ਹੁਸ਼ਿਆਰਪੁਰ, 14 ਸਤੰਬਰ 2019 - ਉਦਯੋਗ ਤੇ ਵਣਜ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਹੈ, ਜਿਸ ਲਈ ਸਰਕਾਰ ਵਲੋਂ ਪਿੰਡਾਂ ਵਿੱਚ ਮੁਢਲੀਆਂ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਹਨ। ਉਹ ਪਿੰਡ ਬਸੀ ਅਲੀ ਵਿੱਚ ਪਿੰਡ ਵਾਸੀਆਂ ਵਲੋਂ ਆਯੋਜਿਤ ਇਕ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਵੱਖ-ਵੱਖ ਵਿਕਾਸ ਕੰਮਾਂ ਲਈ 6 ਲੱਖ ਰੁਪਏ ਦਾ ਚੈਕ ਸੌਂਪਿਆ। ਉਨ੍ਹਾਂ ਪਿੰਡ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਰੁਚੀ ਦਿਖਾਉਣ, ਕਿਉਂਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਰਚਨਾਤਮਕ ਮਾਹੌਲ ਬਣਾਇਆ ਜਾ ਰਿਹਾ ਹੈ, ਤਾਂ ਜੋ ਨੌਜਵਾਨਾਂ ਨੂੰ ਸਿੱਖਿਆ ਅਤੇ ਸਰੀਰਕ ਪੱਖ ਤੋਂ ਵਿਕਸਿਕ ਕੀਤਾ ਜਾ ਸਕੇ।
ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬੱਧ ਕਰਵਾਉਣ ਲਈ ਘਰ-ਘਰ ਰੋਜ਼ਗਾਰ ਅਭਿਆਨ ਸ਼ੁਰੂ ਕੀਤਾ ਹੈ, ਜਿਸ ਤਹਿਤ ਰੋਜ਼ਗਾਰ ਮੇਲੇ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਕੜੀ ਵਿੱਚ ਹੁਸ਼ਿਆਰਪੁਰ ਵਿੱਚ 3 ਮੈਗਾ ਰੋਜ਼ਗਾਰ ਲਗਾਏ ਜਾ ਰਹੇ ਹਨ, ਜਿਸ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਉਪਲਬੱਧ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 20 ਸਤੰਬਰ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ, 24 ਨੂੰ ਰਿਆਤ ਬਾਹਰਾ ਇੰਸਟੀਚਿਊਟ ਅਤੇ 27 ਸਤੰਬਰ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿੱਚ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।
ਸ਼੍ਰੀ ਅਰੋੜਾ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸੁਵਿਧਾ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਸਾਫਟ ਸਕਿੱਲ ਕੋਰਸ ਵੀ ਸ਼ੁਰੂ ਕੀਤਾ ਗਿਆ ਹੈ, ਜੋ ਕਿਸੇ ਵੀ ਇੰਟਰਵਿਊ ਦੇ ਸਮੇਂ ਨੌਜਵਾਨਾਂ ਅੰਦਰ ਆਤਮ ਵਿਸ਼ਵਾਸ਼ ਭਰਨ ਲਈ ਕਾਫੀ ਸਹਾਇਕ ਸਿਧ ਹੋਵੇਗਾ। ਉਨ੍ਹਾਂ ਕਿਹਾ ਕਿ 100 ਘੰਟਿਆਂ ਦੇ ਸਾਫਟ ਸਕਿੱਲ ਕੋਰਸ ਸਬੰਧੀ ਟਰੇਨਿੰਗ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ। ਇਸ ਮੌਕੇ ’ਤੇ ਕੈਪਟਨ ਕਰਮ ਸਿੰਘ, ਸਰਪੰਚ ਮਨੀਸ਼ ਠਾਕੁਰ ਮੌਂਟੀ, ਸ਼੍ਰੀ ਸੁਖਦੇਵ ਸਿੰਘ, ਸ਼੍ਰੀਮਤੀ ਨੀਤਾ ਬੇਦੀ, ਸ਼੍ਰੀਮਤੀ ਜਸਵਿੰਦਰ ਕੌਰ, ਸ਼੍ਰੀ ਕੁਲਦੀਪ ਅਰੋੜਾ, ਸ਼੍ਰੀ ਕਮਲ ਕੁਮਾਰ, ਸ਼੍ਰੀ ਜੁਗਲ ਕਿਸ਼ੋਰ, ਬਲਾਕ ਸੰਮਤੀ ਮੈਂਬਰ ਸ਼੍ਰੀ ਬਿੱਲਾ ਦਿਲਾਵਰ, ਸ਼੍ਰੀ ਰਾਹੁਲ ਗੋਇਲ, ਸ਼੍ਰੀ ਗੁਲਸ਼ਨ ਰਾਏ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ।