ਚੰਡੀਗੜ੍ਹ/ਜਲੰਧਰ, 25 ਅਗਸਤ 2019 - ਜਲੰਧਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਜੀਵਨ ਨੂੰ ਮੁੜ ਲੀਹ 'ਤੇ ਲਿਆਉਣ ਲਈ ਸਮਾਂ ਸੀਮਾ ਨਿਰਧਾਰਤ ਕਰਦਿਆਂ ਇਨ੍ਹਾਂ ਪਿੰਡਾਂ ਵਿੱਚ ਇੱਕ ਹਫ਼ਤੇ ਅੰਦਰ ਹਾਲਾਤ ਆਮ ਵਾਂਗ ਕਰਨ ਸਬੰਧੀ ਸਾਰੇ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦਿੱਤੀ।
ਕਿਉਂਕਿ ਪਾਣੀ ਪੱਧਰ ਘੱਟ ਰਿਹਾ ਹੈ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਨ੍ਹਾਂ ਪਿੰਡਾਂ ਵਿੱਚ ਆਉਣ ਵਾਲੇ ਸੱਤ ਦਿਨਾਂ ਅੰਦਰ ਹਾਲਾਤ ਆਮ ਵਾਂਗ ਕਰਨ ਨੂੰ ਯਕੀਨੀ ਬਣਾਉਣ ਲਈ ਠੋਸ ਯੋਜਨਾ ਤਿਆਰ ਕਰਨ ਦੀ ਜ਼ਰੂਰਤ ਹੈ। ਸਥਾਨਕ ਸਰਕਾਰਾਂ, ਮੰਡੀ ਬੋਰਡ ਅਤੇ ਪੇਂਡੂ ਵਿਕਾਸ ਵਿਭਾਗਾਂ ਦੇ ਡਿਪਟੀ ਡਾਇਰੈਕਟਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਫ਼ਾਈ ਕੰਮਾਂ ਨੂੰ ਯਕੀਨੀ ਬਣਾਉਣਗੇ। ਇਨ੍ਹਾਂ ਪਿੰਡਾਂ ਵਿੱਚ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਢੁਕਵੇਂ ਸਫਾਈ ਪ੍ਰਬੰਧ ਯਕੀਨੀ ਬਣਾਏ ਜਾਣੇ ਜ਼ਰੂਰੀ ਹਨ। ਇਸੇ ਦੌਰਾਨ ਮੰਡੀ ਬੋਰਡ ਅਤੇ ਪੇਂਡੂ ਵਿਕਾਸ ਵਿਭਾਗ ਨੂੰ ਚਾਹੀਦਾ ਹੈ ਕਿ ਉਹ ਸੜਕਾਂ ਦੀ ਤੁਰੰਤ ਮੁਰੰਮਤ ਸਬੰਧੀ ਜ਼ਰੂਰੀ ਪ੍ਰਬੰਧ ਮੁਕੰਮਲ ਕਰਨ ਤਾਂ ਜੋ ਆਵਾਜਾਈ ਨੂੰ ਚਾਲੂ ਕੀਤਾ ਜਾ ਸਕੇ। ਪਸ਼ੂ ਪਾਲਣ ਵਿਭਾਗ ਮ੍ਰਿਤਕ ਪਸ਼ੂਆਂ ਦੀ ਪਹਿਚਾਣ ਕਰਕੇ ਉਨ੍ਹਾਂ ਦੇ ਜਲਦੀ ਨਿਬੇੜੇ ਨੂੰ ਯਕੀਨੀ ਬਣਾਏਗਾ।
ਇਸ ਦੇ ਨਾਲ ਹੀ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਵੱਧ ਤੋਂ ਵੱਧ ਫੌਗਿੰਗ ਮਸ਼ੀਨਾਂ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ ਅਤੇ ਅਗਲੇ ਪੰਦਰਵਾੜੇ ਦੌਰਾਨ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪੀਣਯੋਗ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਏਗਾ। ਪਸ਼ੂਆਂ ਨੂੰ ਚਾਰੇ ਅਤੇ ਫੀਡ ਦੀ ਢੁਕਵੀਂ ਸਪਲਾਈ ਸਬੰਧਤ ਵਿਭਾਗ ਦੁਆਰਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੀ.ਐਸ.ਪੀ.ਸੀ.ਐਲ. ਜਲਦ ਤੋਂ ਜਲਦ ਬਿਜਲੀ ਸਪਲਾਈ ਨੂੰ ਬਹਾਲ ਕਰਨ ਲਈ ਵੱਡੀ ਮੁਹਿੰਮ ਚਲਾਏਗਾ।
ਜ਼ਿਕਰਯੋਗ ਹੈ ਕਿ ਸ਼ਾਹਕੋਟ ਸਬ-ਡਵੀਜ਼ਨ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਐਤਵਾਰ ਨੂੰ ਜ਼ਿਲ੍ਹੇ ਦੇ 21 ਪਿੰਡਾਂ ਵਿੱਚੋਂ 11 ਪਿੰਡਾਂ ਵਿੱਚ ਬਿਜਲੀ ਸਪਲਾਈ ਸਫ਼ਲਤਾਪੂਰਵਕ ਬਹਾਲ ਕਰ ਦਿੱਤੀ ਹੈ ਜਿਨ੍ਹਾਂ ਵਿੱਚ ਗੱਟੀ ਰਾਏਪੁਰ, ਗੱਟੀ ਬਖ਼ਸ਼, ਕਮਲਪੁਰ, ਜੱਕਪੁਰ, ਕੱਕੜ ਕਲਾਂ, ਫਤਹਿਪੁਰ, ਨੀਵਾਂ ਪਿੰਡ ਖਾਲੇਵਾਲ, ਕੰਗ ਖੁਰਦ, ਜਲਾਲਪੁਰ, ਸਰਦਾਰਵਾਲਾ ਅਤੇ ਕੋਠਾ ਸ਼ਾਮਲ ਹਨ। ਪਾਣੀ ਪੱਧਰ ਘਟਣ ਉਪਰੰਤ ਬਾਕੀ 10 ਪਿੰਡਾਂ ਵਿੱਚ ਵੀ ਬਿਜਲੀ ਸਪਲਾਈ ਮੁੜ ਚਾਲੂ ਕਰ ਦਿੱਤੀ ਜਾਵੇਗੀ। ਸ਼ਾਹਕੋਟ (ਜਲੰਧਰ) ਵਿੱਚ ਪੈਂਦੇ 66 ਕੇ.ਵੀ. ਸਬ ਸਟੇਸ਼ਨ ਮਹਿਰਾਜਵਾਲਾ ਦੀ ਸਪਲਾਈ ਜੋ ਕਿ ਹੜ੍ਹਾਂ ਕਾਰਨ ਪ੍ਰਭਾਵਿਤ ਹੋਈ ਸੀ, ਨੂੰ ਵੀ ਦੇਰ ਸ਼ਾਮ ਬਹਾਲ ਕਰ ਦਿੱਤਾ ਗਿਆ ਹੈ।