ਪੰਜਾਬ ਦੇ ਕੈਬਨਿਟ ਮੰਤਰੀ . ਸਾਧੂ ਸਿੰਘ ਧਰਮਸੋਤ ਪਟਿਆਲਾ ਦੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਆਵਾਜ ਅਤੇ ਰੌਸ਼ਨੀ ਦੇ ਸੁਮੇਲ ਵਾਲੇ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਸ਼ਿਰਕਤ ਕਰਦੇ ਹੋਏ। ਉਨ੍ਹਾਂ ਨਾਲ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਬੀਬਾ ਗੁਰਸ਼ਰਨ ਕੌਰ ਰੰਧਾਵਾ ਅਤੇ ਵੱਡੀ ਗਿਣਤੀ ਸੰਗਤ ਵੀ ਨਜ਼ਰ ਆ ਰਹੀ ਹੈ।
ਜੀ ਐਸ ਪੰਨੂ
ਪਟਿਆਲਾ, 12 ਦਸੰਬਰ 2019: ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਹੇਠ ਆਪਣੀ ਹੀ ਕਿਸਮ ਦੇ ਨਿਵੇਕਲੇ, ਆਵਾਜ ਅਤੇ ਰੌਸ਼ਨੀ ਦੇ ਸੁਮੇਲ ਵਾਲੇ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਦਾ ਪਟਿਆਲਾ ਦੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਵੱਡੀ ਗਿਣਤੀ ਸੰਗਤ ਨੇ ਭਾਰੀ ਠੰਢ ਦੇ ਬਾਵਜੂਦ ਸ਼ਰਧਾ ਪੂਰਵਕ ਆਨੰਦ ਮਾਣਿਆ।
ਲਾਇਟ ਐਂਡ ਸਾਊਂਡ ਦੇ ਇਸ ਅਲੌਕਿਕ ਸ਼ੋਅ ਦੌਰਾਨ ਡਿਜ਼ੀਟਲ ਤਕਨੀਕਾਂ ਤੇ ਲੇਜ਼ਰ ਸ਼ੋਅ ਜਰੀਏ ਸੰਗਤਾਂ ਦੇ ਠਾਠਾਂ ਮਾਰਦੇ ਪ੍ਰਭਾਵਸ਼ਾਲੀ ਇਕੱਠ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਪਦੇਸ਼ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਗਿਆ। ਰੁਹਾਨੀਅਤ ਦੇ ਰੰਗ ਵਿੱਚ ਰੰਗੇ ਪੋਲੋ ਗਰਾਊਂਡ ਵਿਖੇ ਪਟਿਆਲਾ ਤੇ ਆਸ-ਪਾਸ ਦੇ ਇਲਾਕਿਆਂ ਤੋਂ ਪੁੱਜੀ ਸੰਗਤ ਨੇ ਇਸ ਸ਼ੋਅ ਦੀ ਭਰਵੀਂ ਸ਼ਲਾਘਾ ਕਰਦਿਆਂ ਧੰਨ ਗੁਰੂ ਨਾਨਕ ਦਾ ਜਾਪ ਕੀਤਾ।
ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਕਰਵਾਏ ਗਏ ਇਸ ਪ੍ਰਭਾਵਸ਼ਾਲੀ ਤੇ ਨਿਵੇਕਲੇ ਆਯੋਜਨ ਦੌਰਾਨ ਪਹਿਲੇ ਸ਼ੋਅ ਦੀ ਸ਼ੁਰੂਆਤ ਪੰਜਾਬ ਦੇ ਜੰਗਲਾਤ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਤੋ ਕਰਵਾਈ। ਉਨ੍ਹਾਂ ਦੇ ਨਾਲ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਬੀਬਾ ਗੁਰਸ਼ਰਨ ਕੌਰ ਰੰਧਾਵਾ ਵੀ ਮੌਜੂਦ ਸਨ।ਧਰਮਸੋਤ ਨੇ ਕਿਹਾ ਕਿ ਗੁਰੂ ਸਾਹਿਬ ਸਮੁਚੀ ਲੋਕਾਈ ਦੇ ਰਹਿਬਰ ਸਨ ਇਸ ਲਈ ਸਾਨੂੰ ਗੁਰੂ ਸਾਹਿਬ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਂਦੇ ਸਮੇਂ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਨਫ਼ਰਤ ਦੀ ਅੱਗ ਨਾਲ ਸੜਦੇ ਜਗਤ ਜਲੰਦੇ ਨੂੰ ਠਾਰਨ ਲਈ ਗੁਰੂ ਸਾਹਿਬ ਵੱਲੋਂ ਦਿੱਤੇ ਉਪਦੇਸ਼ਾਂ ਮੁਤਾਬਕ ਜੀਵਨ ਜਾਚ ਸਿੱਖਾਂਗੇ।
ਕੁਮਾਰ ਅਮਿਤ ਡਿਪਟੀ ਕਮਿਸ਼ਨਰ ਪਟਿਆਲਾ ਨੇ ਇਸ ਮੁਫ਼ਤ ਦਾਖਲੇ ਵਾਲੇ ਬਾ _ਕਮਾਲ ਸ਼ੋਅ ਦਾ ਆਨੰਦ ਮਾਣਨ ਦੀ ਅਪੀਲ ਕਰਦਿਆਂ ਦੱਸਿਆ ਕਿ 13 ਦਸੰਬਰ ਨੂੰ ਵੀ ਇਸੇ ਤਰ੍ਹਾਂ ਦੋ ਸ਼ੋਅ ਪ੍ਰਦਰਸ਼ਿਤ ਕੀਤੇ ਜਾਣਗੇ, ਇਸ ਲਈ ਸਮੂਹ ਜ਼ਿਲ੍ਹਾ ਨਿਵਾਸੀ ਇਸ ਅਲੌਕਿਕ ਆਯੋਜਨ ਮੌਕੇ ਜਰੂਰ ਸ਼ਿਰਕਤ ਕਰਨ।ਇਸ ਦੌਰਾਨ ਸੰਗਤ ਵਿੱਚ ਸ਼ਾਮਲ ਕੁਝ ਲੋਕਾਂ ਨੇ ਕਿਹਾ ਕਿ ਅਜਿਹਾ ਕਰਕੇ ਪੰਜਾਬ ਸਰਕਾਰ ਨੇ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਆਧੁਨਿਕ ਢੰਗ ਤਰੀਕਿਆਂ ਰਾਹੀਂ ਰੂਬਰੂ ਕਰਵਾਇਆ ਹੈ, ਜੋ ਕਿ ਇੱਕ ਸ਼ਲਾਘਾਯੋਗ ਉਪਰਾਲਾ ਹੈ।
ਇਸ ਮੌਕੇ ਵੱਡੀ ਗਿਣਤੀ ਪਟਿਆਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕ ਅਤੇ ਹੋਰ ਪਤਵੰਤੇ ਮੌਜੂਦ ਸਨ।