← ਪਿਛੇ ਪਰਤੋ
ਗੁਰਨਾਮ ਸਿੱਧੂ ਫਿਰੋਜ਼ਪੁਰ 24 ਅਗਸਤ 2019 : ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਤੇ ਮੱਖੂ ਦੇ ਵਲੋਂ ਚੋਰੀ ਦੇ 5 ਮੋਟਰਸਾਈਕਲਾਂ ਸਮੇਤ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਵਿਰੁੱਧ ਮਾਮਲੇ ਦਰਜ ਕੀਤੇ ਗਏ ਹਨ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਲੱਖੋ ਕੇ ਬਹਿਰਾਮ ਦੇ ਸਬ ਇੰਸਪੈਕਟਰ ਗੁਰਨਾਮ ਸਿੰਘ ਨੇ ਦੱਸਿਆ ਕਿ ਜਦੋਂ ਉਹ ਬੀਤੇ ਦਿਨ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਬੱਸ ਅੱਡਾ ਕਰੀ ਕਲਾਂ ਵਿਖੇ ਮੌਜ਼ੂਦ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਵਨਦੀਪ ਸਿੰਘ ਉਰਫ ਪੰਮਾ ਅਤੇ ਗੋਰਾ ਨਾਂਅ ਦੇ ਦੋ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਅਤੇ ਉਨ੍ਹਾਂ ਦੇ ਜਾਅਲੀ ਕਾਗਜਾਤ ਤਿਆਰ ਕਰਕੇ ਅੱਗੇ ਭੋਲੇ ਭਾਲੇ ਲੋਕਾਂ ਨੂੰ ਵੇਚਦੇ ਹਨ। ਪੁਲਿਸ ਮੁਤਾਬਿਕ ਮੁਖ਼ਬਰ ਤੋਂ ਸੂਚਨਾ ਮਿਲਦਿਆ ਸਾਰ ਜਦੋਂ ਉਹ ਜਗ੍ਹਾ 'ਤੇ ਛਾਪੇਮਾਰੀ ਕੀਤੀ ਗਈ ਤਾਂ ਉਥੋਂ ਉਕਤ ਦੋਵੇਂ ਵਿਅਕਤੀਆਂ ਨੂੰ ਕਾਬੂ ਕਰਦਿਆ ਹੋਇਆ ਉਨ੍ਹਾਂ ਦੇ ਕਬਜ਼ੇ ਵਿਚੋਂ ਚੋਰੀ ਦੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਗਏ। ਪੁਲਿਸ ਨੇ ਦੱਸਿਆ ਕਿ ਪਵਨਦੀਪ ਸਿੰਘ ਉਰਫ ਪੰਮਾ ਪੁੱਤਰ ਸਤਪਾਲ ਸਿੰਘ ਅਤੇ ਗੋਰਾ ਪੁੱਤਰ ਚਾਂਦੀ ਰਾਮ ਵਾਸੀਅਨ ਲੱਖੋ ਕੇ ਬਹਿਰਾਮ ਦੇ ਵਿਰੁੱਧ ਵੱਖ ਵੱਖ ਧਰਾਵਾਂ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਸੇ ਤਰ੍ਹਾ ਥਾਣਾ ਮੱਖੂ ਦੇ ਏਐਸਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਦੇ ਵਲੋਂ ਬੀਤੇ ਦਿਨ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਸੂਦਾ ਵਿਖੇ ਛਾਪੇਮਾਰੀ ਕੀਤੀ ਗਈ। ਪੁਲਿਸ ਮੁਤਾਬਿਕ ਉਕਤ ਜਗ੍ਹਾ ਤੋਂ ਦੋ ਵਿਅਕਤੀਆਂ ਨੂੰ ਕਾਬੂ ਕਰਦਿਆ ਹੋਇਆ ਉਨ੍ਹਾਂ ਦੇ ਕਬਜ਼ੇ ਵਿਚੋਂ ਚੋਰੀ ਦੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ। ਪੁਲਿਸ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਖਵਿੰਦਰ ਸਿੰਘ ਉਰਫ ਖਿੰਦੂ ਪੁੱਤਰ ਸੁਰਜੀਤ ਸਿੰਘ ਵਾਸੀਅਨ ਪਿੰਡ ਮੱਲੋ ਵਾਲਾ ਅਤੇ ਜੋਰਾ ਸਿੰਘ ਉਰਫ ਅਕਾਸ਼ਦੀਪ ਪੁੱਤਰ ਜਸਵੀਰ ਸਿੰਘ ਵਾਸੀ ਸ਼ਾਹ ਵਾਲਾ ਥਾਣਾ ਜ਼ੀਰਾ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਦੇ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Total Responses : 936