ਪਟਿਆਲਾ, 08 ਅਕਤੂਬਰ 2019: ਸਿੱਖਿਆ ਵਿਭਾਗ ਪੰਜਾਬ ਵੱਲੋ ਵਿੱਦਿਆ ਵਿੱਚ ਗੁਣਾਤਮਕ ਸੁਧਾਰ ਕਰਨ ਤੇ ਸਮਾਰਟ ਸਕੂਲ ਬਣਾਉਣ ਵਾਲੇ ਅਧਿਆਪਕਾਂ ਦੀ ਹੋਸਲਾ ਅਫਜਾਈ ਲਈ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸੇ ਦੇ ਤਹਿਤ ਪਟਿਆਲਾ ਵਿਖੇ ਪ੍ਰਭਾਵਸ਼ਾਲੀ ਅਧਿਆਪਕ ਸਮਾਰੋਹ ਕਰਵਾਇਆਂ ਗਿਆ , ਜਿਸ ਵਿੱਚ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਰਜਿੰਦਰ ਸਿੰਘ ਚਾਨੀ ਸ. ਸ. ਮਾਸਟਰ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਤੇ ਜਸਵੀਰ ਕੌਰ ਸਾਇੰਸ ਮਿਸਟ੍ਰੈਸ ਸਰਕਾਰੀ ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਐੱਨ ਟੀ ਸੀ ਰਾਜਪੁਰਾ ਟਾਊਨ ਜ਼ਿਲ੍ਹਾ ਪਟਿਆਲਾ ਨੂੰ ਆਪਣੇ ਆਪਣੇ ਸਕੂਲਾਂ ਦੇ ਵਿਕਾਸ , ਗੁਣਾਤਮਕ ਸਿੱਖਿਆ, ਸਕੂਲ ਮੁੱਖੀਆਂ ਨੂੰ ਸਮਾਰਟ ਸਕੂਲ ਬਣਾਉਣ ਲਈ ਪ੍ਰੇਰਿਤ ਕਰਨ ਅਤੇ ਸਹਿਯੋਗ ਦੇਣ ਲਈ ਸਿੱਖਿਆ ਵਿਭਾਗ ਵੱਲੋ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ।
ਜਿਕਰਯੋਗ ਹੈ ਕਿ ਰਜਿੰਦਰ ਸਿੰਘ ਚਾਨੀ 2008 ਵਿੱਚ ਪੜ੍ਹੋ ਪੰਜਾਬ ਪ੍ਰੋਜੈਕਟ ਦੇ ਜ਼ਿਲ੍ਹਾ ਕੋਆਰਡੀਨੇਟਰ ਰਹੇ ਹਨ ਤੇ ਮੌਜੂਦਾ ਸਮੇ ਵਿੱਚ ਸਿੱਖਿਆ ਵਿਭਾਗ ਦੇ ਬੁਲਾਰੇ ਦੇ ਤੌਰ ਤੇ ਆਪਣੀ ਲੇਖਣੀ ਦੁਆਰਾ ਅਧਿਆਪਕਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਮਹੱਤਵਪੂਰਨ ਰੋਲ ਅਦਾ ਕਰ ਰਹੇ ਹਨ। ਇਸ ਦੇ ਨਾਲ ਨਾਲ ਸਮਾਜਿਕ ਭਾਈਚਾਰੇ ਨੂੰ ਸਕੂਲਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਸਾਕਾਰਤਮਕ ਰੋਲ ਅਦਾ ਕਰ ਰਹੇ ਹਨ। ਉਨ੍ਹਾਂ ਦੀ ਜੀਵਨ ਸਾਥਣ ਜਸਵੀਰ ਕੌਰ ਜੋ ਕਿ ਇਸ ਵੇਲੇ ਸਰਕਾਰੀ ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਐਨ ਟੀ ਸੀ ਰਾਜਪੁਰਾ ਟਾਊਨ ਵਿਖੇ ਸਾਇੰਸ ਮਿਸਟ੍ਰੈਸ ਦੇ ਤੌਰ ਤੇ ਸੇਵਾਵਾਂ ਨਿਭਾ ਰਹੇ ਹਨ , ਵੱਲੋ ਵਿਦਿਆਰਥੀਆ ਦੀ ਭਲਾਈ ਲਈ ਸਮਾਜਿਕ ਸੰਸਥਾਵਾਂ ਤੇ ਦਾਨੀ ਸੱਜਣਾਂ ਪਾਸੋਂ ਸਕੂਲ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਯਤਨ ਕਰਦੇ ਰਹਿੰਦੇ ਹਨ। ਜਿਸ ਲਈ ਉਨ੍ਹਾਂ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਸ ਦੌਰਾਨ ਸਿੱਖਿਆ ਵਿਭਾਗ ਦੇ ਬੁਲਾਰੇ ਰਜਿੰਦਰ ਸਿੰਘ ਚਾਨੀ ਤੇ ਸਾਇੰਸ ਅਧਿਆਪਕਾ ਜਸਵੀਰ ਕੌਰ ਨੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਇਸ ਦਿੱਤੇ ਸਨਮਾਨ ਲਈ ਧੰਨਵਾਦ ਕਰਦਿਆਂ ਭਵਿੱਖ ਵਿੱਚ ਸਰਕਾਰੀ ਸਕੂਲਾਂ ਦੇ ਸੁਧਾਰਾਂ ਲਈ ਕੀਤੇ ਜਾ ਰਹੇ ਯਤਨਾਂ ਨੂੰ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ।