ਪਰਕਸ ਵੱਲੋਂ ਸ਼ੰਗਾਰਾ ਸਿੰਘ ਭੁੱਲਰ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 13 ਦਸੰਬਰ, 2019 : ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਨੇ ਸ਼੍ਰੋਮਣੀ ਪੱਤਰਕਾਰ ਸ਼ੰਗਾਰਾ ਸਿੰਘ ੰਭੁੱਲਰ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਕ ਬਿਆਨ ਵਿਚ ਸੁਸਾਇਟੀ ਦੇ ਪ੍ਰਧਾਨ ਡਾ ਬਿਕਰਮ ਸਿੰਘ ਘੁੰਮਣ, ਪ੍ਰਬੰਧਕੀ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਟਾਲਾ ਤੇ ਸਕੱਤਰ ਗੁਰਮੀਤ ਸਿੰਘ ਪਲਾਹੀ ਨੇ ਕਿਹਾ ਕਿ ਉਹ ਬਹੁਤ ਹੀ ਸੁਹਿਰਦ, ਮਿਲਣਸਾਰ ਅਤੇ ਪੱਤਰਕਾਰੀ ਨੂੰ ਸਮਰਪਿਤ ਸਨ। ਉਹ ਇਕੋ ਇਕ ਅਜਿਹੇ ਪੱਤਰਕਾਰ ਸਨ ਜਿਹਨਾਂ ਨੂੰ ਚਾਰ ਅਖ਼ਬਾਰਾਂ ਦੇ ਸੰਪਾਦਕ ਹੋਣ ਦਾ ਮਾਣ ਪ੍ਰਾਪਤ ਹੋਇਆ। ਉਹ ਲੰਬਾ ਸਮਾਂ ਪੰਜਾਬੀ ਟ੍ਰਿਬਿਊਨ ਵਿਚ ਬਤੌਰ ਸੰਪਾਦਕ ਰਹਿਣ ਪਿੱਛੋਂ ਪੰਜਾਬੀ ਜਾਗਰਣ ਦੇ ਬਾਨੀ ਸੰਪਾਦਕ, ਦੇਸ਼ ਵਿਦੇਸ਼ ਟਾਈਮਜ਼ ਦੇ ਸੰਪਾਦਕ ਰਹੇ। ਉਹ ਪੰਜਾਬੀ ਨਿਊਜ਼ ਏਜੰਸੀ ਵਿਸ਼ਵ ਵਾਰਤਾ ਦੇ ਵੀ ਸੰਪਾਦਕ ਰਹੇ। ਇਸ ਸਮੇਂ ਉਹ ਰੋਜ਼ਾਨਾ ਸਪੋਕਸਮੈਨ ਦੇ ਸੰਪਾਦਕ ਸਨ। ਉਹਨਾਂ ਦੇ ਅਕਾਲ ਚਲਾਣੇ ਨਾਲ ਪੰਜਾਬੀ ਪੱਤਰਕਾਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਹ ਭਾਵੇਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਪਰ ਉਹਨਾਂ ਦੀਆਂ ਲਿਖਤਾਂ ਉਹਨਾਂ ਦੇ ਨਾਂ ਨੂੰ ਹਮੇਸ਼ਾ ਕਾਇਮ ਰੱਖਣਗੀਆਂ।