ਮੈਡੀਕਲ ਜਾਂਚ ਕੈਂਪ ਲਾਇਆ ਤੇ ਪੌਦੇ ਵੰਡੇ; ਸਿਹਤ ਮੰਤਰੀ ਵੱਲੋਂ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੁਨੇਹੇ ਮੁਤਾਬਕ ਪ੍ਰਕਾਸ਼ ਪੁਰਬ ਮਿਲ ਕੇ ਮਨਾਉਣ ਦੀ ਅਪੀਲ
ਐਸ.ਏ.ਐਸ. ਨਗਰ, 13 ਅਕਤੂਬਰ 2019: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਥੇ ਫੇਜ਼-8 ਐਸ.ਏ.ਐਸ. ਨਗਰ ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਸਾਹਮਣੇ ਪੈਂਦੇ ਗਰਾਊਂਡ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ।
ਕੀਰਤਨ ਦਰਬਾਰ ਵਿੱਚ ਬੀਬੀਆਂ ਦੇ ਜਥੇ ਸਮੇਤ ਭਾਈ ਲਖਵਿੰਦਰ ਸਿੰਘ ਜੀ ਚੰਡੀਗੜ ਵਾਲੇ, ਭਾਈ ਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਹਰਪ੍ਰੀਤ ਸਿੰਘ ਜੀ ਮਖੂ ਲੁਧਿਆਣਾ ਵਾਲੇ, ਭਾਈ ਸੁਰਿੰਦਰ ਸਿੰਘ ਜੀ ਜੋਧਪੁਰੀ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਉਂਕਾਰ ਸਿੰਘ ਜੀ ੳੂਨਾ ਵਾਲਿਆਂ ਨੇ ਇਲਾਹੀ ਬਾਣੀ ਦੇ ਗਾਇਨ ਨਾਲ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਤੋਂ ਇਲਾਵਾ ਇਲਾਕੇ ਦੀਆਂ ਹੋਰ ਧਾਰਮਿਕ ਸ਼ਖ਼ਸੀਅਤਾਂ, ਜਿਨਾਂ ਵਿੱਚ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਬਾਬਾ ਦਰਸ਼ਨ ਸਿੰਘ, ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ ਵਾਲੇ, ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ ਅਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਪੁੱਜੀਆਂ। ਇਸ ਮੌਕੇ ਸੰਗਤ ਦੇ ਦਰਸ਼ਨ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਪੁੱਜੇ।
ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ ’ਤੇ ਮਨਾਉਣ ਦੀ ਅਪੀਲ ਕਰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ। ਇਸ ਉਤੇ ਚੱਲਦਿਆਂ ਸਾਨੂੰ ਇਕਜੁੱਟ ਹੋ ਕੇ ਗੁਰੂਆਂ ਦੇ ਪੁਰਬ ਮਨਾਉਣੇ ਚਾਹੀਦੇ ਹਨ। ਗੁਰੂ ਨਾਨਕ ਦੇਵ ਜੀ ਦੇ ਵਾਤਾਵਰਨ ਨੂੰ ਬਚਾਉਣ ਦੇ ਉਪਦੇਸ਼ ਉਤੇ ਚੱਲਦਿਆਂ ਕੀਰਤਨ ਦਰਬਾਰ ਦੌਰਾਨ ਸੰਗਤ ਨੂੰ ਪੌਦੇ ਵੀ ਵੰਡੇ ਗਏ ਅਤੇ ਮੈਡੀਕਲ ਜਾਂਚ ਕੈਂਪ ਲਾਇਆ ਗਿਆ। ਕੀਰਤਨ ਦਰਬਾਰ ਦੌਰਾਨ ਕਿਤਾਬਾਂ ਦਾ ਸਟਾਲ ਲਾਇਆ ਗਿਆ ਤਾਂ ਜੋ ਲੋਕਾਈ ਨੂੰ ਸਿੱਖਿਆ ਦਾ ਚਾਨਣ ਵੰਡਿਆ ਜਾ ਸਕੇ। ਕੀਰਤਨ ਦਰਬਾਰ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇਸ ਮੌਕੇ ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਐਡਵੋਕੇਟ ਕੰਵਰਵੀਰ ਸਿੰਘ ਸਿੱਧੂ, ਸੀਨੀਅਰ ਕਾਂਗਰਸੀ ਆਗੂ ਰਾਜਾ ਕੰਵਰਜੋਤ ਸਿੰਘ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਜਥੇਦਾਰ ਅਮਰੀਕ ਸਿੰਘ ਮੁਹਾਲੀ, ਬਲਾਕ ਸਮਿਤੀ ਮੈਂਬਰ ਰਾਜਿੰਦਰ ਸਿੰਘ ਰਾਏਪੁਰ, ਜ਼ਿਲਾ ਪ੍ਰੀਸ਼ਦ ਦੀ ਚੇਅਰਪਰਸਨ ਜਸਵਿੰਦਰ ਕੌਰ, ਜ਼ਿਲਾ ਪ੍ਰੀਸ਼ਦ ਮੈਂਬਰ ਅਤੇ ਚੇਅਰਮੈਨ ਐਸ.ਏ.ਐਸ. ਨਗਰ ਜ਼ਿਲਾ ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਯੂਨੀਅਨ ਲਿਮੀਟਿਡ ਮੁਹਾਲੀ ਸ੍ਰੀ ਮੋਹਨ ਸਿੰਘ ਬਠਲਾਣਾ, ਕੌਂਸਲਰ ਰਾਜਿੰਦਰ ਸਿੰਘ ਰਾਣਾ, ਕੌਂਸਲਰ ਕੁਲਜੀਤ ਸਿੰਘ ਬੇਦੀ, ਕੌਂਸਲਰ ਅਮਰੀਕ ਸਿੰਘ ਸੋਮਲ, ਕੌਂਸਲਰ ਨਛੱਤਰ ਸਿੰਘ, ਕੌਂਸਲਰ ਤਰਨਜੀਤ ਕੌਰ ਅਤੇ ਹੋਰ ਹਾਜ਼ਰ ਸਨ।