ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਖੁਦ ਘਰ-ਘਰ ਜਾ ਕੇ ਲੋਕਾਂ ਨੂੰ ਕੀਤਾ ਸਿਹਤ ਸੰਭਾਲ ਪ੍ਰਤੀ ਸੁਚੇਤ ਕਰਦੇ ਹੋਏ !
ਦੀਦਾਰ ਗੁਰਨਾ
ਸੰਗਰੂਰ, 9 ਸਤੰਬਰ:
ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਅੱਜ ਖੁਦ ਡੇਂਗੂ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਦਿਆਂ ਘਰ ਘਰ ਪਹੁੰਚ ਕਰਕੇ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਜ਼ਿਲ੍ਹਾ ਸੰਗਰੂਰ ਦੇ ਲੋਕਾਂ ਨੂੰ ਡੇਂਗੂ ਦੇ ਪ੍ਰਕੋਪ ਤੋਂ ਬਚਾਉਣ ਅਤੇ ਡੇਂਗੂ ਦੇ ਲੱਛਣਾਂ ਬਾਰੇ ਜਾਣੂ ਕਰਵਾਉਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਨਰਸਿੰਗ ਸਕੂਲ ਸੰਗਰੂਰ ਦੀਆਂ ਵਿਦਿਆਰਥਣਾਂ ਵੱਲੋਂ ਕੌਲਾ ਪਾਰਕ ਤੋਂ ਜਾਗਰੂਕਤਾ ਰੈਲੀ ਨੂੰ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਨਾਲ ਐਸ.ਡੀ.ਐਮ. ਅਵਿਕੇਸ਼ ਗੁਪਤਾ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਸਮੇਤ ਬੱਸ ਸਟੈਂਡ ਨਜ਼ਦੀਕ ਸਥਿਤ ਕਲੋਨੀਆਂ ਵਿੱਚ ਘਰ-ਘਰ ਪਹੁੰਚ ਕਰਕੇ ਡੇਂਗੂ ਜਾਗਰੂਕਤਾ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਆਪਣੇ ਆਲੇ ਦੁਆਲੇ ਸਫ਼ਾਈ ਰੱਖਣ ਅਤੇ ਘਰਾਂ ਦੇ ਅੰਦਰ ਜਾਂ ਬਾਹਰ ਪਾਣੀ ਖੜ੍ਹਾ ਨਾ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਡੇਂਗੂ ਪੀੜ੍ਹਤ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਤੁਰੰਤ ਨੇੜੇ ਦੇ ਸਿਹਤ ਸੰਸਥਾਵਾਂ/ਸਿਹਤ ਵਰਕਰ ਨਾਲ ਸੰਪਰਕ ਕੀਤਾ ਜਾਵੇ, ਤਾਂ ਜੋ ਸਮੇਂ ਨਾਲ ਇਸਦਾ ਇਲਾਜ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ 'ਚ ਡੇਂਗੂ ਚਿਕਨਗੁਨੀਆ ਦਾ ਟੈਸਟ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ।
ਇਸ ਮੌਕੇ ਸਿਵਲ ਸਰਜਨ ਡਾ. ਰਾਜ ਕੁਮਾਰ ਨੇ ਦੱਸਿਆ ਕਿ ਡੇਂਗੂ ਅਤੇ ਚਿਕਨਗੁਨੀਆ ਦੇ ਮਰੀਜ਼ਾਂ ਲਈ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਦੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਮਸੂੜਿਆਂ ਅਤੇ ਨੱਕ ਵਿਚੋ ਖੂਨ ਵਗਣ ਦੀ ਸੂਰਤ 'ਚ ਤੁਰੰਤ ਆਪਣੇ ਨਜ਼ਦੀਕੀ ਹਸਪਤਾਲ ਵਿੱਚ ਪਹੁੰਚ ਕਰਕੇ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ।
ਜਿਲਾ ਐਪੀਡੀਮੌਲੋਜਿਸਟ ਡਾ: ਉਪਾਸਨਾ ਬਿੰਦਰਾ ਨੇ ਦੱਸਿਆ ਕਿ ਡੇਂਗੂ ਬੁਖਾਰ ਦਾ ਮੱਛਰ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਇਹ ਆਮ ਤੌਰ ਤੇ ਘਰਾਂ ਵਿੱਚ ਕੁਲਰਾਂ ਦੇ ਪਾਣੀ , ਗਮਲਿਆਂ. ਫਰਿਜ ਦੀ ਟ੍ਰੇਅ, ਜਾਂ ਛੱਤ ਤੇ ਪਏ ਪੁਰਾਣੇ ਟੁੱਟੇ ਫੁੱਟੇ ਬਰਤਨਾਂ ਆਦਿ ਵਿੱਚ ਜਮ੍ਹਾਂ ਹੋਏ ਬਰਸਾਤ ਦੇ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਸਾਨੂੰ ਚਾਹੀਦਾ ਹੈ ਕਿ ਹਰ ਹਫਤੇ ਫਰਾਈ ਡੇ-ਡਰਾਈ ਡੇ ਕੰਪੇਨ ਜੋ ਕਿ ਪੂਰੇ ਪੰਜਾਬ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੌ ਚਲਾਈ ਜਾ ਰਹੀ ਹੈ ਇਸ ਅਨੁਸਾਰ ਹਰ ਹਫਤੇ ਇੰਨ੍ਹਾ ਵਿੱਚ ਜਮਾਂ ਹੋਏ ਪਾਣੀ ਨੂੰ ਸਾਫ ਕਰਕੇ ਸੁਕਾ ਕੇ ਹੀ ਫਿਰ ਤੌਂ ਪਾਣੀ ਭਰਨਾ ਚਾਹੀਦਾ ਹੈ।