ਨਸੀਬ ਸਿੰਘ ਸੰਧੂ ਨੂੰ ਸਨਮਾਨ ਚਿੰਨ ਦਿੰਦੇ ਹੋਏ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ , ਨਾਲ ਮੌਜੂਦ ਹਨ ਰਮਿੰਦਰ ਸਿੰਘ ਆਵਲਾ ਵਿਧਾਇਕ ਜਲਾਲਾਬਾਦ । ਤਸਵੀਰ : ਜਗਦੀਸ਼ ਥਿੰਦ
ਜਗਦੀਸ਼ ਥਿੰਦ
ਗੁਰੂ ਹਰਸਹਾਏ / ਫਿਰੋਜ਼ਪੁਰ 5 ਦਸੰਬਰ ; ਪੰਜਾਬ ਸਰਕਾਰ ਵੱਲੋਂ ਜਾਰੀ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਰਾਜ ਭਰ ਦੇ ਸਮੂਹ ਸਰਕਾਰੀ ਵਿਭਾਗ ਜਿੱਥੇ ਆਪੋ ਆਪਣੇ ਪੱਧਰ ਤੇ ਯਤਨਸ਼ੀਲ ਹਨ , ਉਥੇ ਸਮਾਜ ਵਿੱਚ ਰਾਜਨੀਤੀ ਦੇ ਨਾਲ ਹੀ ਸਮਾਜ ਸੇਵਕ ਵਜੋਂ ਵਿਚਰਦੇ ਆਗੂਆਂ ਦਾ ਵੀ ਸਮਾਜ ਵਿੱਚ ਵਿਸ਼ੇਸ਼ ਸਥਾਨ ਹੈ ।
ਇਹ ਗੱਲ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਬੱਡੀ ਕੱਪ ਦੇ ਮੈਚਾਂ ਦੌਰਾਨ ਕਹੀ ।
ਉਹਨਾਂ ਯੂਥ ਕਾਂਗਰਸ ਆਗੂ ਅਤੇ ਇਲਾਕੇ ਵਿੱਚ ਬਤੌਰ ਹਲਕਾ ਇੰਚਾਰਜ ਗੁਰੂਹਰਸਹਾਏ ਕੰਮ ਕਰ ਰਹੇ ਨਸੀਬ ਸਿੰਘ ਸੰਧੂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ।
ਇਸ ਮੌਕੇ ਉਨ੍ਹਾਂ ਦੇ ਨਾਲ ਐੱਮ ਐੱਲ ਏ ਜਲਾਲਾਬਾਦ ਰਮਿੰਦਰ ਆਵਲਾ ਵੀ ਮੌਜੂਦ ਸਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਅੰਤਰਰਾਸ਼ਟਰੀ ਕਬੱਡੀ ਕੱਪ ਸਮੁੱਚੇ ਪੰਜਾਬੀ ਸੱਭਿਆਚਾਰ ਨੂੰ ਗੁਰੂ ਨਾਨਕ ਸਾਹਿਬ ਦੇ ਸੰਦੇਸ਼ ਨਾਲ ਜੁੜਨ ਦਾ ਸੁਨੇਹਾ ਦੇਣ ਦੇ ਨਾਲ ਨਾਲ ਪੰਜਾਬੀ ਸੱਭਿਆਚਾਰ ਦੀ ਤਸਵੀਰ ਪੇਸ਼ ਕਰ ਰਿਹਾ ਹੈ ।
ਇਸ ਮੌਕੇ ਸਨਮਾਨਤ ਹੋਣ ਬਾਅਦ ਨਸੀਬ ਸਿੰਘ ਸੰਧੂ ਨੇ ਕਿਹਾ ਕਿ ਉਹ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਿੱਜੀ ਸਕੱਤਰ ਵਜੋਂ ਸੇਵਾਵਾਂ ਨਿਭਾਉਣ ਦੇ ਨਾਲ - ਨਾਲ ਆਪਣੇ ਆਪਣੇ ਬਜ਼ੁਰਗਾਂ ਵੱਲੋਂ ਦਿੱਤੀ ਸਿੱਖਿਆ ਦੇ ਅਨੁਸਾਰ , ਮਨ ਦੀ ਤਸੱਲੀ ਲਈ ਸਮਾਜ ਵਿੱਚ ਬਣਦਾ ਆਪਣਾ ਯੋਗਦਾਨ ਪਾਉਣ ਦੀ ਹਰ ਸੰਭਵ ਕੋਸ਼ਿਸ਼ ਕਰਦੇ ਆ ਰਹੇ ਹਨ ।
ਉਹਨਾਂ ਕਿਹਾ ਕਿ ਉਹ ਆਪਣੇ ਆਪ ਨੂੰ ਵੱਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਬੱਡੀ ਕੱਪ ਮੌਕੇ ਪੰਜਾਬ ਸਰਕਾਰ ਵੱਲੋਂ ਸਨਮਾਨਤ ਹੋਣ ਦਾ ਸੁਭਾਗ ਪ੍ਰਾਪਤ ਹੋਇਆ ।