ਪਿੰਡ ਕਨੋਈ ਦੇ ਕਿਸਾਨ ਜੋੋਗਾ ਸਿੰਘ ਤੂਰ ਨੇ ਲਈ ਖੇਤੀਬਾੜੀ ਵਿਭਾਗ ਦੀ ਸਲਾਹ
ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰ ਕੇ ਪ੍ਰਾਪਤ ਕਰ ਰਿਹੈ ਚੋਖਾ ਝਾੜ
ਸੰਗਰੂਰ, 12 ਅਕਤੂਬਰ 2019: ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਕਿਸਾਨਾਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤੇ ਜ਼ਿਲੇ ਦੇ ਅਗਾਂਹਵਧੂ ਕਿਸਾਨ ਇਸ ਉਦੇਸ਼ ਦੀ ਪੂਰਤੀ ’ਚ ਪੂਰਾ ਸਹਿਯੋਗ ਦੇ ਰਹੇ ਹਨ। ਇਨਾਂ ਅਗਾਂਹਵਧੂ ਕਿਸਾਨਾਂ ਵਿਚੋਂ ਇਕ ਹੈ ਪਿੰਡ ਕਨੋਈ, ਬਲਾਕ ਸੰਗਰੂਰ ਦਾ ਅਗਾਂਹਵਧੂ ਕਿਸਾਨ ਜੋਗਾ ਸਿੰਘ ਤੂਰ, ਜਿਸ ਨੇ ਪਿਛਲੇ 5 ਸਾਲਾਂ ਤੋਂ ਪਰਾਲੀ ਨਹੀਂ ਸਾੜੀ ਹੈ।
ਪਿੰਡ ਕਨੋਈ ਵਾਸੀ ਰਣਜੀਤ ਸਿੰਘ ਦੇ ਪੁੱਤ ਜੋਗਾ ਸਿੰਘ ਦਾ ਮੰਨਣਾ ਹੈ ਕਿ ਜਿੱਥੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਕਰਕੇ ਵਾਤਾਵਰਣ ਪ੍ਰਦੂਸ਼ਣ ਹੋਣੋਂ ਬਚ ਰਿਹਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋ ਰਿਹਾ ਹੈ, ਜਿਸ ਨਾਲ ਬੇਲੋੜੇ ਖਰਚੇ ਘਟੇ ਹਨ ਤੇ ਆਮਦਨ ਵਧੀ ਹੈ। ਜੋਗਾ ਸਿੰਘ ਨੇ ਦੱਸਿਆ ਕਿ ਉਹ ਕੁੱਲ 11 ਏਕੜ ਜ਼ਮੀਨ ’ਤੇ ਵਾਹੀ ਕਰਦਾ ਹੈ, ਜਿਸ ਵਿਚੋਂ 9 ਏਕੜ ਜ਼ਮੀਨ ਉਸ ਦੀ ਮਾਲਕੀ ਵਾਲੀ ਅਤੇ 2 ਏਕੜ ਜ਼ਮੀਨ ਠੇਕੇ ’ਤੇ ਲਈ ਹੋਈ ਹੈ। ਉਹ ਪਿਛਲੇ 5 ਸਾਲਾਂ ਤੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਾਏ ਕਣਕ ਦੀ ਬਿਜਾਈ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਉਹ ਹੈਪੀ ਸੀਡਰ ਨਾਲ ਝੋਨੇ ਦੀ ਖੜੀ ਪਰਾਲੀ ਵਿਚ ਕਣਕ ਦੀ ਬਿਜਾਈ ਕਰਦਾ ਹੈ। ਜੋਗਾ ਸਿੰਘ ਨੇ ਦੱਸਿਆ ਕਿ ਉਸ ਤੋਂ ਪ੍ਰਭਾਵਿਤ ਹੋ ਕੇ ਪਿੰਡ ਦੇ ਹੋਰ ਕਿਸਾਨਾਂ ਨੇ ਵੀ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਜ਼ਿਲੇ ਦੇ ਹੋਰਨਾਂ ਕਿਸਾਨਾਂ ਨੂੰ ਸੁਨੇਹਾ ਦਿੰਦਿਆਂ ਅਗਾਂਹਵਧੁ ਕਿਸਾਨ ਨੇ ਕਿਹਾ ਕਿ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਨਾਲ ਜ਼ਮੀਨ ਦੀ ਉਪਜਾੳੂ ਸ਼ਕਤੀ ਵਧਣ ਦੇ ਨਾਲ ਨਾਲ ਪਾਣੀ ਦੀ ਬੱਚਤ ਤੇ ਨਦੀਨਾਂ ਦੀ ਰੋਕਥਾਮ ਆਦਿ ਵਿਚ ਵੀ ਮਦਦ ਮਿਲਦੀ ਹੈ। ਉਸ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤੀਬਾੜੀ ਵਿਭਾਗ ਤੇ ਕਿਸਾਨ ਭਲਾਈ ਵਿਭਾਗ ਦੇ ਮਾਹਿਰਾਂ ਤੋਂ ਸਿਖਲਾਈ ਲੈ ਕੇ ਹੈਪੀ ਸੀਡਰ ਅਤੇ ਹੋਰਨਾਂ ਆਧੁਨਿਕ ਸੰਦਾਂ ਨਾਲ ਪਰਾਲੀ ਦੇ ਢੁਕਵੇਂ ਨਿਬੇੜਾ ਅਤੇ ਕਣਕ ਦੀ ਬਿਜਾਈ ਵੱਲ ਧਿਆਨ ਦਿੱਤਾ ਜਾਵੇ।
ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਸਿੰਘ ਨੇ ਦੱਸਿਆ ਕਿ ਕਿਸਾਨ ਜੋਗਾ ਸਿੰਘ ਸਮੇਂ-ਸਮੇਂ ’ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਾਏ ਜਾਂਦੇ ਕਿਸਾਨ ਸਿਖਲਾਈ ਕੈਂਪਾਂ ਵਿਚ ਭਾਗ ਲੈਂਦਾ ਹੈ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਦਾ ਹੈ। ਇਸ ਕਿਸਾਨ ਨੂੰ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪਾਂ ਵਿੱਚ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ।
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸਬਸਿਡੀ ਦਾ ਲਾਹਾ ਲੈਣ ਦਾ ਸੱਦਾ
ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਨਸ਼ਿਆਮ ਥੋਰੀ ਨੇ ਆਖਿਆ ਕਿ ਪੰਜਾਬ ਸਰਕਾਰ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ ਵੱਡੇ ਕਦਮ ਚੁੱਕ ਰਹੀ ਹੈ। ਪਰਾਲੀ ਦੇ ਵਾਤਾਵਰਨ ਪੱਖੀ ਨਿਬੇੜੇ ਲਈ ਵਿਅਕਤੀ ਤੌਰ ’ਤੇ ਕਿਸਾਨਾਂ ਨੂੰ 50 ਫੀਸਦੀ ਅਤੇ ਸਹਿਕਾਰੀ ਸਭਾਵਾਂ ਤੇ ਕਿਸਾਨ ਗਰੁੱਪਾਂ ਨੂੰ 80 ਫੀਸਦੀ ਸਬਸਿਡੀ ’ਤੇ ਮਸ਼ੀਨਰੀ ਦੇਣ ਦਾ ਪ੍ਰਬੰਧ ਹੈ। ਉਨਾਂ ਕਿਹਾ ਕਿ ਕਿਸਾਨ ਇਸ ਸਬਸਿਡੀ ਦਾ ਲਾਭ ਲੈਣ ਅਤੇ ਜੋਗਾ ਸਿੰਘ ਵਰਗੇ ਕਿਸਾਨਾਂ ਤੋਂ ਸੇਧ ਲੈ ਕੇ ਫਸਲ ਦੀ ਪਰਾਲੀ ਦਾ ਵਾਤਾਵਰਨ ਪੱਖੀ ਨਿਬੇੜਾ ਕਰਨ।