ਗੁਰਨਾਮ ਸਿੱਧੂ
ਫ਼ਿਰੋਜ਼ਪੁਰ, 25 ਅਗਸਤ 2019 - ਕੌਮੀ ਸਰਹੱਦ 'ਤੇ ਅਤੇ ਸਤਲੁਜ ਦੇ ਕੰਢੇ ਵਸੇ ਪਿੰਡ ਟੇਂਡੀ ਵਾਲਾ ਦੇ ਬੰਨ੍ਹ ਨੂੰ ਮਜ਼ਬੂਤੀ ਦੇਣ ਲਈ ਪ੍ਰਸ਼ਾਸਨ ਪੱਬਾਂ ਹੋਇਆ ਪਿਆ ਹੈ। ਟੀਮਾਂ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀਆਂ ਹਨ ਕਿ ਕਿਵੇਂ ਨਾ ਕਿਵੇਂ ਹੋਣ ਵਾਲੇ ਵੱਡੇ ਨੁਕਸਾਨ ਤੋਂ ਬਚਿਆ ਜਾ ਸਕੇ।
ਬੰਨ੍ਹ ਦਾ ਜ਼ਾਇਜ਼ਾ ਲੈਣ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਿਸ਼ੇਸ਼ ਤੌਰ ਤੇ ਪੁੱਜੇ। ਡੀ ਸੀ ਫਿਰੋਜ਼ਪੁਰ ਚੰਦਰ ਗੈਂਦ ਅਤੇ ਐੱਸ ਐੱਸ ਪੀ ਵਿਵੇਕਸ਼ੀਲ ਸੋਨੀ ਨੇ ਓਹਨਾਂ ਨੂੰ ਸਾਰੀ ਜਾਣਕਾਰੀ ਦਿੱਤੀ।
ਓਧਰ ਡਿਪਟੀ ਕਮਿਸ਼ਨਰ ਵੱਲੋ ਬੰਨ੍ਹ ਟੁੱਟਣ ਤੇ ਇਸ ਦੀ ਮਾਰ ਵਿਚ ਆਉਣ ਵਾਲੇ ਸੰਭਾਵਤ ਪਿੰਡਾਂ ਦੇ ਲੋਕਾਂ ਨੂੰ ਉੱਠ ਜਾਣ ਲਈ ਆਖ ਦਿੱਤਾ ਹੈ। ਰਾਣਾ ਸੋਢੀ ਨੇ ਇਸ ਮੌਕੇ ਕਿਹਾ ਕਿ ਬੰਨ੍ਹ ਨੂੰ ਟੁੱਟਣ ਤੋਂ ਬਚਾਉਣ ਲਈ ਹਰ ਹੀਲਾ ਕੀਤਾ ਜਾ ਰਿਹਾ ਹੈ। ਸਰਕਾਰ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਮੁਸਤੈਦੀ ਨਾਲ ਕੰਮ ਕਰ ਰਹੀ ਹੈ।
ਓਹਨਾਂ ਕਿਹਾ ਕਿਹਾ ਹੜ੍ਹ ਪੀੜਤਾਂ ਨੂੰ ਹਰ ਤਰ੍ਹਾਂ ਦੀ ਸਾਹਾਇਤਾ ਪੁੱਜਦੀ ਕੀਤੀ ਜਾ ਰਹੀ ਹੈ। ਸੋਢੀ ਨੇ ਇਹ ਵੀ ਕਿਹਾ ਕਿ ਸਰਕਾਰ ਹੜ੍ਹ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਓਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦੇਵੇਗੀ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਆਰਮੀ ਦੇ ਅਧਿਕਾਰੀ ਅਤੇ ਪਿੰਡਾਂ ਦੇ ਲੋਕ ਹਾਜ਼ਰ ਸਨ।