ਅੰਮ੍ਰਿਤਸਰ, 15 ਅਕਤੂਬਰ 2019 - ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸੀ ਘਿਓ ਦੇ ਇੱਕ ਲੱਖ ਤੋਂ ਵੱਧ ਦੀਵੇ ਜਗਾ ਕੇ ਸੰਗਤਾਂ ਨੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਦੀਵਿਆਂ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਨੂੰ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਵਿਚ ਸਰੋਵਰ ਕਿਨਾਰੇ ਜਗ੍ਹਾ ਕੇ ਸੰਗਤ ਨੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਦੀਵੇ ਜਗਾਉਣ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਰੂਪ ਸਿੰਘ, ਸਕੱਤਰ ਸਾਹਿਬਾਨ, ਮੈਂਬਰ ਸ. ਕੁਲਵੰਤ ਸਿੰਘ ਮੰਨਣ, ਬਾਬਾ ਰਾਮ ਸਿੰਘ ਨਾਨਕਸਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।