← ਪਿਛੇ ਪਰਤੋ
ਜਗਦੀਸ਼ ਥਿੰਦ
ਫ਼ਾਜ਼ਿਲਕਾ, 15 ਅਕਤੂਬਰ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਆਵਾ ਦਾ ਅਗਾਂਹਵਧੂ ਕਿਸਾਨ ਸਵਿੰਦਰ ਸਿੰਘ ਪਿਛਲੇ 3 ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਆਪਣੀ ਫ਼ਸਲਾਂ ਤੋਂ ਵਧੇਰੇ ਝਾੜ ਮਿਲਣ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਅਤੇ ਬੇਹੱਦ ਖੁਸ਼ ਹੈ। ਡਿਪਟੀ ਕਮਿਸ਼ਨਰ ਸ੍ਰੀ ਮਨਪ੍ਰੀਤ ਸਿੰਘ ਛੱਤਵਾਲ ਨੇ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਨੂੰ ਸਵਿੰਦਰ ਸਿੰਘ ਵੱਲੋਂ ਆਧੁਨਿਕ ਢੰਗ ਨਾਲ ਖੇਤੀ ਕਰਕੇ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾ ਕੇ ਫ਼ਸਲਾਂ ਦਾ ਵਧੀਆ ਝਾੜ ਲੈਣ ਅਤੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਪਾਏ ਜਾ ਰਹੇ ਯੋਗਦਾਨ ਤੋਂ ਸੇਧ ਲੈ ਕੇ ਹੰਭਲਾ ਮਾਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਉਥੇ ਪਰਾਲੀ ਦੇ ਧੂੰਏ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਨਾਲ ਸਰੀਰਕ ਬਿਮਾਰੀਆਂ ’ਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਸਮੇਂ ਸਮੇਂ ਕਣਕ, ਝੋਨੇ ਦੀ ਰਹਿੰਦ ਖੂੰਹਦ ਨੂੰ ਜ਼ਮੀਨ ਅੰਦਰ ਮਿਲਾਉਣ ਅਤੇ ਆਧੁਨਿਕ ਸੰਦਾਂ ਬਾਰੇ ਜਾਣਕਾਰੀ ਦੇਣ ਲਈ ਲਗਾਏ ਜਾ ਰਹੇ ਕਿਸਾਨ ਜਾਗਰੂਕਤਾ ਕੈਂਪਾਂ ਅੰਦਰ ਸਮੂਲੀਅਤ ਕਰਨ ਦੀ ਅਪੀਲ ਕੀਤੀ। ਅਗਾਂਹਵਧੂ ਕਿਸਾਨ ਸਵਿੰਦਰ ਸਿੰਘ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਪਿੰਡ ਆਵਾ ਅੰਦਰ ਉਸਦੇ ਕੋਲ 18 ਏਕੜ ਵਾਹੀਯੋਗ ਜ਼ਮੀਨ ਹੈ ਜਿਸ ’ਤੇ ਉਸ ਵੱਲੋਂ ਕਣਕ ਤੇ ਝੋਨੇ ਦੀ ਖੇਤੀ ਕੀਤੀ ਜਾਂਦੀ ਹੈ। ਉਸਨੇ ਦੱਸਿਆ ਕਿ ਝੋਨੇ ਦੀ ਨਾੜ ਵਿੱਚ ਆਰ.ਐਮ.ਬੀ ਪਲੌਅ ਨਾਲ ਰੋਟਾਵੇਟਰ ਮਾਰ ਕੇ ਕਣਕ ਦੀ ਬਿਜਾਈ ਕਰਦਾ ਹੈ। ਉਸਦਾ ਕਹਿਣਾ ਹੈ ਕਿ ਅਜਿਹਾ ਕਰਨ ਨਾਲ ਕਣਕ ਦੇ ਔਸਤ ਝਾੜ ਵਿੱਚ 2 ਕੁਇੰਟਲ ਪ੍ਰਤੀ ਏਕੜ ਦਾ ਵਾਧਾ ਹੋਇਆ ਹੈ ਅਤੇ ਇਸ ਸਾਲ ਝੋਨੇ ਦੇ ਝਾੜ ਵਿੱਚ 5 ਕੁਇੰਟਲ ਪ੍ਰਤੀ ਏਕੜ ਵਾਧਾ ਹੋਣ ਦੀ ਉਮੀਦ ਹੈ। ਸਵਿੰਦਰ ਸਿੰਘ ਨੇ ਦੱਸਿਆ ਕਿ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਸਿੱਧੀ ਬਿਜਾਈ ਕਰਨ ਨਾਲ ਕਣਕ ਦੀ ਫ਼ਸਲ ਅੰਦਰ ਪਾਣੀ ਦੀ ਘੱਟ ਵਰਤੋਂ ਹੁੰਦੀ ਹੈ। ਉਸਨੇ ਕਿਹਾ ਕਿ ਕਣਕ ਦੇ ਨਾੜ ਅਤੇ ਝੌਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਅਜਿਹਾ ਕਰਨ ਨਾਲ ਯੂਰੀਆ ਖਾਦ ਦੀ ਬਹੁਤ ਘੱਟ ਵਰਤੋਂ ਹੁੰਦੀ ਹੈ ਅਤੇ ਕੀੜੇ ਮਕੋੜੇ ਅਤੇ ਬਿਮਾਰੀਆਂ ਤੋਂ ਫ਼ਸਲਾਂ ਨੂੰ ਬਚਾਇਆ ਜਾ ਸਕਦਾ ਹੈ। ਕਿਸਾਨ ਸਵਿੰਦਰ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਰਹਿ ਕੇ ਸਾਰੇ ਕਿਸਾਨ ਵੀਰਾਂ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਸ਼ੁੱਧ ਬਣਾਉਣ ਅਤੇ ਆਪਣੇ ਆਲੇ ਦੁਆਲੇ ਨੂੰ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਹੰਭਲਾ ਮਾਰੀਏ।
Total Responses : 936