ਗੁਰਨਾਮ ਸਿੱਧੂ
ਫਿਰੋਜ਼ਪੁਰ 16 ਨਵੰਬਰ 2019 : ਪਿੰਡ ਅਲੀ ਵਾਲਾ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਉਸ ਦੀ ਪਤਨੀ ਅਤੇ ਸਾਲੇ ਵਲੋਂ ਬੇਰਹਿਮੀ ਦੇ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਕੈਂਟ ਫਿਰੋਜ਼ਪੁਰ ਦੇ ਵਲੋਂ ਔਰਤ ਸਮੇਤ ਦੋ ਜਣਿਆਂ ਦੇ ਵਿਰੁੱਧ ਪਰਚਾ ਦਰਜ ਕਰ ਲਿਆ ਗਿਆ ਹੈ। ਪੁਲਿਸ ਥਾਣਾ ਕੈਂਟ ਫਿਰੋਜ਼ਪੁਰ ਨੂੰ ਦਿੱਤੇ ਬਿਆਨਾਂ ਵਿਚ ਹਰੀਸ਼ ਕੁਮਾਰ ਪੁੱਤਰ ਰੋਸ਼ਨ ਲਾਲ ਵਾਸੀ ਪਿੰਡ ਅਲੀ ਵਾਲਾ ਨੇ ਦੋਸ਼ ਲਗਾਉਂਦਿਆਂ ਹੋਇਆ ਦੱਸਿਆ ਕਿ ਉਨ੍ਹਾਂ ਦਾ ਵਿਆਹ ਰਾਣੀ ਪੁੱਤਰੀ ਅਸ਼ੋਕ ਕੁਮਾਰ ਵਾਸੀ ਬਸਤੀ ਭੱਟੀਆਂ ਫਿਰੋਜ਼ਪੁਰ ਸ਼ਹਿਰ ਨਾਲ ਕਰੀਬ 16 ਸਾਲ ਪਹਿਲੋਂ ਹੋਈ ਸੀ, ਜਿਨ੍ਹਾਂ ਦੇ 2 ਬੱਚੇ ਹਨ।
ਮੁੱਦਈ ਦੀ ਪਤਨੀ ਰਾਣੀ ਜੋ ਇਕ ਸਾਲ ਤੋਂ ਮੁੱਦਈ ਨਾਲ ਝਗੜਾ ਕਰਕੇ ਆਪਣੇ ਪੇਕੇ ਘਰ ਰਹਿ ਰਹੀ ਹੈ ਅਤੇ 9 ਅਕਤੂਬਰ 2019 ਨੂੰ ਮੁੱਦਈ ਦੀ ਪਤਨੀ ਰਾਣੀ ਅਤੇ ਮੁੱਦਈ ਦਾ ਸਾਲਾ ਗੁਰਪ੍ਰੀਤ ਸਿੰਘ ਆਦਿ ਨੇ ਹਮਮਸ਼ਵਰਾ ਹੋ ਕੇ ਮੁੱਦਈ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ। ਹਰੀਸ਼ ਕੁਮਾਰ ਨੇ ਦੋਸ਼ ਲਗਾਇਆ ਕਿ ਸੱਟਾਂ ਵੱਜਣ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਪਰਿਵਾਰ ਵਾਲਿਆਂ ਨੇ ਮੁੱਦਈ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਮੁੱਦਈ ਦਾ ਡਾਕਟਰਾਂ ਵਲੋਂ ਇਲਾਜ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਮਹਿਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਹਰੀਸ਼ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਗੁਰਪ੍ਰੀਤ ਸਿੰਘ ਪੁੱਤਰ ਅਸ਼ੋਕ ਕੁਮਾਰ ਵਾਸੀ ਬਸਤੀ ਭੱਟੀਆਂ ਵਾਲੀ ਸਿਟੀ ਫਿਰੋਜ਼ਪੁਰ ਅਤੇ ਰਾਣੀ ਪਤਨੀ ਹਰੀਸ਼ ਕੁਮਾਰ ਵਾਸੀ ਪਿੰਡ ਅਲੀ ਵਾਲਾ ਅਤੇ 4 ਅਣਪਛਾਤੇ ਵਿਅਕਤੀਆਂ ਦੇ ਵਿਰੁੱਧ ਆਈਪੀਸੀ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਸਬ ਇੰਸਪੈਕਟਰ ਮਹਿਲ ਸਿੰਘ ਨੇ ਦੱਸਿਆ ਕਿ ਹਰੀਸ਼ ਕੁਮਾਰ ਦੀ ਕੁੱਟਮਾਰ ਕਰਨ ਵਾਲਿਆਂ ਦੀ ਗ੍ਰਿਫਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।