ਜਗਦੀਸ਼ ਥਿੰਦ
ਫਾਜ਼ਿਲਕਾ, 21 ਜਨਵਰੀ-
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਸ੍ਰੀ ਮਨਜੀਤ ਸਿੰਘ ਰਾਏ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਘੱਟ ਗਿਣਤੀਆਂ ਲਈ ਦੇਸ਼ ਦੇ ਪ੍ਰਧਾਨਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਲਾਗੂ ਕੀਤੇ 15 ਨੁਕਾਤੀ ਪ੍ਰੋਗਰਾਮ ਸਬੰਧੀ ਅਹਿਮ ਮੀਟਿੰਗ ਕੀਤੀ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੰੂ ਘੱਟ ਗਿਣਤੀ ਭਾਈਚਾਰਿਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਪਹੰੁਚਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਲਈ ਘੱਟ ਗਿਣਤੀ ਵਰਗ ਦੇ ਲੋਕਾਂ ਨੰੂ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਕਿ ਵੀ ਲੋੜਵੰਦ ਵਿਅਕਤੀ ਲਾਭ ਲੈਣ ਤੋਂ ਰਹਿ ਨਾ ਜਾਵੇ।
ਸ: ਮਨਜੀਤ ਸਿੰਘ ਰਾਏ ਨੇ ਕਿਹਾ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦਾ ਲਾਭ ਹਰ ਇਕ ਯੋਗ ਗਰਭਵਤੀ ਔਰਤ ਨੂੰ ਦਿੱਤਾ ਜਾਵੇ ਅਤੇ ਆਂਗਣਵਾੜੀਆਂ ਵਿਚ ਬੱਚਿਆਂ ਦੀ ਸਿਹਤ ਸੰਭਾਲ ਤੇ ਵਿਸੇਸ਼ ਤਵੱਜੋਂ ਦਿੱਤੀ ਜਾਵੇ। ਉਨ੍ਹਾਂ ਨੌਜਵਾਨਾਂ ਨੂੰ ਰੋਜਗਾਰ ਮੁੱਖੀ ਸਿਖਲਾਈ ਦੇ ਕੇ ਵੱਧ ਤੋਂ ਵੱਧ ਸਵੈ ਰੁਜਗਾਰ ਨਾਲ ਜੋੜਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੰੂ ਹਦਾਇਤ ਕੀਤੀ। ਉਨ੍ਹਾਂ ਜ਼ਿਲ੍ਹਾ ਲੀਡ ਬੈਂਕ ਮੈਨੇਜ਼ਰ ਨੰੂ ਸਵੈ ਰੋਜਗਾਰ ਦੇ ਮੰਤਵ ਨਾਲ ਵੱਖ-ਵੱਖ ਬੈਂਕਾਂ ਅੰਦਰ ਕਰਜ਼ਾ ਲੈਣ ਲਈ ਪ੍ਰਾਪਤ ਹੋਈਆਂ ਅਰਜ਼ੀਆਂ ਦਾ ਸਮੇਂ ਨਾਲ ਨਿਪਟਾਰਾ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਲਈ ਸਰਕਾਰ ਵੱਲੋਂ ਜਾਰੀ ਹੋਣ ਵਾਲੀਆਂ ਗਰਾਂਟਾਂ ਪਹਿਲ ਦੇ ਆਧਾਰ ਤੇ ਜਾਰੀ ਕਰਵਾਈਆਂ ਜਾਣਗੀਆਂ। ਉਨ੍ਹਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਘੱਟ ਗਿਣਤੀ ਨਾਲ ਸਬੰਧਤ ਵਿਦਿਆਰਥੀਆਂ ਨੰੂ ਮਿਲਣ ਵਾਲੇ ਵਜ਼ੀਫੇ ਵੀ ਸਮੇਂ ਸਿਰ ਮੁਹੱਈਆ ਕਰਵਾਏ ਜਾਣ।
ਉਨ੍ਹਾਂ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੰੂ ਕਿ ਸੋਸ਼ਲ ਮੀਡੀਆਂ ’ਤੇੇ ਫੈਲਦੀਆਂ ਫਿਰਕੂ ਸਾਂਤੀ ਭੰਗ ਕਰਨ ਵਾਲੀਆਂ ਅਫਵਾਹਾਂ ਦੀ ਪੂਰੀ ਨਿਗਰਾਨੀ ਕਰਨ ਦੀ ਅਪੀਲ ਵੀ ਕੀਤੀ ਕਿਉਂਕਿ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ਰਾਹੀਂ ਗਲਤ ਅਫਵਾਹਾ ਫੈਲਾ ਕੇ ਸਮਾਜ ਦੀ ਸਾਂਤੀ ਭੰਗ ਕਰ ਦਿੰਦੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਮਨਪ੍ਰੀਤ ਸਿੰਘ ਛੱਤਵਾਲ ਨੇ ਸ੍ਰੀ ਰਾਏ ਨੰੂ ਘੱਟ ਗਿਣਤੀ ਕਮਿਸ਼ਨ ਵੱਲੋਂ ਉਲੀਕੀਆਂ ਭਲਾਈ ਯੋਜਨਾਵਾਂ ਨੰੂ ਜ਼ਿਲ੍ਹੇ ਅੰਦਰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਹਰੇਕ ਯੋਗ ਕਾਰਵਾਈ ਨੰੂ ਪਹਿਲਕਦਮੀ ਨਾਲ ਨੇਪਰੇ ਚੜਾਇਆ ਜਾਵੇਗਾ।
ਇਸ ਮੌਕੇ ਐਸ.ਐਸ.ਪੀ. ਭੁਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਲ ਰਾਮ, ਐਸ.ਡੀ.ਐਮ ਫਾਜ਼ਿਲਕਾ ਸੁਭਾਸ਼ ਖੱਟਕ, ਸੈਕਟਰੀ ਜਿਲ੍ਹਾ ਪ੍ਰੀਸ਼ਦ ਰਣਜੀਤ ਸਿੰਘ, ਕਾਰਜ਼ ਸਾਧਕ ਅਫ਼ਸਰ ਫਾਜ਼ਿਲਕਾ ਰਜ਼ਨੀਸ ਕੁਮਾਰ, ਜ਼ਿਲ੍ਹਾ ਭਲਾਈ ਅਫਸਰ ਬਰਿੰਦਰ ਸਿੰਘ, ਡਿਪਟੀ ਡੀ.ਈ.ਓ ਪ੍ਰਦੀਪ ਖਣਗਵਾਲ ਅਤੇ ਹੋਰ ਵੱਖ ਵੱਖ ਵਿਭਾਗੀ ਅਧਿਕਾਰੀ ਹਾਜ਼ਰ ਸਨ।