ਲੋਕੇਸ਼ ਰਿਸ਼ੀ
- ਕਤਲ ਦੌਰਾਨ ਵਰਤਿਆ ਗਿਆ ਪਿਸਟਲ ਵੀ ਅਜਨਾਲਾ ਦੇ ਸੱਕੀ ਨਾਲੇ ਵਿਚੋਂ ਬਰਾਮਦ
ਗੁਰਦਾਸਪੁਰ, 6 ਦਸੰਬਰ 2019 - ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਦੇ ਕਤਲ ਕੇਸ ਵਿੱਚ ਬਟਾਲਾ ਪੁਲਿਸ ਨੇ ਮੁਲਜ਼ਮਾਂ ਨੂੰ ਪਨਾਹ ਦੇਣ ਵਾਲੇ ਇੱਕ ਵਿਅਕਤੀ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ਅਤੇ ਨਾਲ ਹੀ ਉਹਦੀ ਸ਼ਨਾਖ਼ਤ ’ਤੇ ਅਜਨਾਲਾ ਦੇ ਲਾਗਿਓਂ ਸੱਕੀ ਨਾਲੇ ਵਿਚੋਂ ਉਹ ਪਿਸਟਲ ਵੀ ਬਰਾਮਦ ਕਰ ਲਿਆ ਹੈ। ਜਿਸ ਨਾਲ ਸਾਬਕਾ ਸਰਪੰਚ ਦਲਬੀਰ ਸਿੰਘ ਦਾ ਕਤਲ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਦੋਸ਼ੀ ਲਖਵਿੰਦਰ ਸਿੰਘ ਵਾਸੀ ਪਿੰਡ ਗੁਰਾਲਾ ਥਾਣਾ ਅਜਨਾਲਾ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਕੱਲ੍ਹ ਮਿਤੀ 5 ਦਸੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅੱਜ ਉਸ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਕਤਲ ਦੀ ਵਾਰਦਾਤ ਸਬੰਧੀ ਹੋਰ ਵੀ ਖ਼ੁਲਾਸੇ ਹੋ ਸਕਣ।
ਐੱਸ.ਐੱਸ.ਪੀ ਘੁੰਮਣ ਨੇ ਦੱਸਿਆ ਕਿ ਬੀਤੇ ਨਵੰਬਰ ਮਹੀਨੇ 18 ਤਰੀਕ ਨੂੰ ਪਿੰਡ ਢਿਲਵਾਂ ਥਾਣਾ ਕੋਟਲੀ ਸੂਰਤ ਮੱਲ੍ਹੀ ਵਿਖੇ ਕੁੱਝ ਵਿਅਕਤੀਆਂ ਵੱਲੋਂ ਪਿੰਡ ਢਿਲਵਾਂ ਦੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਸਬੰਧੀ ਥਾਣਾ ਕੋਟਲੀ ਸੂਰਤ ਮੱਲ੍ਹੀ ਵਿਖੇ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ। ਮੁਲਜ਼ਮਾਂ ਵਿੱਚੋਂ ਅੰਮ੍ਰਿਤਪਾਲ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਦਾਲਮ ਨੰਗਲ ਥਾਣਾ ਕਿਲ੍ਹਾ ਲਾਲ ਸਿੰਘ ਨੂੰ ਬੀਤੀ 25 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀ ਹੁਣ ਤੱਕ ਫ਼ਰਾਰ ਚੱਲੇ ਆ ਰਹੇ ਸਨ।
ਐੱਸ.ਐੱਸ.ਪੀ. ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਇਸ ਮਾਮਲੇ ਵਿੱਚ ਨਾਮਜ਼ਦ ਦੋਸ਼ੀ ਹਰਜਿੰਦਰ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ਵਾਸੀ ਪਿੰਡ ਖਾਨੋਵਾਲ ਅਤੇ ਜਗਮੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਪੱਬਾਂਰਾਲੀ ਜੋ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ ਸਨ ਅਤੇ ਬਾਅਦ ਵਿੱਚ ਉਹ ਲਖਵਿੰਦਰ ਸਿੰਘ ਉਰਫ਼ ਲੱਖਾ ਪੁੱਤਰ ਰਛਪਾਲ ਸਿੰਘ ਵਾਸੀ ਪਿੰਡ ਗੁਰਾਲਾ ਥਾਣਾ ਅਜਨਾਲਾ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪਾਸ ਜਾ ਕੇ ਠਹਿਰੇ ਸਨ ਅਤੇ ਕਤਲ ਦੀ ਵਾਰਦਾਤ ਦੌਰਾਨ ਵਰਤੇ ਹਥਿਆਰ ਵੀ ਲਖਵਿੰਦਰ ਸਿੰਘ ਉਕਤ ਦੇ ਹਵਾਲੇ ਕਰ ਗਏ ਸਨ।
ਬਟਾਲਾ ਪੁਲਿਸ ਵੱਲੋਂ ਜਾਂਚ ਦੇ ਅਧਾਰ ’ਤੇ ਲਖਵਿੰਦਰ ਸਿੰਘ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਲਖਵਿੰਦਰ ਸਿੰਘ ਦੀ ਸ਼ਨਾਖ਼ਤ’ਤੇ ਅਜਨਾਲਾ ਲਾਗਿਓਂ ਸ਼ੱਕੀ ਨਾਲੇ ਵਿਚੋਂ ਉਹ ਪਿਸਟਲ ਵੀ ਬਰਾਮਦ ਕਰ ਲਿਆ ਹੈ ਜਿਸ ਨਾਲ ਸਾਬਕਾ ਸਰਪੰਚ ਦਾ ਕਤਲ ਕੀਤਾ ਗਿਆ ਸੀ। ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਤਲ ਦੇ ਬਾਕੀ ਦੋਸ਼ੀਆਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।