- ਫਾਰਮਾਂ ਦੀ ਵੈਰੀਫਿਕੇਸ਼ਨ ਤੁਰੰਤ ਮੁਕੰਮਲ ਕੀਤੀ ਜਾਵੇ : ਵਿਕਰਮਜੀਤ ਸਿੰਘ ਪਾਂਥੇ
- ਐਸ.ਡੀ.ਐਮ. ਮਾਲੇਰਕੋਟਲਾ ਨੇ ਬੀ.ਡੀ.ਪੀ.ਓਜ਼ ਨੂੰ ਦਿੱਤੇ ਆਦੇਸ਼,
ਮਲੇਰਕੋਟਲਾ, 22 ਨਵੰਬਰ 2019 - ਸਬ ਡਵੀਜ਼ਨ ਮਲੇਰਕੋਟਲਾ ਅਤੇ ਅਹਿਮਦਗੜ੍ਹ ਵਿਚ ਝੋਨੇ ਦੀ ਪਰਾਲੀ/ਨਾੜ ਨੂੰ ਅੱਗ ਨਾ ਲਗਾਉਣ ਵਾਲੇ 5 ਏਕੜ ਤੋਂ ਘੱਟ ਮਾਲਕੀ ਵਾਲੇ ਕਿਸਾਨਾਂ ਦੀ ਵੈਰੀਫਿਕੇਸ਼ਨ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਅੱਜ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ. ਮਾਲੇਰਕੋਟਲਾ ਨੇ ਦਿੱਤੇ। ਅੱਜ ਇੱਥੇ ਆਪਣੇ ਦਫਤਰ ਵਿਚ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਪਾਂਥੇ ਨੇ ਮੀਟਿੰਗ ਵਿਚ ਹਾਜ਼ਰ ਬੀ.ਡੀ.ਪੀ.ਓ. ਦਫਤਰ ਅਤੇ ਦਫਤਰ ਸਹਿਕਾਰੀ ਸਭਾਵਾਂ ਦੇ ਨੁਮਾਇੰਦਿਆਂ ਨੂੰ ਸਖਤ ਹਦਾਇਤ ਕੀਤੀ ਕਿ ਇਸ ਗੱਲ ਦਾ ਖ਼ਾਸ ਧਿਆਨ ਰੱਖਿਆ ਜਾਵੇ ਕਿ ਯੋਗ ਕਿਸਾਨ ਨੂੰ ਹੀ ਮੁਆਵਜ਼ਾ ਮਿਲੇ ਅਤੇ ਸਬੰਧਤ ਪਿੰਡ ਦੇ ਪੰਚਾਇਤ ਸਕੱਤਰ ਵੱਲੋਂ ਇਸ ਦੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਵੈਰੀਫਿਕੇਸ਼ਨ ਕੀਤੀ ਜਾਵੇ।
ਸ੍ਰੀ ਪਾਂਥੇ ਨੇ ਕਿਹਾ ਕਿ ਇਨ੍ਹਾਂ ਫਾਰਮਾਂ ਦੀ ਪੜਤਾਲ ਨੂੰ ਤੁਰੰਤ ਮੁਕੰਮਲ ਕਰਕੇ ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਦੇ ਦਫਤਰ ਵਿਚ ਜਮ੍ਹਾਂ ਕਰਵਾਇਆ ਜਾਵੇ। ਮੀਟਿੰਗ ਵਿਚ ਹਾਜ਼ਰ ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਦੇ ਨੁਮਾਇੰਦੇ ਨੇ ਦੱਸਿਆ ਕਿ ਬੀ.ਡੀ.ਪੀ.ਓਜ਼ ਦਫਤਰ ਵੱਲੋਂ ਜਿੰਨੇ ਵੀ ਫਾਰਮ ਪ੍ਰਾਪਤ ਹੋ ਰਹੇ ਹਨ, ਉਨ੍ਹਾਂ ਨੂੰ ਰੋਜ਼ਾਨਾ ਪੋਰਟਲ ਉਪਰ ਅਪਲੋਡ ਕੀਤਾ ਜਾ ਰਿਹਾ ਹੈ। ਸ੍ਰੀ ਪਾਂਥੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 5 ਏਕੜ ਤੋਂ ਘੱਟ ਮਾਲਕੀ ਵਾਲੇ ਕਿਸਾਨ ਜਿਨ੍ਹਾਂ ਨੇ ਆਪਣੇ ਖੇਤ ਵਿਚ ਝੋਨੇ ਦੀ ਪਰਾਲੀ/ਨਾੜ ਨੂੰ ਅੱਗ ਨਹੀਂ ਲਗਾਈ ਸੀ, ਅਜਿਹੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਣਾ ਹੈ।
ਸ੍ਰੀ ਪਾਂਥੇ ਨੇ ਦੋਹਾਂ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਆਪਸੀ ਤਾਲਮੇਲ ਨਾਲ ਇਸ ਕੰਮ ਨੂੰ ਜਲਦੀ ਤੋਂ ਜਲਦੀ ਖਤਮ ਕਰਨ ਦੇ ਆਦੇਸ਼ ਦਿੱਤੇ। ਮੀਟਿੰਗ ਵਿੱਚ ਹਾਜ਼ਰ ਬੀ.ਡੀ.ਪੀ.ਓ. ਦਫਤਰ ਅਤੇ ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਦੇ ਨੁਮਾਇੰਦਿਆਂ ਨੇ ਸ੍ਰੀ ਪਾਂਥੇ ਨੂੰ ਪੂਰਨ ਵਿਸ਼ਵਾਸ ਦਿਵਾਇਆ ਕਿ ਇਸ ਕੰਮ ਨੂੰ ਪਹਿਲ ਦੇ ਆਧਾਰ ਤੇ ਮੁਕੰਮਲ ਕੀਤਾ ਜਾਵੇਗਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਅਮਜਦ ਖਾਂ, ਸੁਪਰਡੈਂਟ, ਬੀ.ਡੀ.ਪੀ.ਓ. ਬਲਾਕ ਮਲੇਰਕੋਟਲਾ-1, ਸ੍ਰੀ ਹਰਮੇਲ ਸਿੰਘ, ਸੁਪਰਡੰਟ, ਬਲਾਕ ਮਲੇਰਕੋਟਲਾ-2, ਸ੍ਰੀ ਗਗਨਦੀਪ ਸਿੰਘ, ਇੰਸਪੈਕਟਰ, ਸਹਿਕਾਰੀ ਸਭਾਵਾਂ, ਸ੍ਰੀ ਜ਼ਸਬੀਰ ਸਿੰਘ, ਸੁਪਰਡੈਂਟ, ਐਸ.ਡੀ.ਐਮ. ਦਫਤਰ, ਮਲੇਰਕੋਟਲਾ ਵੀ ਮੌਜੂਦ ਸਨ।