ਪ੍ਰਾਇਮਰੀ ਤੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੇ ਕੀਤੀਆਂ ਕਮਾਲ ਦੀਆਂ ਪੇਸ਼ਕਾਰੀਆਂ
ਸਕੱਤਰ ਸਕੂਲ ਸਿੱਖਿਆ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ
ਐੱਸ.ਏ.ਐੱਸ.ਨਗਰ 14 ਨਵੰਬਰ,2019
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਪੰਜਾਬ ਦੇ ਲਗਭਗ 13000 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਆਯੋਜਿਤ ਕਰਵਾਏ ਗਏ ਜਿਸ ਵਿੱਚ ਪ੍ਰਾਇਮਰੀ ਅਤੇ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਦੇ ਲਗਭਗ 10.8 ਲੱਖ ਵਿਦਿਆਰਥੀਆਂ ਅਤੇ ਲਗਭਗ 40 ਹਜ਼ਾਰ ਪ੍ਰਾਇਮਰੀ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ|
> ਇਹਨਾਂ ਮੁਕਾਬਲਿਆਂ ਦੇ ਸਫ਼ਲ ਆਯੋਜਨ ਲਈ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਵਧਾਈ ਦਿੰਦਿਆਂ ਕਿਹਾ ਕਿ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਬਹੁਤ ਮਿਹਨਤ ਕਰਵਾਈ ਹੈ ਜਿਸ ਦਾ ਪ੍ਰਤੱਖ ਪ੍ਰਮਾਣ ਇਹਨਾਂ ਮੁਕਾਬਲਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ| ਉਹਨਾਂ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਕਰਵਾਏ ਗਏ ਵਿੱਦਿਅਕ ਮੁਕਾਬਲੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵਧੀਆ ਪ੍ਰਦਰਸ਼ਨ ਲਈ ਤਿਆਰ ਕਰ ਰਹੇ ਹਨ| ਵਿਦਿਆਰਥੀਆਂ ਵੱਲੋਂ ਵੱਖ-ਵੱਖ ਭਾਸ਼ਾਵਾਂ ਵਿੱਚ ਦਿੱਤੇ ਗਏ ਭਾਸ਼ਣ ਅਤੇ ਸੁਲੇਖ ਮੁਕਾਬਲਿਆਂ ਵਿੱਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ| ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵਿੱਚ ਹੁਨਰ ਦੀ ਕਮੀ ਨਹੀਂ ਇਸ ਦਾ ਪ੍ਰਗਟਾਵਾ ਅਧਿਆਪਕਾਂ ਨੇ ਸਮੂਹ ਵਿਦਿਆਰਥੀਆਂ ਨੂੰ ਮੁਕਾਬਲਿਆਂ ਵਿੱਚ ਹਿੱਸਾ ਦਿਵਾ ਕੇ ਕਰ ਦਿੱਤਾ ਹੈ|
> ਸਟੇਟ ਕੋਆਰਡੀਨੇਟਰ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਡਾ. ਦਵਿੰਦਰ ਸਿੰਘ ਬੋਹਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਸਕੂਲਾਂ ਵਿੱਚ ਜਮਾਤ ਅਨੁਸਾਰ ਪੜ੍ਹਣ, ਸੁਲੇਖ, ਪਹਾੜਿਆਂ, ਬੋਲ ਲਿਖਤ, ਕਵਿਤਾ ਗਾਇਨ, ਚਿੱਤਰਕਲਾ, ਆਮ ਗਿਆਨ ਅਤੇ ਪ੍ਰੀ-ਪ੍ਰਾਇਮਰੀ ਖੇਡ ਕਿਰਿਆਵਾਂ ਦੇ ਮੁਕਾਬਲੇ ਕਰਵਾਏ ਗਏ| ਸਮੂਹ ਜ਼ਿਲ਼੍ਹਿਆਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸੈਂਟਰ ਹੈੱਡ ਟੀਚਰਾਂ ਅਤੇ ਜ਼ਿਲ੍ਹਾ ਕੋਆਰਡੀਨੇਟਰ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ', ਅਤੇ ਟੀਮ ਨੇ ਇਹਨਾਂ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਇਆ|
> ਡਾ. ਬੋਹਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਸਕੂਲਾਂ ਵਿੱਚੋਂ ਇਹਨਾਂ ਮੁਕਾਬਲਿਆਂ ਦੇ ਜੇਤੂ ਬੱਚੇ 19 ਨਵੰਬਰ ਨੂੰ ਕਲਸਟਰ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲੈਣਗੇ| ਇਸ ਸਬੰਧੀ ਹਦਾਇਤਾਂ ਪਹਿਲਾਂ ਹੀ ਸਕੂਲਾਂ ਨੂੰ ਭੇਜੀਆਂ ਜਾ ਚੁੱਕੀਆਂ ਹਨ|