ਚੰਡੀਗੜ੍ਹ, 17 ਜਨਵਰੀ 2020 - ਪੱਤਰਕਾਰ ਪਰਮਿੰਦਰ ਸਿੰਘ ਬਰਿਆਣਾ ਖਿਲਾਫ ਅੱਜ ਪੰਜਾਬ ਵਿਧਾਨ ਸਭਾ 'ਚ ਕਾਰਵਾਈ ਦੀ ਸਿਫਾਰਿਸ਼ ਕੀਤੀ ਗਈ ਅਤੇ ਜਿਸ ਦੇ ਚਲਦਿਆਂ ਸਦਨ 'ਚ ਹੰਗਾਮਾ ਹੋਇਆ। ਬਰਿਆਣਾ 'ਤੇ ਪੰਜਾਬ ਵਿਧਾਨ ਸਭਾ ਦੀ ਮਰਿਆਦਾ ਦੀ ਉਲੰਘਣਾ ਦੇ ਇਲਜ਼ਾਮ ਲਾਏ ਗਏ ਹਨ। ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਵੱਲੋਂ ਰਿਪੋਰਟ ਪੇਸ਼ ਕੀਤੀ ਗਈ ਹੈ। ਜਿਸ 'ਚ ਬਰਿਆਣਾ ਖਿਲਾਫ ਐਫ.ਆਈ.ਆਰ ਦਰਜ ਕਰਨ ਅਤੇ ਉਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਗਈ ਹੈ।
ਬਰਿਆਣਾ ਵੱਲੋਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨਾਲ ਇੱਕ ਟੀ ਵੀ ਇੰਟਰਵਿਊ ਕੀਤੀ ਗਈ ਸੀ ਜਿਸ 'ਤੇ ਇਤਰਾਜ਼ ਜਤਾਉਂਦਿਆਂ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਵੱਲੋਂ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਸ਼ਿਕਾਇਤ ਕੀਤੀ ਗਈ ਸੀ ਤੇ ਅੱਜ ਸ਼ੁੱਕਰਵਾਰ ਨੂੰ ਇਸੇ ਸਬੰਧ 'ਚ ਵਿਧਾਨ ਸਭਾ 'ਚ ਰਿਪੋਰਟ ਪੇਸ਼ ਕੀਤੀ ਗਈ।
ਜਿਵੇਂ ਹੀ ਸਦਨ ਅੰਦਰ ਇਹ ਰਿਪੋਰਟ ਪੇਸ਼ ਕੀਤੀ ਗਈ, ਉਵੇਂ ਹੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਵੱਲੋਂ ਸਦਨ 'ਚ ਨਾਅਰੇਬਾਜ਼ੀ ਕੀਤੀ ਗਈ ਅਤੇ ਹੰਗਾਮਾ ਕਰਦਿਆਂ ਤਿੰਨਾਂ ਪਾਰਟੀਆਂ ਵੱਲੋਂ ਸਦਨ ਦਾ ਵਾਕ ਆਊਟ ਕੀਤਾ ਗਿਆ। ਵਿਰੋਧੀ ਧਿਰਾਂ ਦਾ ਕਹਿਣਾ ਹੈ ਸਰਕਾਰ ਪ੍ਰੈੱਸ ਦੀ ਅਵਾਜ਼ ਦਬਾਉਣਾ ਚਾਹੁੰਦੀ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਸਦਨ ਦਾ ਵਾਕਆਊਟ ਕੀਤਾ ਗਿਆ। ਚੇਤੇ ਰਹੇ ਕਿ ਬਰਿਆਣਾ ਸਰਕਾਰੀ ਅਧਿਆਪਕ ਹਨ ਤੇ ਉਹ ਨਾਲੋ ਨਾਲ ਪੱਤਰਕਾਰੀ ਵੀ ਕਰਦੇ ਰਹੇ ਹਨ।