ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਉਣ 'ਤੇ ਕੀਤੀ ਜਾਵੇ ਸਖ਼ਤ ਕਾਰਵਾਈ : ਰਾਮਵੀਰ
ਕਿਹਾ, ਪੰਚਾਇਤਾਂ ਵਿਸ਼ੇਸ਼ ਤੌਰ 'ਤੇ ਰੱਖਣ ਨਜ਼ਰਸਾਨੀ
ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਪਿੰਡਾਂ/ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ
ਪਠਾਨਕੋਟ,7 ਨਵੰਬਰ 2019 :: ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲੇ ਵਿੱਚ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਸਾੜਨ ਦੇ ਮਾਮਲੇ ਸਾਹਮਣੇ ਆਉਣ 'ਤੇ ਤੁਰੰਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨਾਂ ਕਿਹਾ ਕਿ ਪਿੰਡ ਦੀਆਂ ਪੰਚਾਇਤਾਂ ਜਿੱਥੇ ਵਿਸ਼ੇਸ਼ ਤੌਰ 'ਤੇ ਨਜ਼ਰਸਾਨੀ ਰੱਖਣ, ਉਥੇ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਅੱਗੇ ਆਉਣ, ਤਾਂ ਜੋ ਪਿੰਡਾਂ ਵਿੱਚ ਕੋਈ ਵੀ ਕਿਸਾਨ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨਾ ਸਾੜ ਸਕੇ। ਉਨਾਂ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੁੰਦੇ ਧੂੰਏਂ ਕਾਰਨ ਵਾਤਾਵਰਣ ਦੂਸ਼ਿਤ ਹੁੰਦਾ ਹੈ, ਜਿਸ ਨਾਲ ਕਈ ਤਰਾਂ ਦੀਆਂ ਗੰਭੀਰ ਬਿਮਾਰੀਆਂ ਪੈਦਾ ਹੁੰਦੀਆਂ ਹਨ।
ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਤਹਿਸੀਲਦਾਰ, ਨਾਇਬ ਤਹਿਸੀਲਦਾਰਾਂ, ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲੇ ਵਿੱਚ ਪੂਰੀ ਗੰਭੀਰਤਾ ਨਾਲ ਇਸ ਪਾਸੇ ਧਿਆਨ ਦਿੱਤਾ ਜਾਵੇ। ਉਨਾਂ ਜ਼ਿਲਾ ਪੁਲਿਸ ਨੂੰ ਹਦਾਇਤ ਕੀਤੀ ਕਿ ਥਾਣਿਆਂ ਦੇ ਐਸ.ਐਚ.ਓਜ਼ ਵਲੋਂ ਵੀ ਪੂਰੀ ਗੰਭੀਰਤਾ ਨਾਲ ਨਜ਼ਰਸਾਨੀ ਕੀਤੀ ਜਾਵੇ। ਉਨਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਨੇ ਸਖ਼ਤ ਰੁਖ ਅਪਣਾਉਂਦਿਆਂ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨੂੰ ਸਾੜਨ ਦੇ ਰੁਝਾਨ ਨੂੰ ਠੱਲ ਪਾਉਣ ਲਈ ਹੋਰ ਗੰਭੀਰਤਾ ਦਿਖਾਉਣ ਦੇ ਹੁਕਮ ਦਿੱਤੇ ਹਨ। ਉਨਾਂ ਕਿਹਾ ਕਿ ਜ਼ਿਲੇ ਵਿੱਚ ਪਰਾਲੀ ਨਾ ਸਾੜਨ ਲਈ ਜਿੱਥੇ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ ਅਜਿਹੇ ਕੇਸ ਸਾਹਮਣੇ ਆਉਣ 'ਤੇ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਜ਼ਿਲੇ ਵਿੱਚ ਸੈਕਟਰ ਅਫ਼ਸਰਾਂ ਤੋਂ ਇਲਾਵਾ ਕੋਆਰਡੀਨੇਟਿੰਗ ਅਫ਼ਸਰ ਵੀ ਨਿਯੁਕਤ ਕੀਤੇ ਗਏ ਹਨ। ਉਨਾਂ ਐਸ.ਡੀ.ਐਮਜ਼ ਨੂੰ ਵੀ ਨਿਰਦੇਸ਼ ਦਿੱਤੇ ਕਿ ਸਬੰਧਤ ਸਬ-ਡਵੀਜ਼ਨ ਵਿੱਚ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਅਜਿਹੇ ਮਾਮਲੇ ਸਾਹਮਣੇ ਆਉਣ 'ਤੇ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨਾ ਸਾੜਕੇ ਇਸਦਾ ਖੇਤ ਵਿੱਚ ਹੀ ਪ੍ਰਬੰਧਨ ਕਰਨ ਅਤੇ ਪ੍ਰਬੰਧਨ ਲਈ ਪੰਜਾਬ ਸਰਕਾਰ ਵਲੋਂ ਆਧੁਨਿਕ ਖੇਤੀ ਮਸ਼ੀਨਰੀ/ਸੰਦ ਸਬਸਿਡੀ 'ਤੇ ਮੁਹੱਈਆ ਕਰਵਾਏ ਗਏ ਹਨ। ਇਸ ਤੋਂ ਇਲਾਵਾ ਫਾਰਮ ਮਸ਼ੀਨਰੀ ਬੈਂਕ ਵੀ ਸਥਾਪਿਤ ਕੀਤੇ ਗਏ ਹਨ, ਤਾਂ ਜੋ ਖੇਤੀ ਮਸ਼ੀਨਰੀ ਕਿਰਾਏ 'ਤੇ ਵੀ ਮੁਹੱਈਆ ਕਰਵਾਈ ਜਾ ਸਕੇ। ਉਨਾਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਨ 'ਤੇ ਵਧੇਰੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਜ਼ਿਲਾ ਪ੍ਰਸਾਸ਼ਨ ਵਲੋਂ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨਾ ਸਾੜਨ ਵਾਲੇ ਪਿੰਡਾਂ/ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਉਨਾਂ ਕਿਸਾਨਾਂ ਨੂੰ ਫਸਲੀ ਚੱਕਰ ਵਿਚੋਂ ਨਿਕਲ ਕੇ ਬਦਲਵੀਂ ਖੇਤੀ ਕਰਨ 'ਤੇ ਵੀ ਜ਼ੋਰ ਦਿੱਤਾ।