ਲੁਧਿਆਣਾ, 13 ਦਸੰਬਰ 2019 : ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪਿਛਲੇ ਦਿਨੀਂ ਲੋਕ ਸਭਾ ਅਤੇ ਰਾਜ ਸਭਾ ਵਿੱਚ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਦੀ ਲੋਕ ਇਨਸਾਫ਼਼ ਪਾਰਟੀ ਨੇ ਭਰਪੂਰ ਨਿੰਦਾ ਕੀਤੀ ਹੈ ਅਤੇ ਇਸ ਬਿੱਲ ਨੂੰ ਭਾਜਪਾ ਦੇ ਏਜੰਡਾ ਮੰਨਦੇ ਹੋਏ ਦੇਸ਼ ਵਿੱਚ ਘੱਟ ਗਿਣਤੀਆਂ ਦੇ ਹੱਕਾਂ ਤੇ ਡਾਕਾ ਕਰਾਰ ਦਿੱਤਾ ਹੈ। ਇਸ ਸਬੰਧੀ ਅੱਜ ਕੋਟ ਮੰਗਲ ਸਿੰਘ ਵਿਖੇ ਪਾਰਟੀ ਦੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਅਤੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ।
ਇਸ ਦੌਰਾਨ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਇਸ ਬਿੱਲ ਰਾਹੀਂ ਦੇਸ਼ ਦੀ ਸੱਤਾ ਤੇ ਕਾਬਜ਼ ਭਾਜਪਾ ਨੇ ਇਸ ਸਾਜ਼ਿਸ਼ ਤਹਿਤ ਦੇਸ਼ ਵਿੱਚ ਘੱਟ ਗਿਣਤੀਆਂ ਦੇ ਹੱਕਾਂ ਅਤੇ ਅਧਿਕਾਰਾਂ ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਹੈ ਪਰ ਲੋਕ ਇਨਸਾਫ਼਼ ਪਾਰਟੀ ਇਸ ਦਾ ਜਿੱਥੇ ਜ਼ਬਰਦਸਤ ਵਿਰੋਧ ਕਰਦੀ ਹੈ ਉੱਥੇ ਦੇਸ਼ ਦੇ ਘੱਟ ਗਿਣਤੀ ਸਮਾਜ ਨੂੰ ਵੀ ਅਪੀਲ ਕਰਦੀ ਹੈ ਕਿ ਇਸ ਬਿੱਲ ਦਾ ਵਿਰੋਧ ਕੀਤਾ ਜਾਵੇ, ਕਿਉਂਕਿ ਭਾਜਪਾ ਦਾ ਆਪਣਾ ਏਜੰਡਾ ਹੈ, ਜਿਸ ਨਾਲ ਭਾਜਪਾ ਸਿਰਫ਼਼ ਤੇ ਸਿਰਫ਼਼ ਘੱਟ ਗਿਣਤੀਆਂ ਦਾ ਮੂੰਹ ਬੰਦ ਕਰਨਾ ਚਾਹੁੰਦੀ ਹੈ, ਜਿਸ ਨੂੰ ਕਦੀ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਦੂਜੇ ਪਾਸੇ ਪਾਰਟੀ ਦੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਹੈ ਇਸ ਬਿੱਲ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਘੱਟ ਹੈ, ਕਿਉਂਕਿ ਦੇਸ਼ ਵਿੱਚ ਘੱਟ ਗਿਣਤੀ ਕੌਮਾਂ ਪਹਿਲਾਂ ਹੀ ਮਹਿੰਗਾਈ, ਬੇਰੁਜ਼ਗਾਰੀ ਜਿਹੇ ਮੁੱਦਿਆਂ ਕਾਰਨ ਪਿੱਛੇ ਹੈ ਅਤੇ ਇਸ ਬਿੱਲ ਨਾਲ ਘੱਟਗਿਣਤੀਆਂ ਨੂੰ ਸਰਕਾਰ ਨੇ ਦਬਾਉਣ ਦੀ ਕੋਸ਼ਿਸ਼ ਕੀਤੀ ਹੈ, ਪਰ ਘੱਟ ਗਿਣਤੀ ਕੌਮਾਂ ਨੂੰ ਵੀ ਸਮਝ ਲੈਣਾ ਚਾਹੀਦਾ ਹੈ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਕੇਂਦਰ ਵੱਲੋਂ ਪਾਸ ਕੀਤੇ ਇਸ ਮਤੇ ਦਾ ਵਿਰੋਧ ਕੀਤਾ ਜਾਵੇ, ਨਹੀਂ ਤਾਂ ਬਹੁਤ ਦੇਰ ਹੋ ਜਾਵੇਗੀ ਅਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਅਤੇ ਹੱਕਾਂ ਦੀ ਰਾਖੀ ਕਰਨ ਲਈ ਕੋਈ ਵੀ ਆਵਾਜ਼ ਉੱਠਣ ਨਹੀਂ ਦਿੱਤੀ ਜਾਵੇਗੀ, ਇਸ ਲਈ ਹੁਣ ਤੋਂ ਹੀ ਇਸ ਦੇ ਖ਼ਿਲਾਫ਼ ਇੱਕ ਜੰਗ ਛੇੜਨ ਦੀ ਬੇਹੱਦ ਜ਼ਰੂਰਤ ਹੈ।