ਸ਼ਹੀਦ ਯੋਧਿਆਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਅਤੇ ਐਸ ਐਸ ਪੀ ਭੁਪਿੰਦਰ ਸਿੰਘ
ਜਗਦੀਸ਼ ਥਿੰਦ
ਫ਼ਾਜ਼ਿਲਕਾ, 21 ਅਕਤੂਬਰ:
ਪੁਲਿਸ ਲਾਈਨਜ਼ ਫ਼ਾਜ਼ਿਲਕਾ ਵਿਖੇ ਅੱਜ ਜ਼ਿਲ੍ਹਾ ਪੱਧਰੀ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ, ਐਸ.ਐਸ.ਪੀ ਸ. ਭੁਪਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਰ. ਪੀ. ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਸ਼ਹੀਦਾਂ ਨੂੰ ਨਮਨ ਕਰਦੇ ਹੋਏ ਸ੍ਰੀ ਮਨਪ੍ਰੀਤ ਸਿੰਘ ਛਤਵਾਲ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ
-------------------------------------------------------------------
ਡੀ.ਐਸ.ਪੀ. ਹੈਡਕੁਆਟਰ ਅਸ਼ੋਕ ਕੁਮਾਰ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ।
ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਅਤੇ ਐਸਐਸਪੀ ਫਾਜ਼ਿਲਕਾ ਭੁਪਿੰਦਰ ਸਿੰਘ ।
--------------------------------------------------------------
ਡਿਪਟੀ ਕਮਿਸ਼ਨਰ ਸ. ਛੱਤਵਾਲ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਆਪਣੀ ਡਿਊਟੀ ਦੌਰਾਨ ਮਹਾਨ ਕੁਰਬਾਨੀਆਂ ਦੇਣ ਵਾਲੇ ਬਹਾਦਰ ਜਵਾਨਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸਾਸ਼ਨ ਦੀ ਤਰਫੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਪੁਲਿਸ ਲਾਈਨ ਵਿਖੇ ਸ਼ਹੀਦੀ ਸਮਾਰਕ ਦੇ ਨੇੜੇ ਪੌਦੇ ਲਗਾਉਣ ਮੌਕੇ ਡਿਪਟੀ ਕਮਿਸ਼ਨਰ ,ਐਸ ਐਸ ਪੀ ਅਤੇ ਹੋਰ ਅਧਿਕਾਰੀ
-------------------------------------------------------------
ਇਸ ਮੌਕੇ ਐਸ.ਐਸ.ਪੀ ਸ਼੍ਰੀ ਭੁਪਿੰਦਰ ਸਿਘ ਨੇ ਦੱਸਿਆ ਕਿ ਯਾਦਗਾਰੀ ਦਿਵਸ ਦਾ ਇਤਿਹਾਸ 21 ਅਕਤੂਬਰ 1959 ਤੋਂ ਸ਼ੁਰੂ ਹੁੰਦਾ ਹੈ ਜਦੋਂ ਲੱਦਾਖ ਵਿੱਚ ਹੌਟ ਸਪਰਿੰਗਜ਼ ਵਿਖੇ ਚੀਨ ਦੇ ਸੈਨਿਕਾਂ ਵੱਲੋਂ ਘਾਤ ਲਗਾ ਕੇ ਹਮਲਾ ਕੀਤਾ ਗਿਆ ਸੀ ਜਿਸ ਵਿੱਚ 10 ਜਵਾਨ ਸ਼ਹੀਦ ਹੋਏ ਸਨ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ’ਤੇ ਦੇਸ਼ ਦੀ ਰਾਖੀ ਲਈ ਸੁਰੱਖਿਆ ਬਲਾਂ ਤੇ ਪੁਲਿਸ ਦੇ ਜਵਾਨਾਂ ਨੇ ਆਪਣਾ ਬਲਿਦਾਨ ਦਿੱਤਾ ਅਤੇ ਦੇਸ਼ ਦੀ ਸ਼ਾਨ ਨੂੰ ਕਾਇਮ ਰੱਖਿਆ। ਉਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਸਬੰਧੀ ਜ਼ਿਲ੍ਹਾ ਪੁਲਿਸ ਦੇ ਕਿਸੇ ਵੀ ਅਧਿਕਾਰੀ ਜਾਂ ਉਨ੍ਹਾਂ ਨਾਲ ਸਿੱਧੇ ਤੌਰ ’ਤੇ ਸੰਪਰਕ ਕਰ ਸਕਦੇ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਇਸ ਮੌਕੇ ਪੁਲਿਸ ਦੇ ਹੋਰ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦੀ ਯਾਦਗਾਰ ’ਤੇ ਫੁੱਲ ਮਾਲਾਵਾਂ ਵੀ ਭੇਟ ਕੀਤੀਆਂ ਗਈਆਂ। ਇਸ ਤੋਂ ਬਾਅਦ ਸਨਮਾਨ ਸਮਾਰੋਹ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਛੇਤੀ ਹੀ ਯੋਗ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ। ਇਸ ਤੋਂ ਪਹਿਲਾ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪ੍ਰਣ ਲਿਆ ਗਿਆ ਕਿ ਸ਼ਹੀਦ ਕਰਮਚਾਰੀਆਂ ਦੀ ਕੁਰਬਾਨੀਆਂ ਦੇ ਰਾਹ ’ਤੇ ਚਲਦੇ ਹੋਏ ਦੇਸ਼ ਅੰਦਰ ਅਮਨ ਤੇ ਕਾਨੂੰਨ ਨੂੰ ਬਰਕਰਾਰ ਰੱਖਣਗੇ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਵਚਨਬੱਧ ਰਹਿਣਗੇ। ਸਮਾਗਮ ਦੇ ਅੰਤ ਵਿੱਚ ਸ਼ਹੀਦ ਕਰਮਚਾਰੀਆਂ ਦੀ ਯਾਦ ਵਿੱਚ ਪੁਲਿਸ ਲਾਈਨ ਦੇ ਸ਼ਹੀਦੀ ਸਮਾਰਕ ਨੇੜੇ ਪੌਂਦੇ ਲਗਾਏ ਗਏ।
ਇਸ ਮੌਕੇ ਐਸ.ਪੀ. ਕੁਲਦੀਪ ਸ਼ਰਮਾ, ਡੀ.ਐਸ.ਪੀ. ਸੰਦੀਪ ਸਿੰਘ, ਐਸ.ਐਚ.ਓ ਫਾਜ਼ਿਲਕਾ ਨਵਦੀਪ ਭੱਟੀ ਅਤੇ ਹੋਰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।