ਜਗਦੀਸ਼ ਥਿੰਦ
ਫਾਜ਼ਿਲਕਾ, 22 ਨਵੰਬਰ
ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਰ.ਪੀ. ਸਿੰਘ ਨੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਜ਼ਮੀਨੀ ਪੱਧਰ ’ਤੇ ਸੀਨੀਅਰ ਸਿਟੀਜਨਜ਼ ਤੱਕ ਪਹੰੁਚ ਕਰਵਾਉਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜਨਜ਼ ਦਾ ਸਰਕਾਰੀ ਦਫਤਰਾਂ ’ਚ ਪੂਰਾ ਮਾਨ-ਸਨਮਾਨ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ ਇਕੱਤਰਤਾ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸੀਨੀਅਰ ਸਿਟੀਜਨਜ਼ ਅਤੇ ਸੇਵਾ-ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਰਕਾਰੀ ਦਫਤਰਾਂ ’ਚ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੀਨੀਅਰ ਸਿਟੀਜਨਜ਼ ਲਈ ਸਰਕਾਰੀ ਦਫ਼ਤਰਾਂ, ਬੈਂਕਾਂ ਅਤੇ ਹਸਪਤਾਲਾਂ ’ਚ ਵੱਖਰੇ ਤੌਰ ’ਤੇ ਪ੍ਰਬੰਧ ਕੀਤੇ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਬਜ਼ੁਰਗ ਆਪਣੀ ਸਮੱਸਿਆ ਲੈ ਕੇ ਦਫ਼ਤਰ ਵਿਚ ਆਉਂਦਾ ਹੈ ਤਾਂ ਉਸ ਦਾ ਪਹਿਲ ਦੇ ਆਧਾਰ ’ਤੇ ਯੋਗ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇ ਤਾਂ ਜੋ ਕੋਈ ਮੁਸ਼ਕਲ ਪੇਸ਼ ਆਉਣ ’ਤੇ ਸੀਨੀਅਰ ਸਿਟੀਜਨ ਹੈਲਪਲਾਈਨ ਤੋਂ ਜਾਣਕਾਰੀ ਹਾਸਲ ਕਰ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਬਜ਼ੁਰਗਾਂ ਦੇ ਸ਼ਨਾਖਤੀ ਕਾਰਡ ਅਤੇ ਪੈਨਸ਼ਨ ਕਾਰਡ ਵੀ ਪਹਿਲ ਦੇ ਆਧਾਰ ’ਤੇ ਬਣਾਏ ਜਾਣ।
ਡਾ. ਆਰ.ਪੀ. ਸਿੰਘ ਨੇ ਲੀਡ ਬੈਂਕ ਮੈਨੇਜਰ ਨੂੰ ਹਦਾਇਤ ਕੀਤੀ ਕਿ ਉਹ ਸੀਨੀਅਰ ਸਿਟੀਜਨਜ਼, ਸੇਵਾ-ਮੁਕਤ ਅਧਿਕਾਰੀਆਂ/ਕਰਮਚਾਰੀਆਂ ਨੂੰ ਬੈਂਕਾਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦੇਣ ਅਤੇ ਬੈਂਕਾਂ ਵਿੱਚ ਵੱਖਰੀ ਲਾਈਨ ਤੇ ਸਪੈਸ਼ਲ ਕਾਉਂਟਰ ਲਗਾਉਣੇ ਯਕੀਨੀ ਬਨਾਉਣ। ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜਨਜ਼ ਦੀ ਸਹਾਇਤਾ ਲਈ ਵਿਸ਼ੇਸ਼ ਤੌਰ ’ਤੇ ਕਰਮਚਾਰੀ ਵੀ ਨਿਯੁਕਤ ਕੀਤਾ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਬਜੁਰਗਾਂ ਜਾਂ ਸੇਵਾ-ਮੁਕਤ ਅਧਿਕਾਰੀਆਂ ਨੂੰ ਸਰਕਾਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਸਪੈਸ਼ਲ ਕੈਂਪ ਲਗਾਉਣ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਨ੍ਹਾਂ ਵੱਲੋਂ ਲਗਾਏ ਜਾਣ ਵਾਲੇ ਕੈਂਪਾਂ ਵਿੱਚ ਵੀ ਸੀਨੀਅਰ ਸਿਟੀਜਨਜ਼ ਨੂੰ ਵਿਸ਼ੇਸ਼ ਤੌਰ ’ਤੇ ਜਾਗਰੂਕ ਕਰਨ ਲਈ ਉਪਰਾਲੇ ਕੀਤੇ ਜਾਣ।
ਇਸ ਮੌਕੇ ਜ਼ਿਲ੍ਹਾ ਅਟਾਰਨੀ ਮੈਡਮ ਸ਼ੀਖਾ ਢੱਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀ ਕਮਲਜੀਤ ਸਿੰਘ ਗਰੇਵਾਲ, ਡੀ.ਐਸ.ਪੀ. ਨਿਰਮਲ ਸਿੰਘ, ਲੀਡ ਬੈਂਕ ਮੈਨੇਜਰ ਰਮੇਸ਼ ਕੁਮਾਰ, ਪ੍ਰਧਾਨ ਸੇਵਾ-ਮੁਕਤ ਐਸੋਸੀਏਸ਼ਨ ਸਰਬਜੀਤ ਸਿੰਘ ਢਿੱਲੋਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।