← ਪਿਛੇ ਪਰਤੋ
ਅੰਮ੍ਰਿਤਸਰ, 15 ਅਕਤੂਬਰ, 2019 : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਪੰਜਾਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ 'ਤੇ ਮਨਾਏ ਜਾਣਗੇ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਹੈ। ਇਥੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਹਨਾਂ ਨਾਲ ਮੁਲਾਕਾਤ ਕੀਤੇ ਜਾਣ ਤੋਂ ਬਾਅਦ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਂਝੇ ਸਮਾਗਮ ਬਾਰੇ ਫੈਸਲਾ ਲੈਣ ਦੇ ਅਧਿਕਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪ ਦਿੱਤੇ ਹਨ। ਉਹਨਾਂ ਕਿਹਾ ਕਿ ਪ੍ਰਕਾਸ਼ ਪੁਰਬ ਸਾਂਝੇ ਸਮਾਗਮ ਤਹਿਤ ਮਨਾਇਆ ਜਾਵੇਗਾ। ਉਹਨਾਂ ਦੱਸਿਆ ਕਿ 21 ਅਕਤੂਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਵੇਗੀ ਜਿਸ ਵਿਚ ਪ੍ਰੋਗਰਾਮ ਦੀ ਰੂਪ ਰੇਖਾ ਤੈਅ ਕੀਤੀ ਜਾਵੇਗੀ। ਜਥੇਦਾਰ ਨੇ ਸਾਰੀਆਂ ਧਿਰਾਂ ਨੂੰ ਪ੍ਰਕਾਸ਼ ਪੁਰਬ ਨੂੰ ਲੈ ਕੇ ਬਿਆਨਬਾਜ਼ੀ ਬੰਦ ਕਰਨ ਦੀ ਹਦਾਇਤ ਵੀ ਕੀਤੀ ਹੈ। ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸੇਵਾ ਦੀ ਸਭ ਨੂੰ ਖੁਲ ਹੈ ਪਰ ਸੇਵਾ ਦੇ ਨਾਮ 'ਤੇ ਰਾਜਨੀਤੀ ਕਰਨ 'ਤੇ ਪੂਰਨ ਤੌਰ 'ਤੇ ਮਨਾਹੀ ਹੈ।
Total Responses : 862