← ਪਿਛੇ ਪਰਤੋ
ਦੀਦਾਰ ਗੁਰਨਾ ਫ਼ਤਹਿਗੜ੍ਹ ਸਾਹਿਬ, 14 ਜਨਵਰੀ: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਸੰਜੀਦਾ ਹਨ ਅਤੇ ਉਨ੍ਹਾਂ ਵੱਲੋਂ ਪੁਲਿਸ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਕਿਸੇ ਵੀ ਹਾਲ ਵਿੱਚ ਬਖਸ਼ਿਆ ਨਾ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਵਰਨਣਯੋਗ ਹੈ ਕਿ ਸ. ਸਿੱਧੂ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਸ਼੍ਰੀ ਹਰਿੰਦਰ ਸਿੰਘ ਭਾਂਬਰੀ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਵਿਸ਼ੇਸ਼ ਤੌਰ 'ਤੇ ਸ਼ੁਭ ਕਾਮਨਾਵਾਂ ਦੇਣ ਲਈ ਪਹੁੰਚੇ ਹੋਏ ਸਨ। ਪੱਤਰਕਾਰਾਂ ਵੱਲੋਂ ਦਵਾਈਆਂ ਦੇ ਭਾਅ ਸਾਲਟ ਦੇ ਹਿਸਾਬ ਨਾਲ ਹੋਣ ਸਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਸ. ਸਿੱਧੂ ਨੇ ਕਿਹਾ ਦਵਾਈਆਂ ਦੇ ਭਾਅ ਸਾਲਟ ਮੁਤਾਬਕ ਤੈਅ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕੇਂਦਰ ਸਰਕਾਰ ਨਾਲ ਜੁੜਿਆ ਹੋਇਆ ਹੈ ਕਿਉਂਕਿ ਦਵਾਈਆਂ ਦੇ ਰੇਟ ਤੈਅ ਕਰਨ ਦਾ ਅਧਿਕਾਰ ਕੇਂਦਰ ਸਰਕਾਰ ਕੋਲ ਹੀ ਹੈ। ਪੱਤਰਕਾਰਾਂ ਵੱਲੋਂ ਬੀਤੇ ਸਮਿਆਂ ਦੌਰਾਨ ਕਈ ਸਿਆਸੀ ਆਗੂਆਂ ਦੇ ਨਸ਼ਿਆਂ ਦੇ ਕਾਰੋਬਾਰ ਸਬੰਧੀ ਪੁਲਿਸ ਦੇ ਅੜਿਕੇ ਆਉਣ ਸਬੰਧੀ ਪੁੱਛੇ ਗਏ ਸਵਾਲ ਵਿੱਚ ਸ. ਸਿੱਧੂ ਨੇ ਕਿਹਾ ਕਿ ਗਲਤ ਕੰਮ ਕੋਈ ਵੀ ਕਰੇ ਉਹ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁਲਿਸ ਵਿਭਾਗ ਨੂੰ ਇਹ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ। ਸ. ਸਿੱਧੂ ਨੇ ਕਿਹਾ ਕਿ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਸ. ਹਰਿੰਦਰ ਸਿੰਘ ਭਾਂਬਰੀ ਲਮੇਂ ਸਮੇਂ ਤੋਂ ਪੂਰੀ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਦੀ ਸੇਵਾ ਨੂੰ ਵੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਵੱਲੋਂ ਉਨ੍ਹਾਂ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦੀ ਅਹਿਮ ਜਿੰਮੇਵਾਰੀ ਸੋਂਪੀ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਸ. ਭਾਂਬਰੀ ਇਸ ਜਿੰਮੇਵਾਰੀ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਪੂਰੀ ਜਿੰਮੇਵਾਰੀ ਨਾਲ ਨਿਭਾਉਣਗੇ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ। ਇਸ ਮੌਕੇ ਬਸੀ ਪਠਾਣਾ ਦੇ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ., ਸ. ਸਿੱਧੂ ਦੇ ਸਿਆਸੀ ਸਕੱਤਰ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਤੇ ਓਮ ਪ੍ਰਕਾਸ਼ ਤਾਂਗੜੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
Total Responses : 928