← ਪਿਛੇ ਪਰਤੋ
ਬਟਾਲਾ, 24 ਅਸਗਤ 2019 - ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੇ ਮੀਡੀਆ ਸਲਾਹਕਾਰ ਗੁਰਦਰਸ਼ਨ ਸਿੰਘ ਬਾਹੀਆ ਨੇ ਦੱਸਿਆ ਕਿ ਬਾਜਵਾ ਨੇ ਇਹ ਫੈਸਲਾ ਅੱਜ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰਨ ਮੌਕੇ ਕੀਤਾ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਿਦਾਇਤਾਂ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਬਲਦੇਵ ਸਿੰਘ ਸਰਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਹੜ੍ਹ ਪੀੜਤ ਖੇਤਰਾਂ ਵਿੱਚ ਜਾ ਕੇ ਛੇਤੀ ਤੋਂ ਛੇਤੀ ਬਿਜਲੀ ਸਪਲਾਈ ਬਹਾਲ ਕਰਨ ਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਬਾਜਵਾ ਨੇ ਪਸ਼ੂ ਪਾਲਣ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਹੜ੍ਹ ਦੇ ਪਾਣੀ ਵਿੱਚ ਘਿਰੇ ਪਸ਼ੂਆਂ ਲਈ ਖੁਰਾਕ ਅਤੇ ਦਵਾਈਆਂ ਮੁਹੱਈਆ ਕਰਾਉਣ ਦੇ ਕਾਰਜਾਂ ਦੀ ਵੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਉਹਨਾਂ ਜਲੰਧਰ ਦੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਵੱਖ ਵੱਖ ਬਲਾਕਾਂ ਦੇ ਵਿਕਾਸ ਤੇ ਪੰਚਾਇਤ ਅਫ਼ਸਰਾਂ ਤੋਂ ਵਿਭਾਗ ਵਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ।
Total Responses : 265