ਸੰਗਰੂਰ, 23 ਅਗਸਤ 2019 - ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਜ਼ਿਲ੍ਹਾ ਸੰਗਰੂਰ 'ਚ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਜਿੱਥੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵੱਖ-ਵੱਖ ਵਰਗਾਂ ਦੀ ਚੇਤਨਾ ਲਈ ਸੈਮੀਨਾਰ ਕਰਵਾਏ ਜਾ ਰਹੇ ਹਨ ਉੱਥੇ ਪਿੰਡਾਂ ਨੂੰ ਮੁਕੰਮਲ ਤੌਰ 'ਤੇ ਨਸ਼ਾ ਮੁਕਤ ਕਰਨ ਦੀ ਪ੍ਰਕਿਰਿਆ ਨੂੰ ਵੀ ਬੂਰ ਪੈਂਦਾ ਨਜ਼ਰ ਆ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਬਲਾਕ ਭਵਾਨੀਗੜ੍ਹ ਦੇ ਤਿੰਨ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੇ ਪਿੰਡਾਂ ਨੂੰ ਨਸ਼ਾ ਮੁਕਤ ਘੋਸਿਤ ਕਰਦਿਆਂ ਮਤੇ ਪਾਸ ਕਰਕੇ ਭੇਜੇ ਹਨ। ਉਨ੍ਹਾਂ ਨੇ ਦੱਸਿਆ ਕਿ ਪਿੰਡ ਸੰਗਤਪੁਰਾ, ਰੇਤਗੜ੍ਹ ਅਤੇ ਰਾਜਪੁਰਾ ਦੀਆਂ ਗ੍ਰਾਮ ਪੰਚਾਇਤਾਂ ਨੇ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਨਸ਼ਿਆਂ ਦੀ ਦਲਦਲ ਵਿੱਚੋਂ ਆਪਣੇ ਪਿੰਡਾਂ ਨੂੰ ਪੂਰੀ ਤਰ੍ਹਾਂ ਕੱਢ ਕੇ ਮਿਸਾਲ ਪੈਦਾ ਕਰ ਦਿਖਾਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਦੇ ਨਸ਼ਾ ਮੁਕਤੀ ਮਿਸ਼ਨ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ 'ਚ ਸਮੇਂ ਸਮੇਂ 'ਤੇ ਨਸ਼ਿਆਂ ਖਿਲਾਫ਼ ਵੱਡੇ ਜਾਗਰੂਕਤਾ ਸਮਾਗਮ ਵੀ ਕਰਵਾਏ ਗਏ ਹਨ ਅਤੇ ਅਜਿਹੇ ਸਮਾਗਮ 'ਚ ਬੁਲਾਰਿਆਂ ਦੇ ਵਿਚਾਰਾਂ ਤੋਂ ਸੇਧ ਲੈ ਕੇ ਨਸ਼ਿਆਂ ਨੂੰ ਹਮੇਸ਼ਾਂ ਲਈ ਅਲਵਿਦਾ ਆਖਣ ਵਾਲਿਆਂ ਦੀ ਦਰ ਵਿੱਚ ਵੀ ਵਾਧਾ ਹੋਇਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਡੀ.ਐਸ.ਪੀਜ਼ ਨਾਲ ਤਾਲਮੇਲ ਕਰਦੇ ਹੋਏ ਪਿੰਡਾਂ ਦੇ ਵਿੱਚ ਡੇਪੋ, ਤੰਦਰੁਸਤ ਪੰਜਾਬ ਮਿਸ਼ਨ, ਬੱਡੀ ਅਤੇ ਸੀਨੀਅਰ ਬੱਡੀ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ ਅਤੇ ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਜਾਵੇ ਜੋ ਬੁਰੀ ਸੰਗਤ ਵਿੱਚ ਪੈ ਕੇ ਨਸ਼ਿਆਂ ਦਾ ਸੇਵਨ ਕਰਨ ਲੱਗ ਪਏ ਸਨ ਅਤੇ ਅਜਿਹੇ ਲੋਕਾਂ ਨੂੰ ਪ੍ਰੇਰਿਤ ਕਰਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਸਹਿਯੋਗ ਨਾਲ ਨੇੜਲੇ ਨਸ਼ਾ ਮੁਕਤੀ ਕੇਂਦਰਾਂ ਜਾਂ ਓਟ ਕਲੀਨਿਕਾਂ 'ਚ ਇਲਾਜ ਲਈ ਲੈ ਜਾਇਆ ਜਾਵੇ।
