ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਭਾਈ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਸਨਮਾਨ
ਅੰਮ੍ਰਿਤਸਰ, 07 ਨਵੰਬਰ 2019: ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਚੱਲ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਮਗਰੋਂ ਇਥੇ ਪੁੱਜੇ। ਉਨ੍ਹਾਂ ਨਾਲ ਬਿਹਾਰ ਵਿਧਾਨ ਸਭਾ ਦੇ ਸਪੀਕਰ ਸ੍ਰੀ ਵਿਜੈ ਕੁਮਾਰ ਚੌਧਰੀ ਸਮੇਤ ਕੈਬਨਿਟ ਮੰਤਰੀ ਅਤੇ ਪ੍ਰਸ਼ਾਸ਼ਨਿਕ ਅਧਿਕਾਰੀ ਵੀ ਸਨ। ਸ੍ਰੀ ਨਿਤਿਸ਼ ਕੁਮਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਕੁਝ ਸਮਾਂ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਇਸੇ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ ਨੇ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ਼ ਸਿਰਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ੍ਰੀ ਨਿਤਿਸ਼ ਕੁਮਾਰ ਨੇ ਕਿਹਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨ ਲਈ ਪੁੱਜੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦਾ ਫਲਸਫਾ ਮਨੁੱਖਤਾ ਨੂੰ ਜੋੜਨ ਵਾਲਾ ਹੈ। ਵਿਸ਼ਵ ਸ਼ਾਂਤੀ ਅਤੇ ਆਪਸੀ ਸਾਂਝ ਪਹਿਲੇ ਪਾਤਸ਼ਾਹ ਜੀ ਦੇ ਉਪਦੇਸ਼ਾਂ ਦਾ ਮੁੱਖ ਸੂਰਤ ਹੈ। ਬਿਹਾਰ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਂ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਧਾਰਨ ਕਰਨ ਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਨਿਤਿਸ਼ ਕੁਮਾਰ ਦਾ ਸਿੱਖ ਜਗਤ ਅੰਦਰ ਵਿਸ਼ੇਸ਼ ਸਨਮਾਨ ਹੈ, ਕਿਉਂਕਿ ਇਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਅਥਾਹ ਸ਼ਰਧਾ ਵਿਖਾਉਂਦਿਆਂ ਸਮਾਗਮਾਂ ਨੂੰ ਸਫਲਤਾ ਪੂਰਵਕ ਨੇਪੜੇ ਚਾੜ੍ਹਿਆ। ਇਸ ਦੌਰਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ੍ਰੀ ਨਿਤਿਸ਼ ਕੁਮਾਰ ਗੁਰੂ ਸਾਹਿਬ ਦੇ ਅਨਿੰਨ ਸ਼ਰਧਾਲੂ ਹਨ। ਇਸ ਦਾ ਪ੍ਰਮਾਣ ਉਨ੍ਹਾਂ ਵੱਲੋਂ ਆਪਣੀ ਸਰਕਾਰ ਸਮੇਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋਣ ਪੁੱਜਣਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਪੰਜਾਬ ਦੇ ਕੈਬਨਿਟ ਮੰਤਰੀ ਸ. ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਵਧੀਕ ਮੈਨੇਜਰ ਸ. ਸੁਖਬੀਰ ਸਿੰਘ ਤੇ ਸ. ਬਘੇਲ ਸਿੰਘ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਸ. ਹਰਿੰਦਰ ਸਿੰਘ ਰੋਮੀ, ਜ਼ਿਲ੍ਹਾ ਪ੍ਰਧਾਨ ਸ. ਗੁਰਪ੍ਰਤਾਪ ਸਿੰਘ ਟਿੱਕਾ, ਸ. ਅੰਮ੍ਰਿਤਪਾਲ ਸਿੰਘ ਅਤੇ ਹੋਰ ਮੌਜੂਦ ਸਨ।