ਡਿਪਟੀ ਕਮਿਸ਼ਨਰ ਨੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ, ਕਿਹਾ ਰਾਜ ਪੱਧਰੀ ਸਮਾਗਮ ਦੇ ਸਾਰੇ ਪ੍ਰਬੰਧ ਹੋਏ ਮੁਕੰਮਲ
ਸਾਰਾਗੜ੍ਹੀ ਸ਼ਹੀਦਾਂ ਦੇ ਵਾਰਸਾਂ, ਸਾਬਕਾ ਸੈਨਿਕਾਂ/ਵਿਧਵਾਵਾਂ ਨੂੰ ਕੀਤਾ ਜਾਵੇਗਾ ਸਨਮਾਨਿਤ
ਫ਼ਿਰੋਜ਼ਪੁਰ 11 ਸਤੰਬਰ 2019 : ਪੰਜਾਬ ਸਰਕਾਰ ਵੱਲੋਂ ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ ਤੇ ਇਸ ਰਾਜ ਪੱਧਰੀ ਸਮਾਗਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ: ਚੰਦਰ ਗੈਂਦ ਨੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ।
ਡਿਪਟੀ ਕਮਿਸ਼ਨਰ ਸ੍ਰੀ: ਚੰਦਰ ਗੈਂਦ ਨੇ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਵਿਚ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਪੰਜਾਬ ਸ੍ਰ. ਬਲਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨਗੇ। ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਸਾਹਿਬ ਦਾ ਭੋਗ ਪੈਣ ਉਪਰੰਤ ਅਰਦਾਸ ਹੋਵੇਗੀ। ਇਸ ਉਪਰੰਤ ਮੁੱਖ ਮਹਿਮਾਨ ਜੀ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਵੇਖਣ ਤੋਂ ਬਾਅਦ ਵਿਸ਼ਾਲ ਪੰਡਾਲ ਵਿੱਚ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਨਗੇ ਅਤੇ ਸਾਰਾਗੜ੍ਹੀ ਦੇ ਸ਼ਹੀਦਾਂ ਦੇ ਵਾਰਸਾਂ, ਸਾਬਕਾ ਫ਼ੌਜੀਆਂ/ਆਸ਼ਰਿਤਾਂ ਤੇ ਵਿਦੇਸ਼ੀ ਮਹਿਮਾਨਾਂ ਨੂੰ ਸਨਮਾਨਿਤ ਕਰਨਗੇ।
ਉਨ੍ਹਾਂ ਕਿਹਾ ਕਿ ਜਿੱਥੇ ਦੇਸ਼ ਵਿਦੇਸ਼ ਤੋਂ ਸੰਗਤਾਂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੀਆਂ, ਉੱਥੇ ਹੀ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋ ਵੱਧ ਇਸ ਰਾਜ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਕੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਸਬੰਧੀ ਵਿਚਾਰ ਸੁਣਨ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਇਸ ਪਵਿੱਤਰ ਦਿਹਾੜੇ ਤੋ ਪ੍ਰੇਰਨਾ ਲੈ ਕੇ ਇਹ ਪ੍ਰਣ ਕਰਨ ਕਿ ਅਸੀਂ ਦੇਸ਼ ਭਗਤਾਂ ਤੇ ਸ਼ਹੀਦਾਂ ਵੱਲੋਂ ਦਰਸਾਏ ਰਸਤੇ ਤੇ ਚੱਲ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਾਂਗੇ ਤਾਂ ਜੋ ਆਪਣਾ ਦੇਸ਼ ਅਤੇ ਪੰਜਾਬ ਬੁਲੰਦੀਆਂ ਨੂੰ ਛੋਹ ਸਕੇ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਵਿੱਚੋਂ ਆਉਣ ਵਾਲੀਆਂ ਸੰਗਤਾਂ ਲਈ ਗੁਰੂ ਦੇ ਅਟੁੱਟ ਲੰਗਰ ਦਾ ਪ੍ਰਬੰਧ ਹੋਵੇਗਾ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਰਵਿੰਦਰ ਸਿੰਘ, ਐਸ.ਡੀ.ਐਮ ਸ਼੍ਰੀ ਅਮਿੱਤ ਗੁਪਤਾ, ਸਹਾਇਕ ਕਮਿਸ਼ਨਰ ਸ੍ਰ. ਰਣਜੀਤ ਸਿੰਘ, ਸਿਵਲ ਸਰਜਨ ਡਾ. ਹਰੀ ਨਰਾਇਣ, ਸਕੱਤਰ ਰੈੱਡ ਕਰਾਸ ਸ੍ਰੀ. ਅਸ਼ੋਕ ਬਹਿਲ, ਸੈਕਟਰੀ ਜ਼ਿਲ੍ਹਾ ਪ੍ਰੀਸ਼ਦ ਗੁਰਮੀਤ ਸਿੰਘ ਢਿੱਲੋਂ ਸਮੇਤ ਵੱਖ-ਵੱਖ ਵਿਭਾਗਾਂ ਅਤੇ ਫ਼ੌਜ ਦੇ ਅਧਿਕਾਰੀ ਵੀ ਹਾਜ਼ਰ ਸਨ।