ਗੁਰਨਾਮ ਸਿੱਧੂ
ਫਿਰੋਜ਼ਪੁਰ 15 ਦਸੰਬਰ 2019 : ਕਸਬਾ ਤਲਵੰਡੀ ਭਾਈ ਦੇ ਰਹਿਣ ਵਾਲੇ ਪਤੀ ਪਤਨੀ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁਝ ਲੋਕਾਂ ਦੇ ਵੱਲੋਂ ਕਾਤਲਾਨਾ ਹਮਲਾ ਕਰਦਿਆਂ ਹੋਇਆਂ ਉਨ੍ਹਾਂ ਨੂੰ ਜਾਨੋ ਮਾਰ ਦੀਆਂ ਧਮਕੀਆਂ ਦਿੱਤੀਆਂ ਅਤੇ ਗੰਭੀਰ ਰੂਪ ਵਿਚ ਜ਼ਖ਼ਮੀਂ ਕਰਕੇ ਉਕਤ ਲੋਕ ਫਰਾਰ ਹੋ ਗਏ। ਪਤੀ ਪਤਨੀ ਤੇ ਹਮਲਾ ਕਰਨ ਵਾਲੇ ਪੰਜ ਲੋਕਾਂ ਦੇ ਵਿਰੁੱਧ ਥਾਣਾ ਤਲਵੰਡੀ ਭਾਈ ਪੁਲਿਸ ਵੱਲੋਂ ਪਰਚਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਪ੍ਰੀਤ ਕੌਰ ਪਤਨੀ ਗੁਰਜੰਟ ਸਿੰਘ ਵਾਸੀ ਤਲਵੰਡੀ ਭਾਈ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦਾ ਪੁਰਾਣਾ ਝਗੜਾ ਗਿਆਨ ਸਿੰਘ, ਨਰਵਿੰਦਰ ਸਿੰਘ, ਦਲਜੀਤ ਕੌਰ, ਵੀਰਪਾਲ ਕੌਰ ਅਤੇ ਐਰੀ ਨਾਲ ਚੱਲਦਾ ਆ ਰਿਹਾ ਸੀ। ਗੁਰਪ੍ਰੀਤ ਕੌਰ ਨੇ ਦੋਸ਼ ਲਗਾਇਆ ਕਿ ਇਸੇ ਰੰਜ਼ਿਸ਼ ਦੇ ਚੱਲਦਿਆਂ ਉਕਤ ਲੋਕਾਂ ਨੇ ਹਮਮਸ਼ਵਰਾ ਹੋ ਕੇ ਉਸ ਦੇ ਘਰ ਜਾ ਕੇ ਉਸ ਦੀ ਅਤੇ ਉਸ ਦੇ ਪਤੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਉਸ ਦੀ ਦਸਤਾਰ ਲਾਉਣ ਦੀ ਕੋਸ਼ਿਸ਼ ਕੀਤੀ ਅਤੇ ਘਰ ਦੀ ਭੰਨ ਤੋੜ ਕਰਨ ਤੋਂ ਇਲਾਵਾ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਸੱਟਾਂ ਵੱਜਣ ਕਾਰਨ ਉਹ ਜ਼ਖ਼ਮੀ ਹੋ ਗਏ ਅਤੇ ਪਰਿਵਾਰ ਵਾਲਿਆਂ ਵੱਲੋਂ ਉਨ੍ਹਾਂ ਨੂੰ ਸਿਵਲ ਹਸਪਤਾਲ ਫ਼ਿਰੋਜ਼ਸ਼ਾਹ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਡਾਕਟਰਾਂ ਵੱਲੋਂ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ ਤੇ ਗਿਆਨ ਸਿੰਘ ਪੁੱਤਰ ਮਹਿੰਦਰ ਸਿੰਘ, ਨਰਵਿੰਦਰ ਸਿੰਘ ਪੁੱਤਰ ਗਿਆਨ, ਸਿੰਘ ਦਲਜੀਤ ਕੌਰ ਪਤਨੀ ਗਿਆਨ, ਸਿੰਘ ਵੀਰਪਾਲ ਕੌਰ ਪਤਨੀ ਨਰਵਿੰਦਰ ਸਿੰਘ ਵਾਸੀ ਤਲਵੰਡੀ ਭਾਈ ਅਤੇ ਐਰੀ ਪੁੱਤਰ ਗੁਰਸੇਵਕ ਵਾਸੀ ਫ਼ਰੀਦਕੋਟ ਹਾਲ ਤਲਵੰਡੀ ਭਾਈ ਦੇ ਵਿਰੁੱਧ ਆਈਪੀਸੀ ਐਕਟ ਦੀਆਂ ਵੱਖ ਵੱਖ ਧਾਰਾਵਾਂ ਦੇ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।