ਥੋਰੀ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ਰੱਖਿਆ ਜਾ ਰਿਹਾ ਹੈ ਅਤੇ ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਪੁਲਿਸ ਕੇਸ ਕਰਕੇ ਸਲਾਖਾਂ ਪਿੱਛੇ ਪਹੁੰਚਾਇਆ ਜਾ ਰਿਹਾ ਹੈ। ਥੋਰੀ ਨੇ ਕਿਹਾ ਕਿ ਭਵਾਨੀਗੜ੍ਹ ਦੀਆਂ ਗ੍ਰਾਮ ਪੰਚਾਇਤਾਂ ਨੇ ਨਸ਼ਾ ਮੁਕਤੀ ਦੇ ਮਤੇ ਪਾਸ ਕਰਕੇ ਸ਼ਲਾਘਾਯੋਗ ਉਪਰਾਲਾ ਕੀਤਾ ਹੈ ਜਿਸ ਤੋਂ ਸੇਧ ਲੈਂਦੇ ਹੋਏ ਹੋਰਨਾਂ ਪਿੰਡਾਂ ਨੂੰ ਵੀ ਇਸ ਕਾਰਜ ਲਈ ਠੋਸ ਕਦਮ ਪੁੱਟਣੇ ਚਾਹੀਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੇ ਰਾਹ 'ਤੇ ਤੁਰਨ ਵਾਲੇ ਲੋਕ ਆਪਣੇ ਭਵਿੱਖ ਨੂੰ ਆਪਣੇ ਹੱਥੀ ਨਸ਼ਟ ਕਰ ਲੈਂਦੇ ਹਨ ਇਸ ਲਈ ਸਾਡਾ ਸਾਰਿਆਂ ਦਾ ਇਹ ਮੁੱਢਲਾ ਫਰਜ਼ ਬਣਦਾ ਹੈ ਕਿ ਅਸੀਂ ਅਜਿਹੇ ਲੋਕਾਂ ਨਾਲ ਹਮਦਰਦੀ ਵਾਲਾ ਵਿਵਹਾਰ ਅਪਣਾਈਏ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਧਾਰਨ ਲਈ ਉਪਰਾਲੇ ਕਰਦੇ ਰਹੀਏ।ਉਨ੍ਹਾਂ ਕਿਹਾ ਕਿ ਸਮਾਜ ਦੀ ਮੁੱਖ ਧਾਰਾ ਵਿੱਚ ਅਜਿਹੇ ਲੋਕਾਂ ਨੂੰ ਸ਼ਾਮਿਲ ਕਰਨ ਲਈ ਯਤਨ ਕਰਦੇ ਰਹਿਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਸੰਗਤਪੁਰਾ ਦੀ ਆਬਾਦੀ 1000, ਰੇਤਗੜ੍ਹ ਦੀ 1800 ਅਤੇ ਰਾਜਪੁਰਾ ਦੀ 1400 ਦੇ ਕਰੀਬ ਹੈ ਅਤੇ ਪਿਛਲੇ ਦਿਨਾਂ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤੀਆਂ ਗਈਆਂ ਚੇਤਨਾ ਰੈਲੀਆਂ, ਸੈਮੀਨਾਰਾਂ ਦੇ ਪ੍ਰਭਾਵਾਂ ਸਦਕਾ ਗ੍ਰਾਮ ਪੰਚਾਇਤਾਂ ਨੇ ਨਸ਼ਾ ਮੁਕਤੀ ਲਈ ਚੰਗੇ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਰੇ ਬਲਾਕਾਂ ਦੇ ਹੋਰ ਪਿੰਡਾਂ 'ਚ ਵੀ ਗ੍ਰਾਮ ਪੰਚਾਇਤਾਂ ਅਤੇ ਮੋਹਤਬਰ ਸਖਸ਼ੀਅਤਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ 'ਚ ਹੋਰ ਪੰਚਾਇਤਾਂ ਦੇ ਉਦਮ ਸਦਕਾ ਪ੍ਰਭਾਵਸ਼ਾਲੀ ਨਤੀਜੇ ਦੇਖਣ ਨੂੰ ਮਿਲਣਗੇ।