ਸੰਜੀਵ ਸੂਦ
ਲੁਧਿਆਣਾ, 20 ਨਵੰਬਰ 2019 - ਉੱਤਰ ਭਾਰਤ ਵਿੱਚ ਠੰਢ ਦਾ ਆਗਾਜ਼ ਹੋ ਗਿਆ ਹੈ ਅਤੇ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਬਾਰਿਸ਼ ਅਤੇ ਬਰਫ਼ਬਾਰੀ ਨਾਲ ਮੈਦਾਨੀ ਇਲਾਕਿਆਂ ਦੇ ਵਿੱਚ ਵੀ ਦਿਨ ਅਤੇ ਰਾਤ ਦੇ ਤਾਪਮਾਨ 'ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਨੇ ਕਿਹਾ ਕਿ ਆਉਂਦੇ ਦਿਨਾਂ 'ਚ ਪਹਾੜਾਂ 'ਚ ਤਾਜ਼ਾ ਬਰਫਬਾਰੀ ਅਤੇ ਬਾਰਿਸ਼ ਨਾਲ ਪੰਜਾਬ 'ਚ ਠੰਢ ਵਧੇਗੀ ਅਤੇ ਖੁਸ਼ਕ ਠੰਢ ਨਾਲ ਲੋਕਾਂ ਦੀ ਸਿਹਤ 'ਤੇ ਵੀ ਇਸ ਦਾ ਅਸਰ ਹੋਵੇਗਾ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ ਪ੍ਰਭਜੋਤ ਕੌਰ ਨੇ ਦੱਸਿਆ ਕਿ ਇਹ ਮੌਸਮ ਕਣਕ ਬੀਜਣ ਲਈ ਕਾਫ਼ੀ ਲਾਹੇਵੰਦ ਹੈ ਅਤੇ ਨਾਲ ਹੀ ਖੁਸ਼ਕ ਠੰਡ ਪੈਣ ਕਾਰਨ ਲੋਕਾਂ ਦੀ ਸਿਹਤ 'ਤੇ ਵੀ ਇਸ ਦਾ ਅਸਰ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਹਾੜੀ ਇਲਾਕਿਆਂ ਦੇ ਵਿੱਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਜਿਸ ਨਾਲ ਮੈਦਾਨੀ ਇਲਾਕਿਆਂ 'ਚ ਵੀ ਠੰਢ ਵਧੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਉਂਦੇ ਦਿਨਾਂ 'ਚ ਧੁੰਦ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।