ਚੱਪੜ ਚਿੜੀ ਵਿੱਚ ਕਿਸਾਨ ਮੇਲੇ ਦਾ ਕੀਤਾ ਉਦਘਾਟਨ; ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ਵਾਲੇ ਕਿਸਾਨਾਂ ਦਾ ਕੀਤਾ ਸਨਮਾਨ
ਐਸ.ਏ.ਐਸ. ਨਗਰ, 23 ਸਤੰਬਰ 2019: ਕਿਸਾਨਾਂ ਨੂੰ ਪਰਾਲੀ ਨੂੰ ਫੂਕਣ ਦੀ ਬਜਾਏ ਜ਼ਮੀਨ ਵਿੱਚ ਵਾਹ ਕੇ ਧਰਤੀ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਦੇ ਸੱਦੇ ਨਾਲ ਜ਼ਿਲ੍ਹਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਅੱਜ ਇੱਥੇ ਪਿੰਡ ਚੱਪੜ ਚਿੜੀ ਵਿੱਚ ਆਤਮਾ ਸਕੀਮ ਅਧੀਨ ਹਾੜ੍ਹੀ ਦੀਆਂ ਫਸਲਾਂ ਬਾਰੇ ਕਿਸਾਨ ਸਿਖਲਾਈ ਕੈਂਪ ਲਾਇਆ।
ਕਿਸਾਨ ਮੇਲੇ ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਪੰਜਾਬ ਨੂੰ ਪਰਾਲੀ ਫੂਕਣ ਦੇ ਖ਼ਤਰੇ ਤੋਂ ਮੁਕਤ ਕਰਨ ਲਈ ਕਿਸਾਨਾਂ ਨੂੰ ਅੱਗੇ ਆ ਕੇ ਸੂਬਾ ਸਰਕਾਰ ਨਾਲ ਸਹਿਯੋਗ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਹੀ ਸਹਿਕਾਰੀ ਸੁਸਾਇਟੀਆਂ ਰਾਹੀਂ ਆਧੁਨਿਕ ਮਸ਼ੀਨਰੀ ਮੁਹੱਈਆ ਕਰ ਰਹੀ ਹੈ, ਜਿਸ ਨੂੰ ਕਿਰਾਏ ਉਤੇ ਲੈ ਕੇ ਕਿਸਾਨ ਫਸਲਾਂ ਦੀ ਰਹਿੰਦ ਖੂੰਹਦ ਨੂੰ ਜ਼ਮੀਨ ਵਿੱਚ ਵਾਹ ਸਕਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾ ਸਕਦੇ ਹਨ। ਇਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚੇਗਾ। ਉਨ੍ਹਾਂ ਕਿਸਾਨਾਂ ਦੀ ਭਲਾਈ ਲਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।
ਸ. ਸਿੱਧੂ ਨੇ ਕਿਹਾ ਕਿ ਕਿਸਾਨਾਂ ਨੂੰ ਆਰਥਿਕ ਤੌਰ ਉਤੇ ਆਤਮ ਨਿਰਭਰ ਹੋਣ ਲਈ ਖ਼ੁਦ ਮਾਰਕੀਟਿੰਗ (ਮੰਡੀਕਰਨ) ਵੱਲ ਆਉਣਾ ਪਵੇਗਾ। ਸੂਬੇ ਦੇ ਕਿਸਾਨਾਂ ਦੀ ਮੰਦਹਾਲੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਿਹਨਤ ਤੇ ਫਸਲਾਂ ਦਾ ਵੱਧ ਝਾੜ ਲੈਣ ਦੇ ਬਾਵਜੂਦ ਆਪਣੀ ਮਿਹਨਤ ਦਾ ਸਹੀ ਮੁੱਲ ਨਹੀਂ ਮਿਲਦਾ। ਇਸ ਲਈ ਹੁਣ ਖ਼ੁਦ ਮੰਡੀਕਰਨ ਵੱਲ ਆਉਣਾ ਸਮੇਂ ਦੀ ਲੋੜ ਬਣ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਰਵਾਇਤੀ ਫਸਲੀ ਚੱਕਰ ਵਿੱਚੋਂ ਵੀ ਨਿਕਲ ਕੇ ਫਸਲੀ ਵਿਭਿੰਨਤਾ ਅਪਨਾਉਣ ਦੀ ਅਪੀਲ ਕੀਤੀ।
ਫਸਲੀ ਵੰਨ ਸੁਵੰਨਤਾ ਅਤੇ ਹੋਰ ਨਵੀਆਂ ਖੇਤੀਬਾੜੀ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਹੋਰ ਵਿਭਾਗਾਂ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਨੂੰ ਮੁਰਗੀ ਪਾਲਣ, ਸੂਰ ਪਾਲਣ ਤੇ ਸ਼ਹਿਦ ਦੀਆਂ ਮੱਖੀਆਂ ਪਾਲਣ ਵਰਗੇ ਸਹਾਇਕ ਧੰਦਿਆਂ ਨੂੰ ਅਪਨਾਉਣ ਦੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੀਟਨਾਸ਼ਕਾਂ ਤੇ ਰਸਾਇਣਕ ਖਾਦਾਂ ਦੀ ਬੇਲੋੜੀ ਵਰਤੋਂ ਨਾ ਕਰਨ ਅਤੇ ਇਸ ਲਈ ਖੇਤੀਬਾੜੀ ਵਿਭਾਗ, ਖੇਤੀਬਾੜੀ ਯੂਨੀਵਰਸਿਟੀ ਅਤੇ ਵਿਗਿਆਨੀਆਂ ਦੀਆਂ ਸਿਫ਼ਾਰਸ਼ਾਂ ਉਤੇ ਧਿਆਨ ਦੇਣ। ਇਨ੍ਹਾਂ ਸਿਫ਼ਾਰਸ਼ਾਂ ਦੇ ਹਿਸਾਬ ਨਾਲ ਹੀ ਕੀਟਨਾਸ਼ਕਾਂ ਤੇ ਖਾਦਾਂ ਦੀ ਵਰਤੋਂ ਕੀਤੀ ਜਾਵੇ।
ਮਿਲਾਵਟਖੋਰਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਤੰਦਰੁਸਤ ਪੰਜਾਬ’ ਦਾ ਜ਼ਿਕਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਜੇ ਮਿਲਾਵਟ ਪੂਰੀ ਤਰ੍ਹਾਂ ਬੰਦ ਹੋ ਜਾਵੇ ਤਾਂ ਕਿਸਾਨਾਂ ਨੂੰ ਦੁੱਧ ਤੇ ਹੋਰ ਵਸਤਾਂ ਦਾ ਪੂਰਾ ਭਾਅ ਮਿਲੇਗਾ। ਪੰਜਾਬ ਸਰਕਾਰ ਮਿਲਾਵਟਖੋਰੀ ਰੋਕਣ ਲਈ ਤਤਪਰ ਹੈ ਅਤੇ ਹੁਣ ਆਮ ਲੋਕਾਂ ਤੇ ਕਿਸਾਨਾਂ ਨੂੰ ਵੀ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਪੰਜ ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਦੇਣ ਲਈ ਸ਼ੁਰੂ ਕੀਤੀ ‘ਸਰਬੱਤ ਸਿਹਤ ਬੀਮਾ ਯੋਜਨਾ’ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ।
ਕਿਸਾਨ ਮੇਲੇ ਦੌਰਾਨ ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ਵਾਲੇ 10 ਕਿਸਾਨਾਂ ਦਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵੱਖ ਵੱਖ ਵਿਭਾਗਾਂ ਤੇ ਅਗਾਂਹਵਧੂ ਕਿਸਾਨਾਂ ਤੇ ਕੰਪਨੀਆਂ ਨੇ ਨਵੀਆਂ ਸਕੀਮਾਂ ਤੇ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਟਾਲ ਵੀ ਲਾਏ। ਕਿਸਾਨ ਮੇਲੇ ਦੌਰਾਨ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਰਾਜੇਸ਼ ਵਸ਼ਿਸ਼ਟ, ਡੀ.ਡੀ.ਪੀ.ਓ. ਡੀ.ਕੇ. ਸਾਲਦੀ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਰਵਿੰਦਰ ਸੰਧੂ, ਡਿਪਟੀ ਪ੍ਰਾਜੈਕਟ ਡਾਇਰੈਕਟਰ ਆਤਮਾ ਸਕੀਮ ਡਾ. ਪ੍ਰਭ ਮਨਿੰਦਰ ਕੌਰ, ਮੁੱਖ ਖੇਤੀਬਾੜੀ ਅਫ਼ਸਰ ਹਰਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ ਗੁਰਦਿਆਲ ਕੁਮਾਰ, ਐਸ.ਏ.ਐਸ. ਨਗਰ ਜ਼ਿਲ੍ਹਾ ਸਹਿਕਾਰੀ, ਕਿਰਤ ਤੇ ਉਸਾਰੀ ਸਭਾਵਾਂ ਯੂਨੀਅਨ ਲਿਮਟਿਡ ਮੁਹਾਲੀ ਦੇ ਚੇਅਰਮੈਨ ਮੋਹਨ ਸਿੰਘ ਬਠਲਾਣਾ, ਜ਼ੋਰਾ ਸਿੰਘ ਮਨੌਲੀ, ਬਲਾਕ ਸਮਿਤੀ ਖਰੜ ਦੇ ਚੇਅਰਮੈਨ ਮਨਜੀਤ ਸਿੰਘ ਤੰਗੌਰੀ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ, ਰਜਿੰਦਰ ਸਿੰਘ ਰਾਏਪੁਰ ਕਲਾਂ ਮੈਂਬਰ ਬਲਾਕ ਸਮਿਤੀ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਗੁਰਵਿੰਦਰ ਸਿੰਘ ਬੜੀ ਅਤੇ ਐਡਵੋਕੇਟ ਅਮਨਦੀਪ ਕੌਰ ਸਰਪੰਚ ਤੰਗੌਰੀ ਹਾਜ਼ਰ ਸਨ।