ਸੰਗਰੂਰ, 10 ਨਵੰਬਰ 2019: ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਪੈਂਦੇ ਇਲਾਕਿਆਂ ਅੰਦਰ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਭੰਡਾਰ ਕਰਨ ਅਤੇ ਇਸ ਦੀ ਵਰਤੋਂ ਕਰਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਅੱਜ ਕੱਲ੍ਹ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹਟ ਕੇ ਸਿੰਥੈਟਿਕ/ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਉਹ ਬਹੁਤ ਮਜ਼ਬੂਤ, ਨਾ-ਗਲਣਯੋਗ ਅਤੇ ਨਾ ਹੀ ਟੁੱਟਣਯੋਗ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ, ਉੱਡਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਬਾਰੇ ਕਾਫ਼ੀ ਘਟਨਾਵਾਂ ਵਾਪਰਦੀਆਂ ਹਨ। ਇਸ ਤੋਂ ਇਲਾਵਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਅਤੇ ਉਨ੍ਹਾਂ ਦੇ ਰੁੱਖਾਂ 'ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ। ਇਸ ਤਰ੍ਹਾਂ ਸਿੰਥੈਟਿਕ/ਪਲਾਸਟਿਕ ਦੀ ਬਣੀ ਇਹ ਡੋਰ ਜਦੋਂ ਪਤੰਗਾਂ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਪਤੰਗਾਂ ਲਈ ਵਰਤਣ ਵਾਸਤੇ ਵੇਚਣ, ਭੰਡਾਰ ਕਰਨ ਅਤੇ ਇਸ ਦੀ ਵਰਤੋਂ 'ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤਿਅੰਤ ਲੋੜ ਮਹਿਸੂਸ ਕੀਤੀ ਗਈ ਹੈ। ਇਹ ਹੁਕਮ 8 ਜਨਵਰੀ 2020 ਤੱਕ ਲਾਗੂ ਰਹਿਣਗੇ।