ਲੋਕਾਂ ਨੂੰ ਸਰਕਾਰੀ ਕੰਮਾਂ ਸਬੰਧੀ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ- ਸਹਾਇਕ ਕਮਿਸ਼ਨਰ
ਫ਼ਿਰੋਜ਼ਪੁਰ 11 ਦਸੰਬਰ 2019: ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਪੇਸ਼ ਨਾ ਆਉਣ ਦੇਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਬੁੱਧਵਾਰ ਨੂੰ ਸਹਾਇਕ ਕਮਿਸ਼ਨਰ ਸ੍ਰ. ਰਣਜੀਤ ਸਿੰਘ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਵਿਭਾਗ ਅਤੇ ਸਿਵਲ ਸਰਜਨ ਦਫ਼ਤਰ, ਜ਼ਿਲ੍ਹਾ ਨਗਰ ਯੋਜਨਾਕਾਰ, ਦਫਤਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ, ਦਫਤਰ ਜ਼ਿਲ੍ਹਾ ਲੋਕ ਸੰਪਰਕ, ਡੀ.ਸੀ.ਦਫ਼ਤਰ ਦੀਆਂ ਵੱਖ ਵੱਖ ਬ੍ਰਾਂਚਾਂ ਸਮੇਤ ਵੱਖ-ਵੱਖ ਦਫਤਰਾਂ ਦੇ 35 ਅਧਿਕਾਰੀ/ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਜ਼ਿਨ੍ਹਾਂ ਨੂੰ ਸਹਾਇਕ ਕਮਿਸ਼ਨਰ ਸ੍ਰ. ਰਣਜੀਤ ਸਿੰਘ ਵੱਲੋਂ ਵਿਸ਼ੇਸ਼ ਤਾੜਣਾ ਦਿੱਤੀ ਗਈ ਕਿ ਜੇਕਰ ਉਹ ਅੱਜ ਤੋਂ ਬਾਅਦ ਇਹ ਕਰਮਚਾਰੀ/ਅਧਿਕਾਰੀ ਗੈਰ ਹਾਜ਼ਰ ਪਾਏ ਗਏ ਤਾਂ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੇ ਦਫ਼ਤਰਾਂ ਵਿੱਚ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਆਪਣੀ ਹਾਜ਼ਰੀ ਯਕੀਨੀ ਬਣਾਈ ਰੱਖਣ ਤਾਂ ਜੋ ਦਫ਼ਤਰਾਂ ਵਿੱਚ ਆਪਣੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜੇ ਅਧਿਕਾਰੀ/ਕਰਮਚਾਰੀ ਦਫ਼ਤਰਾਂ ਵਿਚ ਲੇਟ ਆਉਂਦੇ ਹਨ ਤਾਂ ਇਸ ਨਾਲ ਜਿੱਥੇ ਆਮ ਲੋਕਾਂ ਦਾ ਸਮਾਂ ਖ਼ਰਾਬ ਹੁੰਦਾ ਹੈ ਉੱਥੇ ਹੀ ਪ੍ਰਸ਼ਾਸਨ ਦਾ ਆਮ ਲੋਕਾਂ ਵਿੱਚ ਅਕਸ ਵੀ ਗ਼ਲਤ ਪੈਂਦਾ ਹੈ। ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗੀ ਅਧਿਕਾਰੀ ਅੱਜ ਤੋਂ ਬਾਅਦ ਆਪਣੇ ਦਫਤਰ ਸਮੇਂ ਸਿਰ ਹੀ ਪਹੁੰਚਣ, ਜੇਕਰ ਅਧਿਕਾਰੀ ਦਫਤਰ ਸਮੇਂ ਤੋਂ ਬਾਅਦ ਆਇਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।