← ਪਿਛੇ ਪਰਤੋ
ਅੰਮ੍ਰਿਤਸਰ, 14 ਸਤੰਬਰ 2019: ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਭਾਰਤ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂ ਕਾਲੀ ਸੂਚੀ ਵਿੱਚੋਂ ਹਟਾਉਣ ਦਾ ਸਵਾਗਤ ਕੀਤਾ ਹੈ ਅਤੇ ਭਾਰਤ ਦੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਉਕਤ ਫੈਸਲੇ 'ਤੇ ਦੇਰ ਆਏ ਦਰੁਸਤ ਆਏ ਕਹਿੰਦਿਆਂ ਤਸਲੀ ਪ੍ਰਗਟਾਈ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਕਿਹਾ ਕਿ ਹੁਣ ਪੰਜਾਬ ਦੇ ਕਾਲੇ ਦੌਰ ਦੌਰਾਨ ਵਿਦੇਸ਼ਾਂ 'ਚ ਪਨਾਹ ਲੈਣ ਲਈ ਮਜਬੂਰ ਹੋਏ ਸਿੱਖਾਂ ਦੀ ਵਿਵਾਦਿਤ 'ਕਾਲੀ ਸੂਚੀ' ਦੇ ਮੁਕੰਮਲ ਖ਼ਤਮੇ ਨੂੰ ਅਮਲੀ ਰੂਪ ਦੇਣ ਦਾ ਵੇਲਾ ਹੈ। ਉਹਨਾਂ ਦਸਿਆ ਕਿ ਦਮਦਮੀ ਟਕਸਾਲ ਦੇ ਵਫਦ ਨੇ ਬੀਤੇ ਦੌਰਾਨ ਭਾਰਤੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲ ਕੇ ਸੰਬੰਧਿਤ ਕਾਲੀ ਸੂਚੀ ਖਤਮ ਕਰਨ ਦੀ ਅਪੀਲ ਕੀਤੀ ਸੀ। ਉਹਨਾਂ ਕਿਹਾ ਕਿ ਸਿੱਖ ਕੌਮ ਵਲੋਂ ਪਿਛਲੇ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਅਤੇ ਕੇਂਦਰ ਸਰਕਾਰ ਦੇ ਫੈਸਲੇ ਨਾਲ ਪ੍ਰਭਾਵਤ ਸਿੱਖਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦੇਸ਼ਾਂ ਵਿਚ ਲੰਮੇ ਸਮੇਂ ਤੋਂ ਰਹਿ ਰਹੇ ਸਿੱਖਾਂ ਨੂੰ ਆਪਣੇ ਦੇਸ਼ ਆਉਣ ਅਤੇ ਆਪਣੇ ਪਰਿਵਾਰਾਂ ਨੂੰ ਮਿਲਣ ਦਾ ਰਾਹ ਪੱਧਰਾ ਹੋਇਆ ਹੈ।
Total Responses : 936