ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਛੁੱਟੀਆਂ ਵਾਲੇ ਦਿਨਾਂ ਦੌਰਾਨ ਜ਼ਿਲ੍ਹੇ ਦੇ ਸਾਰੇ ਦਫ਼ਤਰ ਖੁਲ੍ਹੇ ਰਹਿਣ ਸਬੰਧੀ ਜਾਣਕਾਰੀ ਦਿੰਦੇ ਹੋਏ।
· ਸ਼ਹੀਦੀ ਸਭਾ ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਆਦੇਸ਼
· ਇਨ੍ਹਾਂ ਦਿਨਾਂ ਦੌਰਾਨ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਫ਼ਤਰਾਂ ਵਿੱਚ ਆਪਣੀ ਹਾਜਰੀ ਯਕੀਨੀ ਬਣਾਉਣ ਦੇ ਹੁਕਮ
ਫ਼ਤਹਿਗੜ੍ਹ ਸਾਹਿਬ, 11 ਦਸੰਬਰ 2019 : ਦਸਮਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਦੀ ਯਾਦ ਵਿੱਚ 26 ਦਸੰਬਰ ਤੋਂ 28 ਦਸੰਬਰ ਤੱਕ ਮਨਾਈ ਜਾ ਰਹੀ ਸ਼ਹੀਦੀ ਸਭਾ ਲਈ ਅਗੇਤੇ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਦੇ ਸਾਰੇ ਦਫਤਰ 21, 22 ਅਤੇ 25 ਦਸੰਬਰ ਨੂੰ ਆਮ ਦਿਨਾਂ ਵਾਂਗ ਖੁਲ੍ਹੇ ਰਹਿਣਗੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਜਾਰੀ ਕਰਦਿਆਂ ਦੱਸਿਆ ਕਿ ਮਿਤੀ 21 ਤੇ 22 ਦਸੰਬਰ ਨੂੰ ਸ਼ਨੀਵਾਰ ਤੇ ਐਤਵਾਰ ਪੈਂਦਾ ਹੈ ਜਦੋਂ ਕਿ 25 ਦਸੰਬਰ ਨੂੰ ਬੁੱਧਵਾਰ ਵਾਲੇ ਦਿਨ ਕ੍ਰਿਸਮਿਸ ਦੀ ਛੁੱਟੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੇ ਅਹਿਮ ਕੰਮਾਂ ਦੇ ਮੱਦੇ ਨਜ਼ਰ ਕਿਸੇ ਵੀ ਵਿਭਾਗ ਜਾਂ ਦਫ਼ਤਰ ਦੇ ਅਧਿਕਾਰੀ ਜਾਂ ਕਰਮਚਾਰੀ ਦੀ ਜਰੂਰਤ ਪੈ ਸਕਦੀ ਹੈ। ਇਸ ਲਈ ਕੰਮ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਜਰੂਰੀ ਹੈ ਕਿ ਮਿਤੀ 21, 22 ਅਤੇ 25 ਦਸੰਬਰ ਨੂੰ ਜ਼ਿਲ੍ਹੇ ਦੇ ਸਾਰੇ ਦਫ਼ਤਰਾਂ ਵਿੱਚ ਸਮੂਹ ਅਧਿਕਾਰੀ ਤੇ ਕਰਮਚਾਰੀ ਆਪਣੀ ਹਾਜ਼ਰੀ ਨੂੰ ਯਕੀਨੀ ਬਣਾਉਣ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਪ੍ਰਬੰਧਾਂ ਜਾਂ ਜਰੂਰੀ ਕੰਮਾਂ ਸਬੰਧੀ ਕੋਈ ਮੁਸ਼ਕਲ ਪੇਸ਼ ਨਾ ਆਵੇ ਅਤੇ ਸ਼ਹੀਦੀ ਸਭਾ ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ ਅਤੇ ਕਿਸੇ ਤਰ੍ਹਾਂ ਦੀ ਜਰੂਰੀ ਡਾਕ/ਕੰਮ ਸਬੰਧੀ ਕੋਈ ਮੁਸ਼ਕਲ ਪੇਸ਼ ਨਾ ਆਵੇ।