- ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਸਮੇਤ ਕਈ ਸਖ਼ਸ਼ੀਅਤਾਂ ਮਹਾਨ ਸ਼ਹੀਦ ਨੂੰ ਕਰਨਗੀਆਂ ਸ਼ਰਧਾ ਦੇ ਫੁੱਲ ਭੇਟ, ਤਿਆਰੀਆਂ ਮੁਕੰਮਲ
ਸਰਾਭਾ/ਲੁਧਿਆਣਾ, 15 ਨਵੰਬਰ 2019 - ਪੰਜਾਬ ਸਰਕਾਰ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਪਿੰਡ ਸਰਾਭਾ ਵਿਖੇ ਮਿਤੀ 16 ਨਵੰਬਰ ਦਿਨ ਸ਼ਨਿੱਚਰਵਾਰ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਮਾਗਮ ਵਿੱਚ ਪੰਜਾਬ ਸਰਕਾਰ ਵੱਲੋਂ ਸ੍ਰੀ ਭਾਰਤ ਭੂਸ਼ਣ ਆਸ਼ੂ ਕੈਬਨਿਟ ਮੰਤਰੀ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ, ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ, ਮੁੱਖ ਮੰਤਰੀ ਪੰਜਾਬ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਸਮੇਤ ਕਈ ਵਿਧਾਇਕ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਸ਼ਾਮਿਲ ਹੋ ਕੇ ਦੇਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ।
ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਕੁਰਬਾਨੀ ਦਾ ਸਤਿਕਾਰ ਕਰਦਿਆਂ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਵੀ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਰਾਜ ਪੱਧਰੀ ਸਮਾਗਮ ਦੇ ਤੌਰ 'ਤੇ ਮਨਾਇਆ ਜਾਵੇ, ਜਿਸ ਲਈ ਪਿਛਲੇ ਕਈ ਦਿਨਾਂ ਤੋਂ ਸਾਰੇ ਪ੍ਰਬੰਧ ਵੱਡੇ ਪੱਧਰ 'ਤੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮਾਗਮ 16 ਨਵੰਬਰ ਨੂੰ ਪਿੰਡ ਸਰਾਭਾ ਦੇ ਖੇਡ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮਹਿਮਾਨ ਸ੍ਰੀ ਆਸ਼ੂ ਜੀ ਦੁਪਹਿਰ 12.30 ਵਜੇ ਪਿੰਡ ਸਰਾਭਾ ਵਿਖੇ ਪੁੱਜਣ ਉਪਰੰਤ ਸ਼ਹੀਦ ਜੀ ਦੇ ਚੌਕ ਵਿੱਚ ਲੱਗੇ ਬੁੱਤ 'ਤੇ ਫੁੱਲ ਮਲਾਵਾਂ ਭੇਟ ਕਰਨਗੇ। ਇਸ ਉਪਰੰਤ ਉਹ ਸ਼ਹੀਦੀ ਸਮਾਰਕ ਅਤੇ ਸ਼ਹੀਦ ਜੀ ਦੇ ਘਰ ਵਿਖੇ ਵੀ ਨਤਮਸਤਕ ਹੋਣਗੇ। ਉਸ ਉਪਰੰਤ ਖੇਡ ਸਟੇਡੀਅਮ ਵਿਖੇ ਖੇਡ ਮੇਲੇ ਵਿੱਚ ਸ਼ਿਰਕਤ ਕਰਨਗੇ। ਉਹ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਵੀ ਕਰਨਗੇ।
ਇਸ ਮੌਕੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਸਮੂਹ ਅਧਿਕਾਰੀਆਂ ਤੋਂ ਪ੍ਰਬੰਧਾਂ ਸੰਬੰਧੀ ਜਾਣਕਾਰੀ ਲਈ ਅਤੇ ਹਦਾਇਤ ਕੀਤੀ ਕਿ ਇਸ ਸਮਾਗਮ ਨੂੰ ਸਫ਼ਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਇਕਬਾਲ ਸਿੰਘ ਸੰਧੂ, ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਸ੍ਰ. ਅਮਰਿੰਦਰ ਸਿੰਘ ਮੱਲ੍ਹੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।