀ ਪੈਨਸ਼ਨਰਾਂ ਨੂੰ ਇਸ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਵੇਰੇ 10:00 ਤੋਂ ਦੁਪਹਿਰ 2:00 ਵਜੇ ਤੱਕ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਫ਼ਾਜ਼ਿਲਕਾ ਵੱਲੋਂ ਲਗਾਈ ਜਾਣ ਵਾਲੀ ਇਸ ਅਦਾਲਤ ਵਿਚ ਪੈਨਸ਼ਨਰਾਂ ਵੱਲੋਂ ਦਿੱਤੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਰੀ ਉਮਰ ਦਿਲੋਂ ਡਿਊਟੀ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੇਵਾ-ਮੁਕਤੀ ਉਪਰੰਤ ਪੈਨਸ਼ਨਾਂ ਸਬੰਧੀ ਮੁਸ਼ਕਲਾਂ ਦੇ ਤੇਜ਼ੀ ਨਾਲ ਨਿਪਟਾਰੇ ਦੇ ਉਦੇਸ਼ ਨਾਲ ਲਗਾਈ ਜਾ ਰਹੀ ਇਸ ਅਦਾਲਤ ਵਿੱਚ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਾਜ਼ਰ ਹੋਣ ਲਈ ਪਾਬੰਦ ਕੀਤਾ ਗਿਆ ਹੈ। ਸਬੰਧਤ ਵਿਭਾਗ ਤੋਂ ਇਲਾਵਾ ਜ਼ਿਲ੍ਹਾ ਪੱਧਰ ਦੇ ਬੈਂਕ ਅਧਿਕਾਰੀਆਂ, ਮਹਾਂ-ਲੇਖਾਕਾਰ ਪੰਜਾਬ ਦੇ ਨੁਮਾਇੰਦੇ ਨੂੰ ਇਸ ਪੈਨਸ਼ਨ ਅਦਾਲਤ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ ਤਾਂ ਜੋ ਲੰਬਤ ਪਏ ਪੈਨਸ਼ਨ ਮਾਮਲਿਆਂ ਦਾ ਸਮਾਂਬਧ ਨਿਪਟਾਰਾ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿੱਤ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਵੱਲੋਂ ਪ੍ਰਾਪਤ ਪੱਤਰ ਮੁਤਾਬਕ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੈਨਸ਼ਨ ਅਦਾਲਤਾਂ ਲਗਾਉਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਗਿਣਤੀ, ਇਨ੍ਹਾਂ ਵਿੱਚੋਂ ਹੱਲ ਕੀਤੇ ਮਾਮਲਿਆਂ, ਬਕਾਇਆ ਰਹਿ ਗਏ ਮਾਮਲਿਆਂ ਦੀ ਗਿਣਤੀ ਤੋਂ ਇਲਾਵਾ ਆਲ ਇੰਡੀਆ ਸਰਵਿਸ ਦੇ ਪੈਨਸ਼ਨਰਾਂ ਅਤੇ ਦੂਸਰੇ ਪੈਨਸ਼ਨਰਾਂ ਵੱਲੋਂ ਪ੍ਰਾਪਤ ਸ਼ਿਕਾਇਤਾਂ 'ਤੇ ਹੋਈ ਕਾਰਵਾਈ ਦੀ ਸੂਚਨਾ ਸਰਕਾਰ ਵੱਲੋਂ ਨਿਰਧਾਰਤ ਕੀਤੇ ਪ੍ਰੋਫਾਰਮੇ ਵਿੱਚ ਭਰ ਕੇ ਡਾਇਰੈਕਟਰ ਪੈਨਸ਼ਨਜ਼ ਅਤੇ ਪੈਨਸ਼ਨਰ ਭਲਾਈ ਵਿਭਾਗ ਪੰਜਾਬ ਨੂੰ ਇਸ ਮਹੀਨੇ ਦੇ ਅਖ਼ੀਰ ਤੱਕ ਭੇਜ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਪਹਿਲਾਂ ਹੀ ਵੱਖ-ਵੱਖ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਪੈਨਸ਼ਨਰਾਂ ਨੂੰ ਆਪਣੀ ਸ਼ਿਕਾਇਤਾਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਭੇਜਣ ਦੀ ਅਪੀਲ ਕੀਤੀ ਜਾ ਚੁੱਕੀ ਹੈ।