ਡਿਪਟੀ ਕਮਿਸ਼ਨਰ ਸ਼੍ਰੀ ਪ੍ਰਸ਼ਾਂਤ ਕੁਮਾਰ ਗੋਇਲ, ਬੱਚਤ ਭਵਨ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 14 ਅਕਤੂਬਰ : ਝੋਨੇ ਦੀ ਪਰਾਲੀ ਅਤੇ ਹੋਰਨਾਂ ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਲਈ ਕਿਸਾਨਾਂ ਵੱਲੋਂ ਆਧੁਨਿਕ ਮਸ਼ੀਨਰੀ, ਜੋ ਕਿ ਸਬਸਿਡੀ ਉਤੇ ਮੁਹੱਈਆ ਕਰਵਾਈ ਗਈ ਹੈ, ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਣੀ
ਯਕੀਨੀ ਬਣਾਈ ਜਾਵੇ ਅਤੇ ਕਿਸਾਨਾਂ ਨੂੰ ਪਰਾਲੀ ਨਾ ਫੂਕਣ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਸ਼ਾਂਤ ਕੁਮਾਰ ਗੋਇਲ ਨੇ ਬੱਚਤ ਭਵਨ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਾਰਜਸਾਧਕ ਅਫ਼ਸਰਾਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਸਾਫ਼ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਤੇ ਡੇਂਗੂ ਅਤੇ ਅਜਿਹੀਆਂ ਹੋਰਨਾਂ ਬਿਮਾਰੀਆਂ ਤੋਂ ਬਚਾਅ ਦੇ ਮੱਦੇਨਜ਼ਰ ਫੌਗਿੰਗ ਕਰਵਾਈ ਜਾਵੇ ਅਤੇ ਡੇਂਗੂ ਦੇ ਲਾਰਵੇ ਸਬੰਧੀ ਵੱਖ-ਵੱਖ ਥਾਵਾਂ 'ਤੇ ਕੀਤੀ ਜਾਂਦੀ ਚੈਕਿੰਗ ਤਹਿਤ ਸਰਕਾਰੀ ਦਫ਼ਤਰਾਂ ਦੀ ਵੀ ਚੈਕਿੰਗ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੈਗਰੀਗੇਸ਼ਨ ਭਾਵ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ ਵੱਖ ਕਰਨ ਸਬੰਧੀ ਜਾਗਰੂਕ ਕਰ ਕੇ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਦੇ ਖੇਤਰ ਵਿੱਚ 100 ਫੀਸਦੀ ਸੈਗਰੀਗੇਸ਼ਨ ਯਕੀਨੀ ਬਣਾਈ ਜਾਵੇ। ਸ਼੍ਰੀ ਗੋਇਲ ਨੇ ਅਧਿਕਾਰੀਆਂ ਨੂੰ ਆਖਿਆ ਕਿ ਜਿਨ੍ਹਾਂ ਸ਼ਹਿਰਾਂ ਵਿੱਚ ਸੀਵਰੇਜ ਪਾਉਣ ਅਤੇ ਸੜਕਾਂ ਬਨਾਉਣ ਦਾ ਕੰਮ ਚੱਲ ਰਿਹਾ ਹੈ, ਉਸ ਵਿੱਚ ਤੇਜ਼ੀ ਲਿਆਂਦੀ ਜਾਵੇ।
ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਯੋਗ ਲਾਭਪਾਤਰੀ ਸਰਕਾਰ ਦੀਆਂ ਭਲਾਈ ਸਕੀਮਾਂ ਤੋਂ ਵਾਂਝਾ ਨਾ ਰਹੇ।
ਸ਼੍ਰੀ ਪ੍ਰਸ਼ਾਂਤ ਕੁਮਾਰ ਗੋਇਲ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਲਗਾਏ ਜਾਂਦੇ ਕੈਂਪਾਂ ਵਿੱਚ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਦਾ ਛੇਤੀ ਨਿਪਟਾਰਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਅਧਿਕਾਰੀਆਂ ਨੂੰ ਆਖਿਆ ਕਿ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਇਸ ਮੌਕੇ ਲੇਬਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਰਤੀ ਕਾਮਿਆਂ ਨੂੰ ਪੰਜਾਬ ਲੇਬਰ ਐਂਡ ਅਦਰ ਕੰਸਟ੍ਰਕਸ਼ਨ ਵਰਕਰ ਵੈਲਫੇਅਰ ਬੋਰਡ ਨਾਲ ਰਜਿਸਟਰੇਸ਼ਨ ਕਰਾਉਣ ਲਈ ਜਾਗਰੂਕ ਕਰਨ ਤਾਂ ਜੋ ਕਿਰਤੀ ਕਾਮੇ ਪੰਜਾਬ ਲੇਬਰ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਜਗਵਿੰਦਰਜੀਤ ਸਿੰਘ ਸੰਧੂ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਅਮਲੋਹ ਸ਼੍ਰੀ ਆਨੰਦ ਸਾਗਰ ਸ਼ਰਮਾ, ਐਸ.ਡੀ. ਐਮ. ਬੱਸੀ ਪਠਾਣਾਂ ਸ੍ਰੀ ਪਵਿੱਤਰ ਸਿੰਘ, ਐਸ. ਡੀ.ਐਮ. ਖਮਾਣੋਂ ਸ਼੍ਰੀ ਪਰਮਜੀਤ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਜਸਪ੍ਰੀਤ ਸਿੰਘ, ਡੀ.ਐਸ. ਪੀ. ਹਰਦੀਪ ਸਿੰਘ, ਸਿਵਲ ਸਰਜਨ ਐਨ.ਕੇ. ਅਗਰਵਾਲ, ਡੀ.ਡੀ.ਪੀ.ਓ. ਅਮਰੀਕ ਸਿੰਘ, ਐਕਸੀਅਨ ਪੰਚਾਇਤੀ ਰਾਜ ਸ. ਜਸਬੀਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਤੋਂ ਇਲਾਵਾ ਸਮੂਹ ਕਾਰਜ ਸਾਧਕ ਅਫਸਰ, ਬੀ.ਡੀ.ਪੀ.ਓਜ਼ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।